ਮੋਗਾ/ਚੰਡੀਗੜ੍ਹ : ਮੋਗਾ ਜ਼ਿਲ੍ਹੇ ਦੇ ਪਿੰਡ ਪੱਤੋ ਹੀਰਾ ਸਿੰਘ ‘ਚ ਦਿਨ-ਦਿਹਾੜੇ ਸਰਪੰਚ ਹਰਵਿੰਦਰ ਸਿੰਘ ਹੈਪੀ ਦੇ ਬੇਰਹਿਮੀ ਨਾਲ ਕੀਤੇ ਕਤਲ ਨੇ ਸੂਬੇ ਦੀ ਸਿਆਸਤ ‘ਚ ਹਲਚਲ ਮਚਾ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਇਸ ਘਟਨਾ ਨੂੰ ਲੈ ਕੇ ਸੂਬਾ ਸਰਕਾਰ ਅਤੇ ਪੁਲਸ ਪ੍ਰਸ਼ਾਸਨ ‘ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਮਜੀਠੀਆ ਵੱਲੋਂ ਸਾਂਝੀ ਕੀਤੀ ਗਈ ਇੱਕ ਵੀਡੀਓ ਦੇ ਹਵਾਲੇ ਨਾਲ ਦੱਸਿਆ ਗਿਆ ਹੈ ਕਿ ਇੱਕ ਔਰਤ ਸਿੱਧੇ ਤੌਰ ‘ਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਅਤੇ ਉਨ੍ਹਾਂ ਦੇ ਖਾਸਮ-ਖਾਸ ਵਿਅਕਤੀਆਂ ਦਾ ਨਾਂ ਇਸ ਕਤਲ ‘ਚ ਸ਼ਾਮਲ ਹੋਣ ਵਜੋਂ ਲੈ ਰਹੀ ਹੈ।
ਮਜੀਠੀਆ ਨੇ ਖ਼ੁਲਾਸਾ ਕੀਤਾ ਕਿ ਸੈਂਟਰਲ ਏਜੰਸੀਆਂ ਨੇ ਇਸ ਹਮਲੇ ਬਾਰੇ ਪਹਿਲਾਂ ਹੀ ਜਾਣਕਾਰੀ ਦਿੱਤੀ ਸੀ ਪਰ ਇਸ ਦੇ ਬਾਵਜੂਦ ਸਰਪੰਚ ਨੂੰ ਲੋੜੀਂਦੀ ਸੁਰੱਖਿਆ ਮੁਹੱਈਆ ਨਹੀਂ ਕਰਵਾਈ ਗਈ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਐਡਹਾਕ ਡੀ. ਜੀ. ਪੀ. ਨੂੰ ਸਵਾਲ ਕਰਦਿਆਂ ਪੁੱਛਿਆ ਕਿ ਕੀ ਹੁਣ ਸੱਤਾਧਾਰੀ ਪਾਰਟੀ ਦੇ ਵਿਧਾਇਕ ‘ਤੇ ਕੋਈ ਕਾਰਵਾਈ ਕੀਤੀ ਜਾਵੇਗੀ?
ਮਜੀਠੀਆ ਨੇ ਸੂਬੇ ਦੀ ਕਾਨੂੰਨ ਵਿਵਸਥਾ ‘ਤੇ ਸਵਾਲ ਚੁੱਕਦਿਆਂ ਪੁੱਛਿਆ ਕਿ ਕੀ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਇੱਕ ਆਮ ਨਾਗਰਿਕ ਲਈ ਕਾਨੂੰਨ ਦੇ ਪੈਮਾਨੇ ਵੱਖ-ਵੱਖ ਹਨ?

