ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਦੀ ਮੰਗ; ਜਥੇਦਾਰ ਗੜਗੱਜ ਨੇ ਸਮਾਣਾ ਮੋਰਚੇ ‘ਚ ਭਰੀ ਹਾਮੀ

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਪਟਿਆਲਾ ਜ਼ਿਲ੍ਹੇ ਦੇ ਸਮਾਣਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਠੱਲ੍ਹਣ ਲਈ ਸਖ਼ਤ ਕਾਨੂੰਨ ਦੀ ਮੰਗ ਨੂੰ ਲੈ ਕੇ ਲਗਾਏ ਗਏ ਮੋਰਚੇ ਵਿੱਚ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਮੋਰਚੇ ਦੀ ਚੜ੍ਹਦੀ ਕਲਾ ਲਈ ਅਰਦਾਸ ਵੀ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਜਾਗਤ ਜੋਤ ਗੁਰੂ ਹਨ, ਇਸ ਲਈ ਹਰ ਸਿੱਖ ਦੀ ਗੁਰੂ ਸਾਹਿਬ ਜੀ ਪ੍ਰਤੀ ਭਾਵਨਾ ਤੇ ਸ਼ਰਧਾ ਬਹੁਤ ਡੂੰਘੀ ਹੈ। ਉਨ੍ਹਾਂ ਸਮਾਣਾ ਵਿੱਚ ਮੋਰਚਾ ਲਗਾਈ ਬੈਠੇ ਭਾਈ ਗੁਰਜੀਤ ਸਿੰਘ ਦੀ ਮੰਗ ਦਾ ਸਮਰਥਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਲਈ ਵਿਸ਼ੇਸ਼ ਕਾਨੂੰਨ ਹੋਣਾ ਚਾਹੀਦਾ ਹੈ ਅਤੇ ਬੇਅਦਬੀ ਦੇ ਦੋਸ਼ੀ ਵਿਅਕਤੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਅੰਦਰ ਬੇਅਦਬੀਆਂ ਦੇ ਮਾਮਲੇ ਨਹੀਂ ਰੁਕ ਰਹੇ, ਇਸ ਲਈ ਦੋ ਕਾਰਜ ਬਹੁਤ ਜ਼ਰੂਰੀ ਹਨ। ਇੱਕ ਪੰਥਕ ਤੌਰ ਉੱਤੇ ਗੁਰੂ ਘਰਾਂ ਅੰਦਰ ਹਰ ਸਮੇਂ ਪਹਿਰੇਦਾਰੀ ਦਾ ਪ੍ਰਬੰਧ ਅਤੇ ਦੂਜਾ ਬੇਅਦਬੀਆਂ ਠੱਲ੍ਹਣ ਲਈ ਵਿਸ਼ੇਸ਼ ਕਾਨੂੰਨ। ਸਰਕਾਰ ਨੇ ਮੋਰਚੇ ਕੋਲੋਂ 6 ਮਹੀਨੇ ਦਾ ਸਮਾਂ ਮੰਗਿਆ ਸੀ ਕਿ ਇਸ ਸਬੰਧ ਸਖ਼ਤ ਕਾਨੂੰਨ ਬਣੇਗਾ ਪਰੰਤੂ ਲਗਭਗ ਅੱਠ ਮਹੀਨੇ ਲੰਘ ਚੁੱਕੇ ਹਨ ਹਾਲੇ ਤੀਕ ਕੁਝ ਨਹੀਂ ਕੀਤਾ ਗਿਆ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਈ ਗੁਰਜੀਤ ਸਿੰਘ ਦੀ ਮੰਗ ਦਾ ਸਮਰਥਨ ਕੀਤਾ ਅਤੇ ਕਿਹਾ ਕਿ ਇਹ ਹਰ ਸਿੱਖ ਦੀ ਮੰਗ ਹੈ। ਉਨ੍ਹਾਂ ਕਿਹਾ ਕਿ ਸਾਲ 2022 ਵਿੱਚ ਜਦੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਚੱਲਦੇ ਰਹਿਰਾਸ ਸਾਹਿਬ ਦੇ ਪਾਠ ਦੌਰਾਨ ਇੱਕ ਵਿਅਕਤੀ ਨੇ ਜੰਗਲਾ ਟੱਪ ਕੇ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਤਾਂ ਬਾਅਦ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਰਕਾਰ ਪਾਸੋਂ ਉਸ ਦਾ ਡੀ. ਐੱਨ. ਏ ਜਾਂਚ ਕਰਵਾਉਣ ਦੀ ਮੰਗ ਕੀਤੀ ਤਾਂ ਜੋ ਉਸ ਬੰਦੇ ਬਾਰੇ ਕੁਝ ਪਤਾ ਲੱਗਦਾ। ਪਰੰਤੂ ਅੱਜ 2026 ਤੱਕ ਕੋਈ ਵੀ ਸਰਕਾਰ ਇਹ ਨਹੀਂ ਦੱਸ ਸਕੀ ਕਿ ਉਹ ਜੰਗਲਾ ਟੱਪਣ ਵਾਲੇ ਬੰਦਾ ਕੌਣ ਸੀ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਅਜਿਹੇ ਮਾਮਲਿਆਂ ਨੂੰ ਗੰਭੀਰਤਾ ਨਾਲ ਲਵੇ ਤਾਂ ਬੇਅਦਬੀਆਂ ਦੇ ਮਾਮਲੇ ਰੁਕਣਗੇ।

ਭਾਈ ਗੁਰਜੀਤ ਸਿੰਘ ਦੀ ਵਿਗੜੀ ਸਿਹਤ ਬਾਰੇ ਗੱਲ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸੂਬੇ ਦੇ ਹਰ ਨਾਗਰਿਕ ਦੀ ਸਿਹਤ ਦੀ ਜ਼ਿੰਮੇਵਾਰੀ ਸਰਕਾਰ ਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਹੁਣ ਜਦੋਂ ਵਿਧਾਨ ਸਭਾ ਦਾ ਸੈਸ਼ਨ ਚੱਲ ਰਿਹਾ ਹੈ ਤਾਂ ਉਹ ਭਾਈ ਗੁਰਜੀਤ ਸਿੰਘ ਦੀ ਮੰਗ ਉੱਤੇ ਮਤਾ ਪਾਸ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਰੋਕਣ ਲਈ ਵਿਸ਼ੇਸ਼ ਕਾਨੂੰਨ ਪਾਸ ਕਰੇ। ਇੱਕ ਸਵਾਲ ਦੇ ਜਵਾਬ ਵਿੱਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਹਰ ਧਰਮ ਗ੍ਰੰਥ ਪੂਰਨ ਸਤਿਕਾਰਯੋਗ ਹਨ, ਜੇਕਰ ਉਨ੍ਹਾਂ ਦੀਆਂ ਬੇਅਦਬੀਆਂ ਰੋਕਣ ਲਈ ਕੋਈ ਕਾਨੂੰਨ ਬਣਦਾ ਹੈ ਤਾਂ ਇਹ ਚੰਗੀ ਗੱਲ ਹੈ ਪਰੰਤੂ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਲਈ ਵਿਸ਼ੇਸ਼ ਕਾਨੂੰਨ ਪਾਸ ਹੋਣਾ ਚਾਹੀਦਾ ਹੈ।

By Gurpreet Singh

Leave a Reply

Your email address will not be published. Required fields are marked *