ਗੁਰਪ੍ਰੀਤ ਸਿੰਘ :- ਮਾਨਸਾ ਜ਼ਿਲ੍ਹੇ ਦੇ ਕਸਬਾ ਬੋਹਾ ਵਿੱਚ ਸਵੇਰੇ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਡਿਊਟੀ ‘ਤੇ ਜਾ ਰਹੇ PEPSU Road Transport Corporation ਦੇ ਡਰਾਈਵਰ ਨੂੰ ਇੱਕ ਤੇਜ਼ ਰਫ਼ਤਾਰ ਕਾਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ।
ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਦਵਿੰਦਰ ਸਿੰਘ ਵਜੋਂ ਹੋਈ ਹੈ, ਜੋ ਸਵੇਰੇ ਕਰੀਬ ਪੌਣੇ ਚਾਰ ਵਜੇ ਆਪਣੀ ਸਕੂਟਰੀ ‘ਤੇ ਡਿਊਟੀ ਲਈ ਜਾ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਬੱਸ ਚੰਡੀਗੜ੍ਹ ਲਈ ਰਵਾਨਾ ਹੋਣੀ ਸੀ। ਇਸ ਦੌਰਾਨ ਇੱਕ ਤੇਜ਼ ਰਫ਼ਤਾਰ ਸਵਿਫਟ ਕਾਰ ਨੇ ਉਨ੍ਹਾਂ ਦੀ ਸਕੂਟਰੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।
ਟੱਕਰ ਇੰਨੀ ਭਿਆਨਕ ਸੀ ਕਿ ਦਵਿੰਦਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਟੱਕਰ ਮਾਰਨ ਤੋਂ ਬਾਅਦ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਇੱਕ ਦੁਕਾਨ ਵਿੱਚ ਜਾ ਵੜੀ। ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਏ।
ਪੀਆਰਟੀਸੀ ਕਰਮਚਾਰੀਆਂ ਰਮਨਦੀਪ ਸਿੰਘ ਅਤੇ ਸਤਪਾਲ ਸਿੰਘ ਨੇ ਦੱਸਿਆ ਕਿ ਦਵਿੰਦਰ ਸਿੰਘ ਸਵੇਰੇ ਡਿਊਟੀ ‘ਤੇ ਆ ਰਹੇ ਸਨ ਜਦੋਂ ਇਹ ਹਾਦਸਾ ਵਾਪਰਿਆ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਦੇ ਪਰਿਵਾਰ ਦੀ ਆਰਥਿਕ ਮਦਦ ਕੀਤੀ ਜਾਵੇ ਅਤੇ ਉਸਦੀ ਪਤਨੀ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।
ਪ੍ਰਤੱਖਦਰਸ਼ੀ ਵਿੱਕੀ ਮੁਤਾਬਕ ਸਵੇਰੇ ਕਰੀਬ ਪੌਣੇ ਚਾਰ ਵਜੇ ਇੱਕ ਜ਼ੋਰਦਾਰ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ। ਜਦੋਂ ਉਹ ਬਾਹਰ ਆਏ ਤਾਂ ਦੇਖਿਆ ਕਿ ਇੱਕ ਕਾਰ ਦੁਕਾਨ ਵਿੱਚ ਵੜੀ ਹੋਈ ਸੀ ਅਤੇ ਕਾਰ ਸਵਾਰ ਲੋਕ ਮੌਕੇ ਤੋਂ ਭੱਜ ਰਹੇ ਸਨ।
ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਫਰਾਰ ਕਾਰ ਚਾਲਕਾਂ ਦੀ ਤਲਾਸ਼ ਕੀਤੀ ਜਾ ਰਹੀ ਹੈ।
