ਗੁਰਪ੍ਰੀਤ ਸਿੰਘ :- ‘ਆਪ’ ਸਰਕਾਰ ਦੇ ਕਾਰਜਕਾਲ ਦੌਰਾਨ ਸੂਬੇ ਵਿਚ ਜੰਗਲ ਰਾਜ ਚੱਲ ਰਿਹਾ ਹੈ, ਜਿਸ ’ਤੇ ਚਲਦਿਆਂ ਸ਼ਰੇਆਮ ਹੀ ਗੈਂਗਸਟਰਾਂ ਦੀਆਂ ਧਮਕੀਆਂ ਹਰ ਵਰਗ ਦੇ ਲੋਕਾਂ ਨੂੰ ਆ ਰਹੀਆਂ ਹਨ ਅਤੇ ਨਾਲ ਹੀ ਫਿਰੌਤੀਆਂ ਵੀ ਲਈਆਂ ਜਾ ਰਹੀਆਂ ਹਨ, ਜਿਸ ਕਰਕੇ ਪੰਜਾਬ ਦੇ ਲੋਕ ਆਪਣੇ-ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਨੇ ਬਟਾਲਾ ਵਿਖੇ ਗੱਲਬਾਤ ਕਰਦਿਆਂ ਕੀਤਾ।
ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਵਿਧਾਨ ਸਭਾ ਹਲਕਾ ਬਟਾਲਾ ਤੋਂ ਕਾਂਗਰਸ ਪਾਰਟੀ ਦੇ ਨੌਜਵਾਨ ਨੁਮਾਇੰਦੇ ਐਡਵੋਕੇਟ ਅਮਨਦੀਪ ਜੈਂਤੀਪੁਰ ਨਾਲ ਬਟਾਲਾ ਵਿਖੇ ਯੂ.ਪੀ.ਐੱਸ.ਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਅਸੀਮ ਮਹਾਜਨ ਦੇ ਗ੍ਰਹਿ ਵਿਖੇ ਉਨ੍ਹਾਂ ਨੂੰ ਸਨਮਾਨਿਤ ਕਰਨ ਦੇ ਲਈ ਪਹੁੰਚੇ ਸਨ। ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਆਪ ਸਰਕਾਰ ਹਰ ਫਰੰਟ ਤੇ ਬੁਰੀ ਤਰ੍ਹਾਂ ਦੇ ਨਾਲ ਫੇਲ ਸਾਬਿਤ ਹੋ ਚੁੱਕੀ ਹੈ, ਕਿਉਂਕਿ ਗੈਂਗਸਟਰਵਾਦ ਸੂਬੇ ਵਿੱਚ ਬਹੁਤ ਜ਼ਿਆਦਾ ਭਾਰੀ ਹੁੰਦਾ ਦਿਖਾਈ ਦੇ ਰਿਹਾ ਹੈ, ਜਿਸ ਕਰ ਕੇ ਲੋਕਾਂ ਦੇ ਮਨਾਂ ਅੰਦਰ ਡਰ ਅਤੇ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਇਸ ਮੌਕੇ ਸਾਂਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੇ ਪੁੱਤਰ ਉਦੇਵੀਰ ਸਿੰਘ ਰੰਧਾਵਾ, ਕੌਂਸਲਰ ਸੁਖਦੇਵ ਸਿੰਘ ਬਾਜਵਾ, ਕੌਂਸਲਰ ਹਰਿੰਦਰ ਸਿੰਘ, ਕੌਂਸਲਰ ਅਨਿਲ ਕੁਮਾਰ ਬੱਬੀ ਸੇਖੜੀ, ਯੂਥ ਆਗੂ ਰੂਬਲ ਸ਼ੇਰ-ਏ-ਪੰਜਾਬ ਤੇ ਹੋਰ ਵੀ ਨੌਜਵਾਨ ਹਾਜ਼ਰ ਸਨ।
