ਚੰਡੀਗੜ੍ਹ ਸੈਕਟਰ-9 ਕਤਲ ਮਾਮਲੇ ਨੂੰ ਲੈ ਕੇ ਰਾਜਪਾਲ ਸਖ਼ਤ, ਚੰਡੀਗੜ੍ਹ ਪੁਲਿਸ ਅਧਿਕਾਰੀਆਂ ਨੂੰ ਕੀਤਾ ਤਲਬ

ਗੁਰਪ੍ਰੀਤ ਸਿੰਘ :- ਸੈਕਟਰ-9 ‘ਚ ਬੀਤੇ ਦਿਨ ਵਾਪਰੇ ਕਤਲ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਸਖ਼ਤ ਰੁਖ ਅਪਣਾਇਆ ਹੈ। ਉਨ੍ਹਾਂ ਨੇ ਇਸ ਮਾਮਲੇ ਸੰਬੰਧੀ ਚੰਡੀਗੜ੍ਹ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੂੰ ਤਲਬ ਕਰਕੇ ਤੁਰੰਤ ਵਿਸਥਾਰਪੂਰਵਕ ਰਿਪੋਰਟ ਪੇਸ਼ ਕਰਨ ਦੇ ਹੁਕਮ ਜਾਰੀ ਕੀਤੇ ਹਨ।

ਰਾਜਪਾਲ ਨੇ ਪੁਲਿਸ ਪ੍ਰਬੰਧਾਂ ’ਤੇ ਨਾਰਾਜ਼ਗੀ ਜਤਾਉਂਦਿਆਂ ਕਿਹਾ ਕਿ ਸ਼ਹਿਰ ਵਿਚ ਕਾਨੂੰਨ-ਵਿਵਸਥਾ ਬਣਾਈ ਰੱਖਣਾ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ ਅਤੇ ਇਸ ਕਿਸਮ ਦੀਆਂ ਘਟਨਾਵਾਂ ਕਿਸੇ ਵੀ ਹਾਲਤ ‘ਚ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਉਨ੍ਹਾਂ ਨੇ ਦੋਸ਼ੀਆਂ ਦੀ ਜਲਦ ਗ੍ਰਿਫ਼ਤਾਰੀ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ।

ਵੀ. ਆਈ. ਪੀ. ਮੰਨੇ ਜਾਂਦੇ ਸੈਕਟਰ-9 ‘ਚ ਹੋਈ ਇਸ ਗੋਲੀਬਾਰੀ ਦੀ ਘਟਨਾ ਨੇ ਸੁਰੱਖਿਆ ਪ੍ਰਬੰਧਾਂ ’ਤੇ ਸਵਾਲ ਖੜੇ ਕਰ ਦਿੱਤੇ ਹਨ। ਘਟਨਾ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਲੋਕਾਂ ਵਲੋਂ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਜਾ ਰਹੀ ਹੈ। ਚੰਡੀਗੜ੍ਹ ਪੁਲਿਸ ਨੇ ਭਰੋਸਾ ਦਿਵਾਇਆ ਹੈ ਕਿ ਮਾਮਲੇ ਦੀ ਜਾਂਚ ਤੇਜ਼ੀ ਨਾਲ ਜਾਰੀ ਹੈ ਅਤੇ ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ। ਇਸ ਦੇ ਨਾਲ ਹੀ ਸ਼ਹਿਰ ਦੇ ਸੰਵੇਦਨਸ਼ੀਲ ਇਲਾਕਿਆਂ ‘ਚ ਪੁਲਿਸ ਗਸ਼ਤ ਵੀ ਵਧਾ ਦਿੱਤੀ ਗਈ ਹੈ।

ਜਾਣਕਾਰੀ ਅਨੁਸਾਰ ਰਾਜਪਾਲ ਵਲੋਂ ਆਉਣ ਵਾਲੇ ਦਿਨਾਂ ਵਿਚ ਕਾਨੂੰਨ-ਵਿਵਸਥਾ ਦੀ ਸਥਿਤੀ ਦਾ ਮੁਲਾਂਕਣ ਕਰਨ ਲਈ ਇਕ ਉੱਚ ਪੱਧਰੀ ਮੀਟਿੰਗ ਵੀ ਬੁਲਾਈ ਜਾ ਸਕਦੀ ਹੈ।

By Gurpreet Singh

Leave a Reply

Your email address will not be published. Required fields are marked *