ਲੋਕ ਸਭਾ ‘ਚ ਉੱਠਿਆ DM ਰੰਧਾਵਾ ਖੁਦਕੁਸ਼ੀ ਮਾਮਲਾ, ਅਮਿਤ ਸ਼ਾਹ ਨੇ CBI ਜਾਂਚ ਦਾ ਕੀਤਾ ਵਾਅਦਾ

ਗੁਰਪ੍ਰੀਤ ਸਿੰਘ :- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੋਮਵਾਰ ਨੂੰ ਲੋਕ ਸਭਾ ਵਿੱਚ ਐਲਾਨ ਕੀਤਾ ਹੈ ਕਿ ਜੇਕਰ ਪੰਜਾਬ ਦੇ ਸੰਸਦ ਮੈਂਬਰ ਲਿਖਤੀ ਰੂਪ ਵਿੱਚ ਮੰਗ ਕਰਨ ਤਾਂ ਉਹ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਅਧਿਕਾਰੀ ਦੀ ਖੁਦਕੁਸ਼ੀ ਮਾਮਲੇ ਦੀ ਸੀ.ਬੀ.ਆਈ. (CBI) ਜਾਂਚ ਕਰਵਾਉਣ ਲਈ ਤਿਆਰ ਹਨ। ਸਦਨ ਵਿੱਚ ‘ਸਿਫ਼ਰ ਕਾਲ’ ਦੌਰਾਨ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਇਸ ਮੁੱਦੇ ਨੂੰ ਬਹੁਤ ਗੰਭੀਰ ਦੱਸਦਿਆਂ ਚੁੱਕਿਆ। ਔਜਲਾ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਦੇ ਇੱਕ ਮੰਤਰੀ ਦੀ ਕਥਿਤ ਧਮਕੀ ਕਾਰਨ ਅਧਿਕਾਰੀ ਨੂੰ ਖੁਦਕੁਸ਼ੀ ਵਰਗਾ ਕਦਮ ਚੁੱਕਣਾ ਪਿਆ ਅਤੇ ਉਨ੍ਹਾਂ ਨੇ ਇਸ ਦੀ ਜਾਂਚ ਰਾਸ਼ਟਰੀ ਜਾਂਚ ਏਜੰਸੀ (NIA) ਤੋਂ ਕਰਵਾਉਣ ਦੀ ਮੰਗ ਕੀਤੀ। ਇਸ ਦੇ ਜਵਾਬ ਵਿੱਚ ਅਮਿਤ ਸ਼ਾਹ ਨੇ ਕਿਹਾ, “ਇਹ ਪੰਜਾਬ ਦਾ ਮਾਮਲਾ ਹੈ। ਜੇਕਰ ਪੰਜਾਬ ਦੇ ਸੰਸਦ ਮੈਂਬਰ ਮੈਨੂੰ ਲਿਖ ਕੇ ਦੇਣ ਤਾਂ ਮੈਂ ਤੁਰੰਤ ਸੀ.ਬੀ.ਆਈ. ਜਾਂਚ ਦਾ ਆਦੇਸ਼ ਦੇ ਦਵਾਂਗਾ”।

ਕੀ ਹੈ ਪੂਰਾ ਮਾਮਲਾ?

ਅੰਮ੍ਰਿਤਸਰ ਵਿੱਚ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਨੇ ਬੀਤੇ ਸ਼ਨੀਵਾਰ ਤੜਕੇ ਜ਼ਹਿਰ ਖਾ ਕੇ ਖੁਦਕੁਸ਼ੀ ਕਰ ਲਈ ਸੀ। ਘਟਨਾ ਤੋਂ ਬਾਅਦ ਇੱਕ ਵੀਡੀਓ ਸਾਹਮਣੇ ਆਈ ਸੀ, ਜਿਸ ਵਿੱਚ ਉਨ੍ਹਾਂ ਨੇ ਪੰਜਾਬ ਦੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਉੱਤੇ ਕਥਿਤ ਤੌਰ ‘ਤੇ ਪ੍ਰੇਸ਼ਾਨ ਕਰਨ ਦੇ ਇਲਜ਼ਾਮ ਲਗਾਏ ਸਨ। ਇਸ ਵਿਵਾਦ ਦੇ ਵਧਣ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਲਾਲਜੀਤ ਸਿੰਘ ਭੁੱਲਰ ਨੂੰ ਮੰਤਰੀ ਅਹੁਦੇ ਤੋਂ ਅਸਤੀਫਾ ਦੇਣਾ ਪਿਆ।

ਪੁਲਸ ਨੇ ਇਸ ਮਾਮਲੇ ਵਿੱਚ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ, ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਅਤੇ ਨਿੱਜੀ ਸਹਾਇਕ ਦਿਲਬਾਗ ਸਿੰਘ ਵਿਰੁੱਧ ਭਾਰਤੀ ਨਿਆ ਸੰਹਿਤਾ (BNS) ਦੀ ਧਾਰਾ 108 (ਖੁਦਕੁਸ਼ੀ ਲਈ ਉਕਸਾਉਣਾ), 351(3) (ਅਪਰਾਧਿਕ ਧਮਕੀ) ਅਤੇ 3(5) ਤਹਿਤ ਮਾਮਲਾ ਦਰਜ ਕੀਤਾ ਹੈ।

ਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਵਿਰੋਧੀ ਪਾਰਟੀਆਂ ਇਸ ਮੁੱਦੇ ‘ਤੇ ਇੱਕਜੁੱਟ ਹਨ। ਉਨ੍ਹਾਂ ਨੇ ਸਾਰੇ ਸੰਸਦ ਮੈਂਬਰਾਂ ਨੂੰ ਅਪੀਲ ਕੀਤੀ ਕਿ ਗ੍ਰਹਿ ਮੰਤਰੀ ਦੇ ਭਰੋਸੇ ਤੋਂ ਬਾਅਦ ਹੁਣ ਸਾਰਿਆਂ ਨੂੰ ਲਿਖਤੀ ਰੂਪ ਵਿੱਚ ਸੀ.ਬੀ.ਆਈ. ਜਾਂਚ ਦੀ ਮੰਗ ਕਰਨੀ ਚਾਹੀਦੀ ਹੈ।

By Gurpreet Singh

Leave a Reply

Your email address will not be published. Required fields are marked *