ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ’ਚ ਇਨਸਾਫ਼ ਦੀ ਮੰਗ ਨੂੰ ਲੈ ਕੇ ਭਾਜਪਾ ਦਾ ਇਕ ਵਫ਼ਦ ਬੁੱਧਵਾਰ ਨੂੰ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲੇਗਾ ਅਤੇ ਸੀ. ਬੀ. ਆਈ. ਜਾਂਚ ਦੀ ਅਪੀਲ ਕੀਤੀ ਜਾਵੇਗੀ। ਗਗਨਦੀਪ ਸਿੰਘ ਰੰਧਾਵਾ ਦੇ ਸਸਕਾਰ ਮੌਕੇ ਜਾਖੜ ਨੇ ਕਿਹਾ ਕਿ ਸਿਰਫ਼ ਭਾਜਪਾ ਹੀ ਨਹੀਂ, ਸਗੋਂ ਪੂਰਾ ਪੰਜਾਬ ਅੱਜ ਪਰਿਵਾਰ ਨਾਲ ਇਕਜੁੱਟ ਹੋ ਕੇ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਸੀ. ਬੀ. ਆਈ. ਜਾਂਚ ਤੋਂ ਘੱਟ ਪਰਿਵਾਰ ਨੂੰ ਕੁੱਝ ਵੀ ਮਨਜ਼ੂਰ ਨਹੀਂ ਹੈ ਅਤੇ ਇਸ ਸਬੰਧੀ ਪਾਰਟੀ ਪੀੜਤ ਪਰਿਵਾਰ ਦੀ ਇਸ ਮੰਗ ਨਾਲ ਡੱਟ ਕੇ ਖੜ੍ਹੀ ਹੈ।
ਇਸੇ ਲਈ ਪਾਰਟੀ ਦਾ ਵਫ਼ਦ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਇਹ ਮੰਗ ਕਰੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਕੇਸ ‘ਚ ਜਿਸ ਤਰ੍ਹਾਂ ਦੀ ਡਰਾਮੇਬਾਜ਼ੀ ਕਰ ਰਹੀ ਹੈ, ਉਸ ਨੂੰ ਵੇਖ ਕੇ ਸਪੱਸ਼ਟ ਹੈ ਕਿ ਇਸ ਸਰਕਾਰ ਤੋਂ ਨਿਆਂ ਦੀ ਉਮੀਦ ਨਹੀਂ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਮੁੱਖ ਮੰਤਰੀ ਕਹਿ ਰਹੇ ਹਨ ਕਿ ਉਨ੍ਹਾਂ ਨੇ ਮੰਤਰੀ ਤੋਂ ਅਸਤੀਫ਼ਾ ਲਿਆ ਹੈ, ਜਦੋਂ ਕਿ ਲਾਲਜੀਤ ਸਿੰਘ ਭੁੱਲਰ ਕਹਿ ਰਹੇ ਹਨ ਕਿ ਉਨ੍ਹਾਂ ਨੇ ਖ਼ੁਦ ਅਸਤੀਫ਼ਾ ਦਿੱਤਾ ਹੈ।
ਇਸੇ ਤਰ੍ਹਾਂ ਭੁੱਲਰ ਕਹਿ ਰਿਹਾ ਹੈ ਕਿ ਉਸ ਨੇ ਪੁਲਸ ਕੋਲ ਆਤਮ-ਸਮਰਪਣ ਕੀਤਾ ਹੈ, ਜਦੋਂ ਕਿ ਪੁਲਸ ਕਹਿ ਰਹੀ ਹੈ ਕਿ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲਾਲਜੀਤ ਸਿੰਘ ਭੁੱਲਰ ਪੁਲਸ ਹਿਰਾਸਤ ’ਚ ਨਹੀਂ ਆ ਸਕਦਾ ਸੀ, ਜੇ ਇਸ ਸਬੰਧੀ ਕੇਂਦਰੀ ਗ੍ਰਹਿ ਮੰਤਰੀ ਸੀ. ਬੀ. ਆਈ. ਜਾਂਚ ਦੇ ਸੰਕੇਤ ਨਾ ਦਿੰਦੇ। ਇਸ ਲਈ ਇਸ ਕੇਸ ‘ਚ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਸੀ. ਬੀ. ਆਈ. ਜਾਂਚ ਜ਼ਰੂਰੀ ਹੈ।
