ਜੈੱਕ ਨਾਲ ਚੁੱਕਿਆ ਜਾ ਰਿਹਾ ਮਕਾਨ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ

ਗੁਰਪ੍ਰੀਤ ਸਿੰਘ :- ਬਰਨਾਲਾ ਜ਼ਿਲ੍ਹੇ ਦੇ ਪਿੰਡ ਫਰਵਾਹੀ ਵਿੱਚ ਐਤਵਾਰ ਤੜਕੇ ਇੱਕ ਬੇਹੱਦ ਦਰਦਨਾਕ ਹਾਦਸਾ ਵਾਪਰਿਆ। ਜੈੱਕ ਦੀ ਮਦਦ ਨਾਲ ਉੱਚਾ ਚੁੱਕਿਆ ਜਾ ਰਿਹਾ ਇੱਕ ਮਕਾਨ ਅਚਾਨਕ ਤਾਸ਼ ਦੇ ਪੱਤਿਆਂ ਵਾਂਗ ਢਹਿ ਗਿਆ, ਜਿਸ ਦੇ ਮਲਬੇ ਹੇਠ ਦੱਬਣ ਕਾਰਨ ਉੱਥੇ ਕੰਮ ਕਰ ਰਹੇ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ।

ਜਾਣਕਾਰੀ ਅਨੁਸਾਰ ਪਿੰਡ ਦੇ ਨਿਵਾਸੀ ਵਿਸ਼ਾਲ ਦੇ ਮਕਾਨ ਦੀ ਮੁਰੰਮਤ ਦਾ ਕੰਮ ਪਿਛਲੇ ਕੁੱਝ ਦਿਨਾਂ ਤੋਂ ਚੱਲ ਰਿਹਾ ਸੀ। ਐਤਵਾਰ ਸਵੇਰੇ ਕਰੀਬ 4:15 ਵਜੇ ਅਚਾਨਕ ਮਕਾਨ ਡਿੱਗ ਗਿਆ। ਹਾਦਸੇ ਦੀ ਆਵਾਜ਼ ਇੰਨੀ ਤੇਜ਼ ਸੀ ਕਿ ਦੂਰ-ਦੂਰ ਤੱਕ ਸੁਣਾਈ ਦਿੱਤੀ। ਘਟਨਾ ਤੋਂ ਤੁਰੰਤ ਬਾਅਦ ਗੁਰਦੁਆਰਾ ਸਾਹਿਬ ਤੋਂ ਅਨਾਊਂਸਮੈਂਟ ਕਰਕੇ ਪਿੰਡ ਵਾਸੀਆਂ ਨੂੰ ਮਦਦ ਲਈ ਇਕੱਠਾ ਕੀਤਾ ਗਿਆ।

ਪਿੰਡ ਵਾਸੀਆਂ ਅਤੇ ਸਦਰ ਥਾਣਾ ਪੁਲਿਸ ਨੇ ਭਾਰੀ ਮੁਸ਼ੱਕਤ ਤੋਂ ਬਾਅਦ ਮਲਬੇ ਹੇਠ ਦੱਬੇ ਮਜ਼ਦੂਰਾਂ ਨੂੰ ਬਾਹਰ ਕੱਢਿਆ ਅਤੇ ਸਿਵਲ ਹਸਪਤਾਲ ਬਰਨਾਲਾ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਤਿੰਨਾਂ ਨੂੰ ਮ੍ਰਿਤਕ ਐਲਾਨ ਦਿੱਤਾ। 

ਡੀ.ਐਸ.ਪੀ. ਸਤਵੀਰ ਸਿੰਘ ਨੇ ਦੱਸਿਆ ਕਿ ਮਕਾਨ ਦੀ ਮੁਰੰਮਤ ਦਾ ਕੰਮ ਮੋਗਾ ਦੇ ਇੱਕ ਠੇਕੇਦਾਰ ਵੱਲੋਂ ਕਰਵਾਇਆ ਜਾ ਰਿਹਾ ਸੀ। ਸੀਵਰੇਜ ਦਾ ਪਾਣੀ ਵੜਨ ਕਾਰਨ ਮਕਾਨ ਦੀਆਂ ਕੰਧਾਂ ਇੱਕ ਪਾਸੇ ਨੂੰ ਝੁਕ ਗਈਆਂ ਸਨ। ਹਾਦਸੇ ਸਮੇਂ ਮੋਗਾ ਦੇ ਰਹਿਣ ਵਾਲੇ ਤਿੰਨ ਨੌਜਵਾਨ ਬੌਬੀ ਸਿੰਘ, ਪ੍ਰਿੰਸ, ਗੁਰਜੀਤ ਸਿੰਘ ਅੰਦਰ ਸੁੱਤੇ ਹੋਏ ਸਨ। ਪਿੰਡ ਦੇ ਸਰਪੰਚ ਅਨੁਸਾਰ ਪਹਿਲਾਂ ਚਾਰ ਮਜ਼ਦੂਰਾਂ ਦੇ ਦੱਬੇ ਹੋਣ ਦਾ ਖ਼ਦਸ਼ਾ ਸੀ, ਪਰ ਬਾਅਦ ਵਿੱਚ ਪਤਾ ਲੱਗਿਆ ਕਿ ਚੌਥਾ ਮਜ਼ਦੂਰ ਰਾਤ 10 ਵਜੇ ਹੀ ਆਪਣੇ ਘਰ ਚਲਾ ਗਿਆ ਸੀ, ਜਿਸ ਕਾਰਨ ਉਸ ਦੀ ਜਾਨ ਬਚ ਗਈ।

ਬਰਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਨੇ ਮੌਕੇ ਦਾ ਜਾਇਜ਼ਾ ਲੈਂਦਿਆਂ ਪ੍ਰਸ਼ਾਸਨ ਕੋਲੋਂ ਮ੍ਰਿਤਕਾਂ ਦੇ ਪਰਿਵਾਰਾਂ ਲਈ ਉਚਿਤ ਮੁਆਵਜ਼ੇ ਦੀ ਮੰਗ ਕੀਤੀ ਹੈ। ਉਨ੍ਹਾਂ ਪ੍ਰਸ਼ਾਸਨਿਕ ਢਿੱਲ-ਮੱਠ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਰਾਹਤ ਕਾਰਜਾਂ ਵਿੱਚ ਪਿੰਡ ਵਾਸੀਆਂ ਨੇ ਹੀ ਮੋਹਰੀ ਭੂਮਿਕਾ ਨਿਭਾਈ ਹੈ। 

By nishuthapar1

Leave a Reply

Your email address will not be published. Required fields are marked *