ਗੁਰਪ੍ਰੀਤ ਸਿੰਘ :- ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਦੀ ਸਿਆਸਤ ਹੁਣ ਤੋਂ ਹੀ ਪੂਰੀ ਤਰ੍ਹਾਂ ਭਖ ਚੁੱਕੀ ਹੈ। ਸੂਬੇ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਦਲ ਬਦਲੀਆਂ ਦਾ ਦੌਰ ਸ਼ੁਰੂ ਹੋ ਗਿਆ ਹੈ। ਜ਼ੀਰਕਪੁਰ ਦੀ ਸਿਆਸਤ ਵਿੱਚ ਅੱਜ ਇੱਕ ਮਹੱਤਵਪੂਰਨ ਮੋੜ ਵੇਖਣ ਨੂੰ ਮਿਲਿਆ, ਜਿੱਥੇ ਵਾਰਡ ਨੰਬਰ 17 ਸਥਿਤ ਐਰੋ ਹੋਮਜ਼ ਸੋਸਾਇਟੀ, ਗਾਜੀਪੁਰ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਵੱਡਾ ਸਿਆਸੀ ਬਲ ਮਿਲਿਆ।
ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਅਗਵਾਈ ਹੇਠ ਵਿਸ਼ਾਲ ਸ਼ਰਮਾ ਸਮੇਤ ਸੈਂਕੜੇ ਸਥਾਨਕ ਪਰਿਵਾਰਾਂ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਛੱਡ ਕੇ ਆਪ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਦੌਰਾਨ ਕਰਵਾਏ ਗਏ ਪ੍ਰੋਗਰਾਮ ਵਿੱਚ ਵੱਡੀ ਗਿਣਤੀ ਵਿੱਚ ਇਲਾਕਾ ਵਾਸੀਆਂ ਦੀ ਹਾਜ਼ਰੀ ਨੇ ਇਸ ਸ਼ਮੂਲੀਅਤ ਨੂੰ ਹੋਰ ਭਰਵਾਂ ਬਣਾਇਆ। ਨਵੇਂ ਸ਼ਾਮਲ ਹੋਏ ਮੈਂਬਰਾਂ ਨੇ ਕਿਹਾ ਕਿ ਉਹ ਆਪ ਦੀਆਂ ਲੋਕ-ਹਿਤੈਸ਼ੀ ਨੀਤੀਆਂ, ਪਾਰਦਰਸ਼ੀ ਪ੍ਰਸ਼ਾਸਨ ਅਤੇ ਵਿਕਾਸਮੁਖੀ ਸੋਚ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜ ਰਹੇ ਹਨ।
ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਸਾਰੇ ਨਵੇਂ ਮੈਂਬਰਾਂ ਦਾ ਦਿਲੋਂ ਸਵਾਗਤ ਕਰਦੇ ਹੋਏ ਕਿਹਾ ਕਿ ਇਹ ਸ਼ਮੂਲੀਅਤ ਪਾਰਟੀ ਦੀ ਵਧਦੀ ਲੋਕਪ੍ਰਿਯਤਾ ਦਾ ਸਾਫ਼ ਸਬੂਤ ਹੈ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਇਲਾਕੇ ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਰੰਧਾਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਅਤੇ ਲੋਕਾਂ ਨਾਲ ਸਿੱਧੀ ਜੁੜੀ ਨੀਤੀਆਂ ਕਰਕੇ ਲੋਕ ਹੋਰ ਪਾਰਟੀਆਂ ਨੂੰ ਛੱਡ ਕੇ ਆਪ ਨਾਲ ਜੁੜ ਰਹੇ ਹਨ। ਉਨ੍ਹਾਂ ਨੇ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਜ਼ੀਰਕਪੁਰ ਵਿੱਚ ਆਪ ਹੋਰ ਮਜ਼ਬੂਤ ਹੋ ਕੇ ਉਭਰੇਗੀ।
