ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਵੱਡਾ ਮੌਕਾ

ਗੁਰਪ੍ਰੀਤ ਸਿੰਘ :- ਸੂਬੇ ਦੇ ਹਜ਼ਾਰਾਂ ਵਿਦਿਆਰਥੀਆਂ ਲਈ ਵੱਡੀ ਰਾਹਤ ਦੀ ਖ਼ਬਰ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ ਪਿਛਲੇ 16 ਸਾਲਾਂ ਦੌਰਾਨ 10ਵੀਂ ਜਾਂ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਪਾਸ ਨਾ ਕਰ ਸਕਣ ਵਾਲੇ ਵਿਦਿਆਰਥੀਆਂ ਨੂੰ ਇੱਕ ਵਿਸ਼ੇਸ਼ ਮੌਕਾ ਦੇਣ ਦਾ ਫੈਸਲਾ ਕੀਤਾ ਹੈ। ਇਸ ਤਹਿਤ “ਸਪੈਸ਼ਲ ਮਰਸੀ ਚਾਂਸ” ਲਈ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਯੋਗ ਉਮੀਦਵਾਰ 25 ਮਈ 2026 ਤੱਕ ਬੋਰਡ ਦੀ ਅਧਿਕਾਰਤ ਵੈੱਬਸਾਈਟ ਰਾਹੀਂ ਅਪਲਾਈ ਕਰ ਸਕਦੇ ਹਨ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਹ ਉਪਰਾਲਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਉਨ੍ਹਾਂ ਵਿਦਿਆਰਥੀਆਂ ਨੂੰ ਦੁਬਾਰਾ ਮੌਕਾ ਦੇਣਾ ਹੈ, ਜੋ ਕਿਸੇ ਕਾਰਨ ਕਰਕੇ ਆਪਣੀ ਪੜ੍ਹਾਈ ਪੂਰੀ ਨਹੀਂ ਕਰ ਸਕੇ ਅਤੇ ਹੁਣ ਆਪਣੇ ਕਰੀਅਰ ਨੂੰ ਨਵੀਂ ਦਿਸ਼ਾ ਦੇਣਾ ਚਾਹੁੰਦੇ ਹਨ।

ਉਨ੍ਹਾਂ ਹੋਰ ਵਿਆਖਿਆ ਕਰਦੇ ਹੋਏ ਦੱਸਿਆ ਕਿ ਇਹ ਮੌਕਾ ਉਨ੍ਹਾਂ ਵਿਦਿਆਰਥੀਆਂ ਲਈ ਹੈ ਜਿਨ੍ਹਾਂ ਨੇ ਮਾਰਚ 2010 ਤੋਂ ਮਾਰਚ 2025 ਦੇ ਵਿਚਕਾਰ 10ਵੀਂ ਜਾਂ 12ਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਸੀ ਪਰ ਪਾਸ ਨਹੀਂ ਹੋ ਸਕੇ। ਇਸ ਤੋਂ ਇਲਾਵਾ ਉਹ ਉਮੀਦਵਾਰ ਵੀ ਅਪਲਾਈ ਕਰ ਸਕਦੇ ਹਨ ਜਿਨ੍ਹਾਂ ਦੇ ਰੀਅਪੀਅਰ ਜਾਂ ਕੰਪਾਰਟਮੈਂਟ ਦੇ ਸਾਰੇ ਮੌਕੇ ਖਤਮ ਹੋ ਚੁੱਕੇ ਹਨ ਜਾਂ ਜੋ ਆਪਣੇ ਨਤੀਜਿਆਂ ਵਿੱਚ ਸੁਧਾਰ ਕਰਨਾ ਚਾਹੁੰਦੇ ਹਨ। ਇਸ ਯੋਜਨਾ ਵਿੱਚ ਉਹ ਵਿਦਿਆਰਥੀ ਵੀ ਸ਼ਾਮਲ ਕੀਤੇ ਗਏ ਹਨ ਜਿਨ੍ਹਾਂ ਨੇ ਮਾਰਚ 2010 ਤੋਂ ਮਾਰਚ 2026 ਦੇ ਵਿਚਕਾਰ ਪ੍ਰੀਖਿਆ ਦਿੱਤੀ ਅਤੇ ਫੇਲ੍ਹ ਰਹੇ, ਬਸ਼ਰਤੇ ਕਿ ਉਨ੍ਹਾਂ ਨੇ ਘੱਟੋ-ਘੱਟ ਇੱਕ ਮੁੱਖ ਵਿਸ਼ਾ ਪਾਸ ਕੀਤਾ ਹੋਵੇ।

ਇਸ ਤੋਂ ਇਲਾਵਾ 10ਵੀਂ ਅਤੇ 12ਵੀਂ ਜਮਾਤ ਦੀ ਓਪਨ ਸਕੂਲ ਸਟ੍ਰੀਮ ਨਾਲ ਜੁੜੇ ਵਿਦਿਆਰਥੀ ਵੀ ਇਸ ਮੌਕੇ ਦਾ ਲਾਭ ਲੈ ਸਕਦੇ ਹਨ। ਬੋਰਡ ਵੱਲੋਂ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਮੁਤਾਬਕ, ਸਾਰੇ ਯੋਗ ਉਮੀਦਵਾਰ ਆਨਲਾਈਨ ਅਰਜ਼ੀ ਫਾਰਮ ਭਰ ਕੇ ਆਪਣੀ ਰਜਿਸਟ੍ਰੇਸ਼ਨ ਕਰ ਸਕਦੇ ਹਨ। ਇਹ ਕਦਮ ਉਨ੍ਹਾਂ ਹਜ਼ਾਰਾਂ ਨੌਜਵਾਨਾਂ ਲਈ ਇੱਕ ਸੁਨਹਿਰੀ ਮੌਕਾ ਹੈ, ਜੋ ਆਪਣੀ ਅਧੂਰੀ ਸਿੱਖਿਆ ਪੂਰੀ ਕਰਕੇ ਭਵਿੱਖ ਵਿੱਚ ਨਵੇਂ ਮੌਕੇ ਹਾਸਲ ਕਰਨਾ ਚਾਹੁੰਦੇ ਹਨ। ਸਰਕਾਰ ਨੂੰ ਉਮੀਦ ਹੈ ਕਿ ਇਸ ਨਾਲ ਕਈ ਵਿਦਿਆਰਥੀਆਂ ਦੀ ਜ਼ਿੰਦਗੀ ਵਿੱਚ ਸਕਾਰਾਤਮਕ ਬਦਲਾਅ ਆਏਗਾ ਅਤੇ ਉਹ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਵੱਲ ਅੱਗੇ ਵਧ ਸਕਣਗੇ।

By Gurpreet Singh

Leave a Reply

Your email address will not be published. Required fields are marked *