ਗੁਰਪ੍ਰੀਤ ਸਿੰਘ :- ਪੰਜਾਬ ਅਤੇ ਚੰਡੀਗੜ੍ਹ ਵਿੱਚ ਹਾਲ ਹੀ ਦੀ ਬਾਰਿਸ਼ ਨੇ ਲੋਕਾਂ ਨੂੰ ਤਪਦੀ ਗਰਮੀ ਤੋਂ ਕਾਫੀ ਰਾਹਤ ਦਿੱਤੀ ਹੈ। ਪਿਛਲੇ 24 ਘੰਟਿਆਂ ਦੌਰਾਨ ਤਾਪਮਾਨ ਵਿੱਚ ਲਗਭਗ 0.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜੋ ਆਮ ਨਾਲੋਂ ਕਰੀਬ 6.1 ਡਿਗਰੀ ਘੱਟ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਨੇ 6 ਮਈ ਲਈ ਕੁਝ ਇਲਾਕਿਆਂ ਵਿੱਚ ਗਰਜ-ਚਮਕ, ਮੀਂਹ, ਬਿਜਲੀ ਅਤੇ ਤੇਜ਼ ਹਵਾਵਾਂ ਦੇ ਮੱਦੇਨਜ਼ਰ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਹਵਾਵਾਂ ਦੀ ਰਫ਼ਤਾਰ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ, 9 ਮਈ ਤੱਕ ਮੌਸਮ ਦੇ ਖੁਸ਼ਕ ਰਹਿਣ ਦੀ ਉਮੀਦ ਜਤਾਈ ਗਈ ਹੈ ਅਤੇ ਇਸ ਤੋਂ ਬਾਅਦ ਕੋਈ ਵੱਖਰਾ ਅਲਰਟ ਨਹੀਂ ਦਿੱਤਾ ਗਿਆ।
ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਤਾਪਮਾਨ ਆਮ ਨਾਲੋਂ ਘੱਟ ਦਰਜ ਕੀਤਾ ਗਿਆ। ਰੂਪਨਗਰ ਦੇ ਭਾਖੜਾ ਡੈਮ ਉਤੇ ਸਭ ਤੋਂ ਵੱਧ ਤਾਪਮਾਨ 34.1 ਡਿਗਰੀ ਸੀ। ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 31.5 ਡਿਗਰੀ ਰਿਹਾ, ਜਦਕਿ ਅੰਮ੍ਰਿਤਸਰ ਵਿੱਚ 33.4, ਲੁਧਿਆਣਾ ਵਿੱਚ 32.6 ਅਤੇ ਪਟਿਆਲਾ ਵਿੱਚ 31.0 ਡਿਗਰੀ ਦਰਜ ਕੀਤਾ ਗਿਆ। ਫਰੀਦਕੋਟ ਅਤੇ ਫਿਰੋਜ਼ਪੁਰ ਵਿੱਚ ਵੀ ਤਾਪਮਾਨ 31 ਤੋਂ 31.7 ਡਿਗਰੀ ਦੇ ਵਿਚਕਾਰ ਰਿਹਾ।
ਗੁਰਦਾਸਪੁਰ, ਮੋਹਾਲੀ ਅਤੇ ਪਠਾਨਕੋਟ ਵਿੱਚ ਵੀ ਤਾਪਮਾਨ ਆਮ ਨਾਲੋਂ ਘੱਟ ਰਿਹਾ। ਜ਼ਿਆਦਾਤਰ ਥਾਵਾਂ ਉਤੇ ਪਿਛਲੇ ਦਿਨ ਦੌਰਾਨ ਮੀਂਹ ਨਾ ਦੇ ਬਰਾਬਰ ਪਿਆ ਪਰ ਹਲਕੀ ਬੱਦਲਵਾਈ ਬਣੀ ਰਹੀ। ਮੌਸਮ ਵਿਗਿਆਨੀਆਂ ਮੁਤਾਬਕ ਪਹਾੜੀ ਇਲਾਕਿਆਂ ਵਿੱਚ ਪੱਛਮੀ ਗੜਬੜੀ ਅਜੇ ਵੀ ਸਰਗਰਮ ਹੈ, ਜਿਸ ਦਾ ਅਸਰ ਕਸ਼ਮੀਰ ਦੇ ਆਲੇ ਦੁਆਲੇ ਦੇਖਣ ਨੂੰ ਮਿਲ ਰਿਹਾ ਹੈ।
ਇਸ ਤੋਂ ਇਲਾਵਾ, ਦੱਖਣੀ ਭਾਰਤ ਵਿੱਚ ਚੱਕਰਵਾਤੀ ਸਰਕੂਲੇਸ਼ਨ ਅਤੇ ਟ੍ਰਫ਼ ਸਿਸਟਮ ਵੀ ਪ੍ਰਭਾਵਸ਼ਾਲੀ ਹਨ। ਇਨ੍ਹਾਂ ਕਾਰਨਾਂ ਕਰਕੇ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਬੱਦਲਵਾਈ ਅਤੇ ਹਲਕੀ ਬਾਰਿਸ਼ ਦੀ ਸੰਭਾਵਨਾ ਬਣੀ ਹੋਈ ਹੈ। ਮੌਸਮ ਕੇਂਦਰ ਦੇ ਡਾਇਰੈਕਟਰ ਸੁਰੇਂਦਰ ਪਾਲ ਅਨੁਸਾਰ 6 ਅਤੇ 7 ਮਈ ਨੂੰ ਵੱਖ-ਵੱਖ ਥਾਵਾਂ ‘ਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਅਗਲੇ 48 ਘੰਟਿਆਂ ਵਿੱਚ ਤਾਪਮਾਨ ਵਿੱਚ ਲਗਭਗ 2 ਡਿਗਰੀ ਵਾਧਾ ਹੋ ਸਕਦਾ ਹੈ, ਜਿਸ ਤੋਂ ਬਾਅਦ 3 ਤੋਂ 4 ਡਿਗਰੀ ਦੀ ਗਿਰਾਵਟ ਆ ਸਕਦੀ ਹੈ। ਇਸ ਸਮੇਂ ਦੌਰਾਨ ਗਰਜ-ਚਮਕ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਵੀ ਜਤਾਈ ਗਈ ਹੈ।
