ਗੁਰਪ੍ਰੀਤ ਸਿੰਘ :- ਪੰਜਾਬ ‘ਚ 8 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਦੀਆਂ ਚੋਣਾਂ ਲਈ ਵੋਟਾਂ ਪੈਣ ਦਾ ਕੰਮ ਸਵੇਰੇ 8 ਵਜੇ ਤੋਂ ਸ਼ੁਰੂ ਹੋ ਗਿਆ ਹੈ। ਪੋਲਿੰਗ ਬੂਥਾਂ ‘ਤੇ ਵੋਟਰ ਆਪਣੀ ਵੋਟ ਦਾ ਭੁਗਤਾਨ ਕਰਨ ਲਈ ਪਹੁੰਚ ਰਹੇ ਹਨ। ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਦਿੱਤੇ ਗਏ ਚੋਣ ਪ੍ਰੋਗਰਾਮ ਅਨੁਸਾਰ ਨਗਰ ਕੌਂਸਲ ਟਾਂਡਾ ਦੇ 15 ਵਾਰਡਾਂ ਲਈ ਵੀ ਅੱਜ ਹੋ ਰਹੀ ਚੋਣ ਦੌਰਾਨ ਨਿਰਧਾਰਿਤ ਕੀਤੇ ਗਏ ਸਮੇਂ ਅਨੁਸਾਰ ਵੋਟਾਂ ਪਾਉਣ ਦਾ ਸਿਲਸਿਲਾ ਆਰੰਭ ਹੋ ਗਿਆ। ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕਮ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਅਤੇ ਐੱਸ. ਡੀ. ਐੱਮ. ਕਮ ਚੋਣ ਅਫ਼ਸਰ ਟਾਂਡਾ ਲਵਪ੍ਰੀਤ ਸਿੰਘ ਔਲਖ ਦੀ ਅਗਵਾਈ ‘ਚ ਸ਼ਹਿਰ ਦੇ ਵੱਖ-ਵੱਖ ਸਥਾਨਾਂ ‘ਤੇ ਬਣਾਏ ਗਏ 24 ਪੋਲਿੰਗ ਬੂਥਾਂ ‘ਤੇ ਵੋਟ ਪਾਉਣ ਦਾ ਸਿਲਸਿਲਾ ਸ਼ੁਰੂ ਹੋ ਗਿਆ।
ਜ਼ਿਕਰਯੋਗ ਹੈ ਕਿ ਨਗਰ ਕੌਂਸਲ ਨਗਰ ਟਾਂਡਾ ਦੇ 15 ਵਾਰਡਾਂ ਵਾਸਤੇ ਅੱਜ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਵੋਟਾਂ ਪਾਈਆਂ ਜਾਣਗੀਆਂ ਅਤੇ ਇਨ੍ਹਾਂ ਚੋਣਾਂ ‘ਚ ਟਾਂਡਾ ਦੇ 9,149 ਵੋਟਰ ਚੋਣ ਮੈਦਾਨ ‘ਚ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਉਤਾਰੇ ਗਏ ਕਰੀਬ 46 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰਨਗੇ।
ਇਸ ਮੌਕੇ ਡੀ. ਐੱਸ. ਪੀ. ਟਾਂਡਾ ਦਵਿੰਦਰ ਸਿੰਘ ਬਾਜਵਾ ਅਤੇ ਥਾਣਾ ਮੁਖੀ ਟਾਂਡਾ ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਡੀ. ਆਈ. ਜੀ. ਜਲੰਧਰ ਰੇਂਜ ਨਵੀਨ ਸਿੰਗਲਾ, ਜ਼ਿਲ੍ਹਾ ਮੁਖੀ ਸੰਦੀਪ ਕੁਮਾਰ ਮਲਿਕ ਦੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਇਹ ਚੋਣਾਂ ਕਰਵਾਈਆਂ ਜਾਣਗੀਆਂ, ਜਿਸ ਵਾਸਤੇ ਹੁਸ਼ਿਆਰਪੁਰ ਅਤੇ ਜਲੰਧਰ ਤੋਂ ਵੀ ਪੁਲਸ ਫੋਰਸ ਮੰਗਵਾਈ ਗਈ ਹੈ ਤਾਂ ਜੋ ਚੋਣ ਪ੍ਰਕਿਰਿਆ ਦਾ ਕੰਮ ਸ਼ਾਂਤੀਪੂਰਵਕ ਤੇ ਅਮਨ-ਅਮਾਨ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਅੱਜ ਪਈਆਂ ਵੋਟਾਂ ਦੀ ਗਿਣਤੀ 29 ਮਈ ਨੂੰ ਹੋਵੇਗੀ। ਇਸ ਤੋਂ ਇਲਾਵਾ ਉਨ੍ਹਾਂ ਨੇ ਦੱਸਿਆ ਕਿ ਅੱਜ ਪੈ ਰਹੀਆਂ ਵੋਟਾਂ ਦੀ ਨਿਗਰਾਨੀ ਵੀਡੀਓ ਰਾਹੀਂ ਲਗਾਤਾਰ ਕੀਤੀ ਜਾਵੇਗੀ।
