ਗੁਰਪ੍ਰੀਤ ਸਿੰਘ :- ਨੈਸ਼ਨਲ ਹਾਈਵੇਅ-21 (205) ’ਤੇ ਪਿੰਡ ਅਹਿਮਦਪੁਰ ਨੇੜੇ ਫ਼ਲਾਈਓਵਰ ਉੱਪਰ ਬੀਤੀ ਦੇਰ ਰਾਤ ਇੱਕ ਬਹੁਤ ਹੀ ਦਰਦਨਾਕ ਸੜਕ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਭਿਆਨਕ ਹਾਦਸੇ ਵਿੱਚ ਪਿੰਡ ਘਨੌਲਾ ਦੇ ਰਹਿਣ ਵਾਲੇ ਦੋ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਘਨੌਲਾ ਦੇ ਇਹ ਦੋਵੇਂ ਨੌਜਵਾਨ ਬੁਲੇਟ ਮੋਟਰਸਾਈਕਲ ’ਤੇ ਸਵਾਰ ਹੋ ਕੇ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਗਏ ਹੋਏ ਸਨ ਅਤੇ ਦੇਰ ਰਾਤ ਅਪਣੇ ਪਿੰਡ ਵਾਪਸ ਪਰਤ ਰਹੇ ਸਨ। ਜਦੋਂ ਉਹ ਅਹਿਮਦਪੁਰ ਨੇੜੇ ਫਲਾਈਓਵਰ ’ਤੇ ਪਹੁੰਚੇ ਤਾਂ ਹਨ੍ਹੇਰਾ ਜਾਂ ਅਚਾਨਕ ਸੰਤੁਲਨ ਵਿਗੜਨ ਕਾਰਨ ਉਨ੍ਹਾਂ ਦਾ ਮੋਟਰਸਾਈਕਲ ਸੜਕ ’ਤੇ ਪਹਿਲਾਂ ਤੋਂ ਖੜ੍ਹੇ ਇੱਕ ਟਰੱਕ ਦੇ ਪਿਛਲੇ ਹਿੱਸੇ ਨਾਲ ਜਾ ਟਕਰਾਇਆ।
ਟੱਕਰ ਇੰਨੀ ਜ਼ੋਰਦਾਰ ਅਤੇ ਭਿਆਨਕ ਸੀ ਕਿ ਮੋਟਰਸਾਈਕਲ ਦੇ ਪਰਖੱਚੇ ਉੱਡ ਗਏ ਅਤੇ ਦੋਵੇਂ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਰਾਹਗੀਰਾਂ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਉਨ੍ਹਾਂ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਜਾਂਚ ਤੋਂ ਬਾਅਦ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਮ੍ਰਿਤਕ ਨੌਜਵਾਨਾਂ ਦੀ ਪਛਾਣ ਮਨਪ੍ਰੀਤ ਸਿੰਘ ਉਰਫ ਮਨੀ ਮਹਾਦੇਵ (ਪੁੱਤਰ ਹਰਪਾਲ ਸਿੰਘ) ਅਤੇ ਹਰਕਿਰਤ ਸਿੰਘ ਉਰਫ ਹੈਰੀ (ਪੁੱਤਰ ਪਰਮਿੰਦਰ ਸਿੰਘ) ਵਾਸੀ ਘਨੌਲਾ ਵਜੋਂ ਹੋਈ ਹੈ। ਦੋ ਜਵਾਨ ਪੁੱਤਾਂ ਦੀ ਅਚਾਨਕ ਹੋਈ ਮੌਤ ਕਾਰਨ ਪਿੰਡ ਘਨੌਲਾ ਅਤੇ ਆਸ-ਪਾਸ ਦੇ ਪੂਰੇ ਇਲਾਕੇ ਵਿੱਚ ਗਹਿਰਾ ਸੋਗ ਪਾਇਆ ਜਾ ਰਿਹਾ ਹੈ ਅਤੇ ਪਰਿਵਾਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਸਥਾਨਕ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
