ਗੁਰਪ੍ਰੀਤ ਸਿੰਘ :- ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਵੱਡੀ ਕਾਰਵਾਈ ਕਰਦਿਆਂ ਬਠਿੰਡਾ ਤੋਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿਚੋਂ ਦੋ ਦੇਸੀ .32 ਬੋਰ ਪਿਸਤੌਲ ਅਤੇ ਪੰਜ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਡੀਜੀਪੀ ਪੰਜਾਬ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਵੇਂ ਮੁਲਜ਼ਮ ਫਿਰੋਜ਼ਪੁਰ ਖੇਤਰ ਵਿੱਚ ਸਰਗਰਮ ਇੱਕ ਜੇਲ੍ਹ ਵਿੱਚ ਬੰਦ ਗੈਂਗਸਟਰ ਦੇ ਅਪਰਾਧਿਕ ਨੈੱਟਵਰਕ ਨਾਲ ਜੁੜੇ ਹੋਏ ਹਨ। ਗ੍ਰਿਫ਼ਤਾਰ ਕੀਤੇ ਗਏ ਦੋਵੇਂ ਵਿਅਕਤੀਆਂ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਹ ਕਤਲ ਦੀ ਕੋਸ਼ਿਸ਼ ਅਤੇ ਹਥਿਆਰ ਐਕਟ ਸਮੇਤ ਕਈ ਮਾਮਲਿਆਂ ਵਿੱਚ ਨਾਮਜ਼ਦ ਰਹੇ ਹਨ।
ਇਸ ਸਬੰਧੀ ਥਾਣਾ ਸਿਵਲ ਲਾਈਨਜ਼, ਬਠਿੰਡਾ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਨੈੱਟਵਰਕ ਦੇ ਪਿੱਛੇ ਅਤੇ ਅੱਗੇ ਦੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਸ ਨਾਲ ਜੁੜੇ ਹੋਰ ਸਾਥੀਆਂ ਦੀ ਪਛਾਣ ਕੀਤੀ ਜਾ ਸਕੇ।
ਪੰਜਾਬ ਪੁਲਿਸ ਨੇ ਕਿਹਾ ਹੈ ਕਿ ਸੂਬੇ ਵਿੱਚ ਅਮਨ-ਕਾਨੂੰਨ ਕਾਇਮ ਰੱਖਣ ਅਤੇ ਸੰਗਠਿਤ ਅਪਰਾਧਿਕ ਗਿਰੋਹਾਂ ਨੂੰ ਜੜ੍ਹੋਂ ਖਤਮ ਕਰਨ ਲਈ ਕਾਰਵਾਈ ਲਗਾਤਾਰ ਜਾਰੀ ਰਹੇਗੀ।
