ਮੌਜੂਦਾ ਪੰਥ ਹਾਲਾਤ ਨੂੰ ਲੈ ਕੇ ਪ੍ਰਧਾਨ ਧਾਮੀ ਨੇ 27 ਜੂਨ ਨੂੰ ਸੱਦੀ ਸ਼੍ਰੋਮਣੀ ਕਮੇਟੀ ਦੀ ਵਿਸ਼ੇਸ਼ ਜਨਰਲ ਇਕੱਤਰਤਾ

ਗੁਰਪ੍ਰੀਤ ਸਿੰਘ :- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਅੱਜ ਇੱਥੇ ਅੰਤਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੌਜੂਦਾ ਪੰਥਕ ਹਾਲਾਤਾਂ ‘ਤੇ ਵਿਚਾਰ ਕਰਨ ਲਈ ਸ਼੍ਰੋਮਣੀ ਕਮੇਟੀ ਦੀ ਵਿਸ਼ੇਸ਼ ਜਨਰਲ ਇਕੱਤਰਤਾ 27 ਜੂਨ ਨੂੰ ਸੱਦੀ ਗਈ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਅੰਤਰੰਗ ਕਮੇਟੀ ਵਿਚ ਮੌਜੂਦਾ ਪੰਥਕ ਹਾਲਾਤਾਂ ਤੇ ਵਿਚਾਰ ਕਰਦਿਆਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਤੋਂ ਤੁਰੰਤ ਅਸਤੀਫੇ ਦੀ ਮੰਗ ਕੀਤੀ ਗਈ ਹੈ।

ਪ੍ਰਧਾਨ ਧਾਮੀ ਨੇ ਦੱਸਿਆ ਕਿ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵਲੋਂ ਜਾਰੀ ਆਦੇਸ਼ ਅਨੁਸਾਰ ਮੁੱਖ ਮੰਤਰੀ ਨੂੰ ਗੁਰੂ ਦੋਖੀ ਤੇ ਪੰਥ ਵਿਰੋਧੀ ਕਰਾਰ ਦਿੱਤੇ ਜਾਣ ਤੋਂ ਬਾਅਦ ਜਲਦ ਹੀ ਸ਼੍ਰੋਮਣੀ ਕਮੇਟੀ ਦੇ ਹਲਕਾ ਵਾਈਜ ਇਕੱਤਰਤਾਵਾਂ ਕੀਤੀਆਂ ਜਾਣਗੀਆਂ ਅਤੇ ਮੁੱਖ ਮੰਤਰੀ ਵਲੋਂ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਆਦੇਸ਼ਾਂ ਨੂੰ ਚੁਣੌਤੀ ਦੇਣ ਦੇ ਮਾਮਲੇ ਨੂੰ ਸੰਗਤਾਂ ਦੀ ਕਚਹਿਰੀ ਵਿਚ ਲੈ ਕੇ ਜਾਵਾਂਗੇ।

ਉਨ੍ਹਾਂ ਕਿਹਾ ਕਿ ਜਥੇਦਾਰ ਸਾਹਿਬ ਵਲੋਂ ਵਿਵਾਦਤ ਵੀਡੀਓ ਦੀ ਕਰਵਾਈ ਗਈ ਫਰੈਂਸਿਕ ਜਾਂਚ ਵਿਚ ਉਸ ਵੀਡੀਓ ਨਾਲ ਕਿਸੇ ਵੀ ਕਿਸਮ ਦੀ ਕੋਈ ਛੇੜਛਾੜ ਨਹੀਂ ਪਾਈ ਗਈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੋਵੇਂ ਇੱਕ ਰੂਹ ਤੇ ਇੱਕ ਜਾਨ ਪੰਥਕ ਸੰਸਥਾਵਾਂ ਹਨ। ਅਮਰੀਕਾ ਦੇ ਯੂਬਾ ਸਿਟੀ ਵਿਚ ਸਿੱਖ ਪ੍ਰਚਾਰ ਕੇਂਦਰ ਬਣਾਉਣ ਸਬੰਧੀ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਛੇ ਮੈਂਬਰੀ ਡੈਲੀਗੇਸ਼ਨ ਲੈ ਕੇ ਯੂ.ਐਸ.ਏ. ਗਏ ਸਨ ਤੇ ਉਥੇ ਸਰਦਾਰ ਦੀਦਾਰ ਸਿੰਘ ਬੈਂਸ ਤੇ ਉਨ੍ਹਾਂ ਦੇ ਪਰਿਵਾਰ ਵਲੋਂ ਸ਼੍ਰੋਮਣੀ ਕਮੇਟੀ ਨੂੰ ਦਿੱਤੀ ਗਈ ਜ਼ਮੀਨ ਤੇ ਜਲਦੀ ਹੀ ਸਿੱਖੀ ਦੇ ਪ੍ਰਚਾਰ ਲਈ ਇਕ ਗੁਰਦੁਆਰਾ ਸਾਹਿਬ ਉਸਾਰਿਆ ਜਾਵੇਗਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਛਪਾਈ ਲਈ ਪ੍ਰੈਸ ਲਗਾਈ ਜਾਵੇਗੀ ਤਾਂ ਜੋ ਅਮਰੀਕਾ ਤੇ ਕੈਨੇਡਾ ਦੀਆਂ ਸਿੱਖ ਸੰਗਤਾਂ ਨੂੰ ਪਾਵਨ ਸਰੂਪ ਪ੍ਰਾਪਤ ਕਰਨ ਵਿਚ ਆਸਾਨੀ ਰਹੇ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਸਮੇਤ ਹੋਰ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਅਧਿਕਾਰੀ ਹਾਜ਼ਰ ਸਨ।

By Gurpreet Singh

Leave a Reply

Your email address will not be published. Required fields are marked *