ਗੁਰਪ੍ਰੀਤ ਸਿੰਘ :- ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਰਾਸ਼ਟਰੀ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਭਾਰਤ ਅਤੇ ਅਮਰੀਕਾ ਵਿਚਾਲੇ ਹੋਣ ਵਾਲੇ ਸੰਭਾਵੀ ਵਪਾਰਕ ਸਮਝੌਤੇ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ ਹੈ। ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਸਮਝੌਤਾ ਦੇਸ਼ ਦੇ ਕਿਸਾਨਾਂ, ਡੇਅਰੀ ਕਾਰੋਬਾਰ ਅਤੇ ਪੋਲਟਰੀ ਖੇਤਰ ਲਈ ਨੁਕਸਾਨਦਾਇਕ ਸਾਬਤ ਹੋ ਸਕਦਾ ਹੈ।
ਚੜੂਨੀ ਨੇ ਦੱਸਿਆ ਕਿ ਭਾਰਤ ਅਤੇ ਅਮਰੀਕਾ ਵਿਚਾਲੇ ਵਪਾਰਕ ਗੱਲਬਾਤ ਆਪਣੇ ਅੰਤਿਮ ਪੜਾਅ ਵਿੱਚ ਹੈ ਅਤੇ 23-24 ਜੂਨ ਨੂੰ ਨਵੀਂ ਦਿੱਲੀ ਵਿੱਚ ਹੋਣ ਵਾਲੀਆਂ ਮੀਟਿੰਗਾਂ ਦੌਰਾਨ ਇਸ ਨੂੰ ਅੰਤਿਮ ਰੂਪ ਦਿੱਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੁਝ ਖੇਤੀ ਉਤਪਾਦਾਂ ‘ਤੇ ਲੱਗੇ ਆਯਾਤ ਸ਼ੁਲਕ ਘਟਾਏ ਜਾਂ ਹਟਾਏ ਗਏ ਤਾਂ ਭਾਰਤੀ ਕਿਸਾਨਾਂ ਲਈ ਅਮਰੀਕੀ ਉਤਪਾਦਾਂ ਨਾਲ ਮੁਕਾਬਲਾ ਕਰਨਾ ਮੁਸ਼ਕਲ ਹੋ ਜਾਵੇਗਾ।
ਉਨ੍ਹਾਂ ਇਹ ਵੀ ਕਿਹਾ ਕਿ ਇਸ ਸਮਝੌਤੇ ਨਾਲ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਆਧਾਰਿਤ ਖਰੀਦ ਪ੍ਰਣਾਲੀ ਪ੍ਰਭਾਵਿਤ ਹੋ ਸਕਦੀ ਹੈ, ਜਿਸ ਦਾ ਸਭ ਤੋਂ ਵੱਧ ਅਸਰ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ‘ਤੇ ਪਵੇਗਾ। ਚੜੂਨੀ ਨੇ ਦੋਸ਼ ਲਾਇਆ ਕਿ ਇਸ ਨਾਲ ਖੇਤੀਬਾੜੀ ਖੇਤਰ ਵਿੱਚ ਵੱਡੀਆਂ ਕੰਪਨੀਆਂ ਦਾ ਦਖ਼ਲ ਵਧ ਸਕਦਾ ਹੈ।
ਇਸ ਦੇ ਵਿਰੋਧ ਵਜੋਂ ਭਾਰਤੀ ਕਿਸਾਨ ਯੂਨੀਅਨ (ਚੜੂਨੀ) ਨੇ 23 ਜੂਨ ਨੂੰ ਦੇਸ਼ ਭਰ ਵਿੱਚ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਕਿਸਾਨਾਂ ਅਤੇ ਆਮ ਲੋਕਾਂ ਨੂੰ ਕਾਲੀਆਂ ਪੱਟੀਆਂ ਬੰਨ੍ਹ ਕੇ ਸ਼ਾਂਤੀਪੂਰਨ ਢੰਗ ਨਾਲ ਰੋਸ ਦਰਜ ਕਰਵਾਉਣ ਦੀ ਅਪੀਲ ਕੀਤੀ ਗਈ ਹੈ।
ਚੜੂਨੀ ਨੇ ਕਿਹਾ ਕਿ ਜੇਕਰ ਕਿਸਾਨ ਹਿੱਤਾਂ ਨੂੰ ਨੁਕਸਾਨ ਪਹੁੰਚਾਉਣ ਵਾਲਾ ਕੋਈ ਵੀ ਸਮਝੌਤਾ ਕੀਤਾ ਗਿਆ ਤਾਂ ਦੇਸ਼ ਭਰ ਵਿੱਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਸਬੰਧੀ ਅਗਲੀ ਰਣਨੀਤੀ ਬਣਾਉਣ ਲਈ 25 ਜੂਨ ਨੂੰ ਚੰਡੀਗੜ੍ਹ ਵਿੱਚ ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਵੀ ਸੱਦੀ ਗਈ ਹੈ।
