ਮਹਾਰਾਜਾ ਰਣਜੀਤ ਸਿੰਘ ਦੇ ਬਰਸੀ ਸਮਾਗਮਾਂ ‘ਚ ਸ਼ਮੂਲੀਅਤ ਲਈ ਸਿੱਖ ਸ਼ਰਧਾਲੂਆਂ ਜਥਾ ਪਾਕਿਸਤਾਨ ਲਈ ਰਵਾਨਾ

ਗੁਰਪ੍ਰੀਤ ਸਿੰਘ :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਵਿਖੇ ਹੋ ਰਹੇ ਸਮਾਗਮਾਂ ’ਚ ਸ਼ਮੂਲੀਅਤ ਕਰਨ ਲਈ ਅੱਜ ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ ਜੈਕਾਰਿਆਂ ਦੀ ਗੂੰਜ ’ਚ ਰਵਾਨਾ ਹੋਇਆ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਜਥੇ ਦੀ ਰਵਾਨਗੀ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਓਐਸਡੀ ਸ. ਸਤਬੀਰ ਸਿੰਘ ਤੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਸਮੇਤ ਹੋਰ ਅਧਿਕਾਰੀਆਂ ਨੇ ਜਥੇ ਦੇ ਲੀਡਰ ਸ਼੍ਰੋਮਣੀ ਕਮੇਟੀ ਮੈਂਬਰ ਸ. ਖੁਸ਼ਵਿੰਦਰ ਸਿੰਘ ਭਾਟੀਆ, ਬੀਬੀ ਹਰਜਿੰਦਰ ਕੌਰ ਤੇ ਜਰਨਲ ਪ੍ਰਬੰਧਕ ਮੀਤ ਸਕੱਤਰ ਅਜ਼ਾਦਦੀਪ ਸਿੰਘ ਸਮੇਤ ਸ਼ਰਧਾਲੂਆਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਰਵਾਨਾ ਕੀਤਾ।

ਇਸ ਮੌਕੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਹਰ ਸਾਲ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਦੇ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜਿਆ ਜਾਂਦਾ ਹੈ। ਇਸ ਵਾਰ ਸ਼੍ਰੋਮਣੀ ਕਮੇਟੀ ਨੇ 302 ਸ਼ਰਧਾਲੂਆਂ ਦੇ ਪਾਸਪੋਰਟ ਪਾਕਿਸਤਾਨ ਦੂਤਾਵਾਸ ਨੂੰ ਵੀਜ਼ੇ ਲਈ ਭੇਜੇ ਸਨ, ਜਿਨ੍ਹਾਂ ਵਿੱਚੋਂ 290 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਉਨ੍ਹਾਂ ਕਿਹਾ ਕਿ ਸਿੱਖ ਸੰਗਤ ਅੰਦਰ ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਵੱਡੀ ਤਾਂਘ ਹੈ, ਜਿਸ ਲਈ ਸਰਕਾਰਾਂ ਨੂੰ ਖੁੱਲਦਿਲੀ ਨਾਲ ਵੀਜ਼ੇ ਦੇਣੇ ਚਾਹੀਦੇ ਹਨ ਤਾਂ ਜੋ ਸੰਗਤਾਂ ਆਪਣੇ ਗੁਰਧਾਮਾਂ ਦੇ ਦਰਸ਼ਨ ਕਰ ਸਕਣ। ਉਨ੍ਹਾਂ ਸਰਕਾਰ ਨੂੰ ਇਹ ਵੀ ਅਪੀਲ ਕੀਤੀ ਕਿ ਜਿਨ੍ਹਾਂ ਸ਼ਰਧਾਲੂਆਂ ਦੇ ਵੀਜ਼ੇ ਲੱਗੇ ਹਨ ਉਨ੍ਹਾਂ ਸਬੰਧੀ ਅਪਰੂਵਲ ਆਦਿ ਸਮੇਂ ਸਿਰ ਬਾਰਡਰ ’ਤੇ ਪਹੁੰਚਾਈ ਜਾਵੇ ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਆਵੇ।

ਇਸੇ ਦੌਰਾਨ ਜਥੇ ਦੇ ਆਗੂ ਖੁਸ਼ਵਿੰਦਰ ਸਿੰਘ ਭਾਟੀਆ ਨੇ ਕਿਹਾ ਕਿ ਗੁਰੂ ਬਖ਼ਸ਼ਿਸ਼ ਸਦਕਾ ਉਨ੍ਹਾਂ ਨੂੰ ਜਥੇ ਦੀ ਅਗਵਾਈ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਦੇ ਸਮਾਗਮਾਂ ਵਿਚ ਸ਼ਾਮਲ ਹੋਣ ਤੋਂ ਪਹਿਲਾਂ ਜਥੇ ’ਚ ਸ਼ਾਮਲ ਸ਼ਰਧਾਲੂ ਪਹਿਲੇ ਪਾਤਸ਼ਾਹ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਸਮੇਤ ਗੁਰਦੁਆਰਾ ਸੱਚਾ ਸੌਦਾ ਸਾਹਿਬ ਮੰਡੀ ਚੂਹੜਕਾਣਾ ਸ਼ੇਖੂਪੁਰਾ, ਗੁਰਦੁਆਰਾ ਸ੍ਰੀ ਪੰਜਾ ਸਾਹਿਬ, ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ, ਗੁਰਦੁਆਰਾ ਸ੍ਰੀ ਰੋੜੀ ਸਾਹਿਬ, ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਆਦਿ ਗੁਰ-ਅਸਥਾਨਾਂ ਦੇ ਦਰਸ਼ਨ ਦੀਦਾਰੇ ਕਰਨਗੇ। ਉਨ੍ਹਾਂ ਕਿਹਾ ਕਿ 29 ਜੂਨ ਨੂੰ ਮਹਾਰਾਜਾ ਰਣਜੀਤ ਸਿੰਘ ਦੇ ਬਰਸੀ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਉਪਰੰਤ ਜਥੇ ਦੀ ਵਾਪਸੀ 30 ਜੂਨ ਨੂੰ ਹੋਵੇਗੀ।

ਜਥੇ ਦੀ ਰਵਾਨਗੀ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਓਐਸਡੀ ਸਤਬੀਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਤੋਂ ਇਲਾਵਾ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਵਧੀਕ ਸਕੱਤਰ ਬਿਜੈ ਸਿੰਘ, ਮੀਤ ਸਕੱਤਰ ਬਲਵਿੰਦਰ ਸਿੰਘ ਖੈਰਾਬਾਦ, ਮਨਜੀਤ ਸਿੰਘ ਤਲਵੰਡੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੇਜਰ ਸਿੰਘ, ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ ਤੇ ਮਲਕੀਤ ਸਿੰਘ ਬਹਿੜਵਾਲ, ਯਾਤਰਾ ਵਿਭਾਗ ਦੇ ਇੰਚਾਰਜ ਜਗਜੀਤ ਸਿੰਘ ਸਮੇਤ ਹੋਰ ਮੌਜੂਦ ਸਨ।

By Gurpreet Singh

Leave a Reply

Your email address will not be published. Required fields are marked *