ਗੁਰਪ੍ਰੀਤ ਸਿੰਘ :- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਸੂਬਾ ਪੱਧਰੀ ਬੈਠਕ ’ਚ ਕਿਸਾਨਾਂ ਨਾਲ ਜੁੜੇ ਵੱਖ-ਵੱਖ ਮੁੱਦਿਆਂ ’ਤੇ ਚਰਚਾ ਕੀਤੀ ਗਈ। ਬੈਠਕ ’ਚ ਸੰਗਠਨ ਦੇ ਜ਼ਿਲ੍ਹਾ ਅਤੇ ਬਲਾਕ ਪ੍ਰਧਾਨਾਂ ਨੇ ਹਿੱਸਾ ਲਿਆ।
ਬੈਠਕ ਤੋਂ ਬਾਅਦ ਪੱਤਰਕਾਰਾਂ ਨੂੰ ਸੰਗਠਨ ਦੇ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਪੀਏਡੀਬੀ ਬੈਂਕਾਂ ਵੱਲੋਂ ਕਿਸਾਨਾਂ ਦੇ ਨਾਲ ਕਥਿਤ ਰੂਪ ਨਾਲ ਕੀਤੀਆਂ ਜਾ ਰਹੀਆਂ ਬੇਨਿਯਮੀਆਂ ਦੇ ਖ਼ਿਲਾਫ਼ ਅੰਦੋਲਨ ਨੂੰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਕਿਸਾਨਾਂ ਨੇ ਕਰਜ਼ੇ ਦੇ ਬਦਲੇ ਆਪਣੀ ਜ਼ਮੀਨ ਗਹਿਣੇ ਰੱਖੀ ਹੋਈ ਹੈ, ਉਨ੍ਹਾਂ ਤੋਂ ਵੱਖਰੇ ਤੌਰ ’ਤੇ ਖਾਲੀ ਚੈੱਕ ਤੇ ਹੋਰ ਸੁਰੱਖਿਆ ਦਸਤਾਵੇਜ਼ ਲੈਣਾ ਗ਼ਲਤ ਹੈ। ਉਨ੍ਹਾਂ ਦਾ ਦਾਅਵਾ ਸੀ ਕਿ ਅਧਿਕਾਰੀਆਂ ਨੇ ਵੀ ਮੰਨਿਆ ਹੈ ਕਿ ਜ਼ਮੀਨ ਗਹਿਣੇ ਹੋਣ ਦੀ ਸਥਿਤੀ ’ਚ ਵਾਧੂ ਚੈੱਕ ਲੈਣ ਦੀ ਜ਼ਰੂਰਤ ਨਹੀਂ ਹੈ, ਪਰ ਇਸ ਨੂੰ ਬੰਦ ਕਰਨ ਦੇ ਸਬੰਧ ’ਚ ਕੋਈ ਫ਼ੈਸਲਾ ਨਹੀਂ ਲਿਆ ਜਾ ਰਿਹਾ। ਡੱਲੇਵਾਲ ਨੇ ਦੋਸ਼ ਲਾਇਆ ਕਿ ਕੁਝ ਬੈਂਕ ਅਧਿਕਾਰੀਆਂ ਤੇ ਬਾਹਰੀ ਵਿਅਕਤੀਆਂ ਦੀ ਮਿਲੀਭੁਗਤ ਨਾਲ ਕਿਸਾਨਾਂ ਦਾ ਆਰਥਿਕ ਸ਼ੋਸ਼ਣ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਜਿਨ੍ਹਾਂ ਕਿਸਾਨਾਂ ਨੇ ਆਪਣਾ ਕਰਜ਼ਾ ਅਦਾ ਕਰ ਦਿੱਤਾ ਹੈ, ਉਨ੍ਹਾਂ ਦੇ ਚੈੱਕ ਤੇ ਜ਼ਮੀਨ ਦੇ ਦਸਤਾਵੇਜ਼ ਤੁਰੰਤ ਵਾਪਸ ਕੀਤੇ ਜਾਣ ਤੇ ਕਥਿਤ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਇਸ ਸਬੰਧ ’ਚ 10 ਜੁਲਾਈ ਨੂੰ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ। ਜੇ ਮੰਗਾਂ ਦਾ ਹੱਲ ਨਾ ਹੋਇਆ ਤਾਂ 14 ਜੁਲਾਈ ਨੂੰ ਪੂਰੇ ਪੰਜਾਬ ਦੇ ਟੋਲ ਪਲਾਜ਼ਾ ਫ੍ਰੀ ਕਰ ਕੇ ਸ਼ਾਂਤੀਪੂਰਨ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਜੇ ਇਸ ਤੋਂ ਬਾਅਦ ਵੀ ਸਰਕਾਰ ਨੇ ਕੋਈ ਕਾਰਵਾਈ ਨਾ ਕੀਤੀ ਤਾਂ ਸੜਕ ਜਾਮ ਸਮੇਤ ਹੋਰ ਵੱਡੇ ਅੰਦੋਲਨ ਕੀਤੇ ਜਾਣਗੇ। ਬੈਠਕ ’ਚ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਤੇ ਕਿਸਾਨਾਂ ਨਾਲ ਜੁੜੇ ਹੋਰ ਮੁੱਦਿਆਂ ’ਤੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ।
