ਗੁਰਪ੍ਰੀਤ ਸਿੰਘ :- ਫਤਿਹਗੜ੍ਹ ਸਾਹਿਬ ਵਿੱਚ ਇੱਕ ਵਿਅਕਤੀ ਦਾ ਕਤਲ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਹਮਲਾਵਰ ਅੱਧੀ ਰਾਤ ਨੂੰ ਉਸਦੇ ਘਰ ਵਿੱਚ ਦਾਖਲ ਹੋਇਆ ਅਤੇ ਕਿਰਪਾਨ ਨਾਲ ਹਮਲਾ ਉਸ ਦਾ ਸਿਰ ਧੜ ਤੋਂ ਵੱਖ ਕਰ ਦਿੱਤਾ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ। ਇਹ ਘਟਨਾ ਸੋਮਵਾਰ ਰਾਤ ਦੀ ਹੈ ਅਤੇ ਮ੍ਰਿਤਕ ਦੀ ਪਛਾਣ ਮੇਵਾ ਸਿੰਘ ਵਜੋਂ ਹੋਈ ਹੈ।
ਕਤਲ ਤੋਂ ਬਾਅਦ ਇਹ ਜਾਣਕਾਰੀ ਸਾਹਮਣੇ ਆਈ ਹੈ ਕਿ ਮ੍ਰਿਤਕ ਮੇਵਾ ਸਿੰਘ ਮੰਡੀ ਗੋਬਿੰਦਗੜ੍ਹ ਦੇ ਲਾਡਪੁਰ ਤੁਰਨ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਬੇਅਦਬੀ ਦਾ ਮੁਲਜ਼ਮ ਸੀ ਅਤੇ ਇਸ ਵੇਲੇ ਉਹ ਪਿਛਲੇ ਸੱਤ ਮਹੀਨਿਆਂ ਤੋਂ ਜ਼ਮਾਨਤ ‘ਤੇ ਬਾਹਰ ਆਇਆ ਹੋਇਆ ਸੀ। ਉਸ ਵਿਰੁੱਧ ਮੰਡੀ ਗੋਬਿੰਦਗੜ੍ਹ ਪੁਲਿਸ ਸਟੇਸ਼ਨ ਵਿੱਚ ਕੇਸ ਦਰਜ ਹੈ ਅਤੇ ਮਾਮਲਾ ਅਦਾਲਤ ‘ਚ ਵਿਚਾਰ ਅਧੀਨ ਹੈ।
ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ। ਉਨ੍ਹਾਂ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫੋਰੈਂਸਿਕ ਟੀਮ ਵੀ ਘਟਨਾ ਸਥਾਨ ਤੋਂ ਸਬੂਤ ਇਕੱਠੇ ਕਰ ਰਹੀ ਹੈ। ਪੁਲਿਸ ਹਮਲਾਵਰ ਦੀ ਪਛਾਣ ਕਰਨ ਅਤੇ ਕਤਲ ਦੇ ਪਿੱਛੇ ਦੇ ਉਦੇਸ਼ ਦਾ ਪਤਾ ਲਗਾਉਣ ਲਈ ਕੰਮ ਕਰ ਰਹੀ ਹੈ।
