ਪੀਐਮ ਮੋਦੀ ਦਾ ਪੰਜਾਬ-ਚੰਡੀਗੜ੍ਹ ਦੌਰਾ ਅੱਜ, ਕਰੋੜਾਂ ਦੇ ਵਿਕਾਸ ਪ੍ਰਾਜੈਕਟਾਂ ਦੀ ਦੇਣਗੇ ਸੌਗਾਤ

ਗੁਰਪ੍ਰੀਤ ਸਿੰਘ :- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 17 ਜੁਲਾਈ ਨੂੰ ਪੰਜਾਬ ਅਤੇ ਚੰਡੀਗੜ੍ਹ ਦੇ ਇੱਕ ਅਹਿਮ ਦੌਰੇ ‘ਤੇ ਪਹੁੰਚ ਰਹੇ ਹਨ। ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਦਾ ਇਹ ਦੌਰਾ ਸਿਆਸੀ ਅਤੇ ਪ੍ਰਸ਼ਾਸਨਿਕ ਪੱਖ ਤੋਂ ਬੇਹੱਦ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਇਸ ਸਾਲ ਪੰਜਾਬ ਦਾ ਇਹ ਉਨ੍ਹਾਂ ਦਾ ਦੂਜਾ ਦੌਰਾ ਹੈ। ਇਸ ਤੋਂ ਪਹਿਲਾਂ ਉਹ 1 ਫਰਵਰੀ ਨੂੰ ਗੁਰੂ ਰਵਿਦਾਸ ਜੈਅੰਤੀ ਮੌਕੇ ਡੇਰਾ ਸੱਚਖੰਡ ਬੱਲਾਂ ਨਤਮਸਤਕ ਹੋਣ ਆਏ ਸਨ।

ਪ੍ਰਧਾਨ ਮੰਤਰੀ ਆਪਣੀ ਇਸ ਫੇਰੀ ਦੌਰਾਨ ਪੰਜਾਬ ਨੂੰ ਵੱਡੀ ਰਾਹਤ ਦਿੰਦਿਆਂ 5,470 ਕਰੋੜ ਰੁਪਏ ਤੋਂ ਵੱਧ ਦੇ ਰੇਲ ਅਤੇ ਸੜਕੀ ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨਵੇਂ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣਗੇ। ਇਨ੍ਹਾਂ ਪ੍ਰਾਜੈਕਟਾਂ ਨਾਲ ਸੂਬੇ ਵਿੱਚ ਆਵਾਜਾਈ ਦੇ ਸਾਧਨਾਂ ਦੇ ਨਾਲ-ਨਾਲ ਆਰਥਿਕ ਗਤੀਵਿਧੀਆਂ ਨੂੰ ਵੀ ਵੱਡਾ ਹੁਲਾਰਾ ਮਿਲਣ ਦੀ ਉਮੀਦ ਹੈ।

ਪ੍ਰਧਾਨ ਮੰਤਰੀ ਦੀ ਆਮਦ ਨੂੰ ਦੇਖਦੇ ਹੋਏ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਚੰਡੀਗੜ੍ਹ ਅਤੇ ਜਲੰਧਰ ਵਿੱਚ ਸੁਰੱਖਿਆ ਨੂੰ ਲੈ ਕੇ ਹਾਈ ਅਲਰਟ ਜਾਰੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਕਰੀਬ 3,000 ਪੁਲੀਸ ਮੁਲਾਜ਼ਮਾਂ ਨੂੰ ਸੁਰੱਖਿਆ ਘੇਰੇ ਲਈ ਤਾਇਨਾਤ ਕੀਤਾ ਗਿਆ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ।

ਦੂਜੇ ਪਾਸੇ, ਪ੍ਰਧਾਨ ਮੰਤਰੀ ਦੇ ਦੌਰੇ ਨੂੰ ਲੈ ਕੇ ਸੂਬੇ ਦੀਆਂ ਸਿਆਸੀ ਧਿਰਾਂ ਵੀ ਸਰਗਰਮ ਹੋ ਗਈਆਂ ਹਨ। ਵੱਖ-ਵੱਖ ਪਾਰਟੀਆਂ ਨੇ ਪ੍ਰਧਾਨ ਮੰਤਰੀ ਤੋਂ ਪੰਜਾਬ ਲਈ ਵਿਸ਼ੇਸ਼ ਆਰਥਿਕ ਪੈਕੇਜ ਅਤੇ ਕਿਸਾਨਾਂ ਲਈ ਕਰਜ਼ਾ ਮੁਆਫ਼ੀ ਦੀ ਮੰਗ ਕੀਤੀ ਹੈ।

ਇਸ ਦੇ ਨਾਲ ਹੀ, ਸ਼੍ਰੋਮਣੀ ਅਕਾਲੀ ਦਲ ਨੇ ਪ੍ਰਧਾਨ ਮੰਤਰੀ ਅੱਗੇ ਇੱਕ ਅਹਿਮ ਮੰਗ ਰੱਖੀ ਹੈ। ਪਾਰਟੀ ਨੇ ਅਪੀਲ ਕੀਤੀ ਹੈ ਕਿ ਉਹ ਆਪਣੀ ਇਸ ਫੇਰੀ ਦੌਰਾਨ ਕਰਤਾਰਪੁਰ ਸਾਹਿਬ ਲਾਂਘੇ ਦੀ ਤਰਜ਼ ‘ਤੇ ਵਪਾਰਕ ਗਤੀਵਿਧੀਆਂ ਲਈ ਵਾਹਗਾ ਸਰਹੱਦ ਨੂੰ ਮੁੜ ਖੋਲ੍ਹਣ ਦਾ ਐਲਾਨ ਕਰਨ। ਇਹ ਮੰਗ ਪੰਜਾਬ ਦੇ ਵਪਾਰੀ ਵਰਗ ਲਈ ਬਹੁਤ ਮਾਇਨੇ ਰੱਖਦੀ ਹੈ।

ਪ੍ਰਧਾਨ ਮੰਤਰੀ ਦਾ ਇਹ ਦੌਰਾ ਜਿੱਥੇ ਵਿਕਾਸ ਦੇ ਨਵੇਂ ਦਰਵਾਜ਼ੇ ਖੋਲ੍ਹੇਗਾ, ਉੱਥੇ ਹੀ ਚੋਣਾਂ ਨੇੜੇ ਹੋਣ ਕਾਰਨ ਪੰਜਾਬ ਦੀ ਸਿਆਸੀ ਫਿਜ਼ਾ ਵਿੱਚ ਵੀ ਨਵੀਂ ਚਰਚਾ ਛੇੜ ਦਿੱਤੀ ਹੈ। ਹੁਣ ਦੇਖਣਾ ਹੋਵੇਗਾ ਕਿ ਪ੍ਰਧਾਨ ਮੰਤਰੀ ਆਪਣੇ ਸੰਬੋਧਨ ਵਿੱਚ ਪੰਜਾਬ ਲਈ ਹੋਰ ਕੀ ਵੱਡੇ ਐਲਾਨ ਕਰਦੇ ਹਨ

By Gurpreet Singh

Leave a Reply

Your email address will not be published. Required fields are marked *