ਬਹਿਬਲ ਕਲਾਂ ਗੋਲੀ ਕਾਂਡ: ਸੁਖਬੀਰ ਬਾਦਲ ਅੱਜ SIT ਅੱਗੇ ਹੋਣਗੇ ਪੇਸ਼, ਸਾਬਕਾ ਜਥੇਦਾਰ ਦਾ ਬਿਆਨ ਵਧਾ ਸਕਦਾ ਮੁਸ਼ਕਲਾਂ

ਗੁਰਪ੍ਰੀਤ ਸਿੰਘ :- ਅਕਾਲੀ ਦਲ ਤੇ ਪ੍ਰਧਾਨ ਤੇ ਪੰਜਾਬ ਦੇ ਤਤਕਾਲੀ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ 2015 ਦੇ ਬਰਗਾੜੀ ਬੇਅਦਬੀ ਤੇ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਦੀ ਜਾਂਚ ਲਈ ਐਸਆਈਟੀ ਸਾਹਮਣੇ ਆਪਣਾ ਬਿਆਨ ਦਰਜ ਕਰਵਾਉਣਗੇ। ਐਸਆਈਟੀ ਨੇ ਉਨ੍ਹਾਂ ਨੂੰ ਪੁੱਛਗਿੱਛ ਲਈ ਚੰਡੀਗੜ੍ਹ ਬੁਲਾਉਣ ਲਈ ਇੱਕ ਨੋਟਿਸ ਜਾਰੀ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਪੁਸ਼ਟੀ ਕੀਤੀ ਹੈ ਕਿ ਸੁਖਬੀਰ ਬਾਦਲ ਜਾਂਚ ‘ਚ ਸਹਿਯੋਗ ਕਰਨਗੇ ਤੇ ਐਸਆਈਟੀ ਵੱਲੋਂ ਪੁੱਛੇ ਗਏ ਸਾਰੇ ਸਵਾਲਾਂ ਦੇ ਜਵਾਬ ਦੇਣਗੇ।

ਸਾਬਕਾ ਜਥੇਦਾਰ ਦਾ ਬਿਆਨ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਬਿਆਨ ਤੋਂ ਬਾਅਦ ਸੁਖਬੀਰ ਬਾਦਲ ਨੂੰ ਐਸਆਈਟੀ ਨੇ ਸੰਮਨ ਜਾਰੀ ਕੀਤਾ ਹੈ। ਉਨ੍ਹਾਂ ਨੇ ਐਸਆਈਟੀ ਸਾਹਮਣੇ ਬਿਆਨ ਦਰਜ ਕਰਵਾਇਆ ਸੀ ਕਿ ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਬਹਿਬਲ ਕਲਾਂ ਗੋਲੀ ਕਾਂਡ ਦੀ ਜ਼ਿੰਮੇਵਾਰੀ ਕਬੂਲ ਕੀਤੀ ਸੀ।

ਗਿਆਨੀ ਰਘਬੀਰ ਸਿੰਘ ਨੇ ਇਹ ਵੀ ਕਿਹਾ ਕਿ ਇਸ ਕਬੂਲਨਾਮੇ ਬਿਆਨ ਦੀ ਵੀਡੀਓ ਰਿਕਾਰਡਿੰਗ ਸ੍ਰੀ ਅਕਾਲ ਤਖ਼ਤ ਸਾਹਿਬ ਕੋਲ ਹੈ। ਉਨ੍ਹਾਂ ਅਨੁਸਾਰ, ਨਿਹੱਥੇ ਤੇ ਨਿਰਦੋਸ਼ ਪ੍ਰਦਰਸ਼ਨਕਾਰੀਆਂ ‘ਤੇ ਪੁਲਿਸ ਵੱਲੋਂ ਕੀਤੀ ਗਈ ਗੋਲੀਬਾਰੀ ਇੱਕ ਸਾਜ਼ਿਸ਼ ਦੇ ਹਿੱਸੇ ਵਜੋਂ ਕੀਤੀ ਗਈ ਸੀ।

ਬਹਿਬਲ ਕਲਾਂ ਗੋਲੀਕਾਂਡ
ਅਕਤੂਬਰ 2015 ‘ਚ, ਪੁਲਿਸ ਨੇ ਫਰੀਦਕੋਟ ਜ਼ਿਲ੍ਹੇ ਦੇ ਬਹਿਬਲ ਕਲਾਂ ਵਿਖੇ ਪ੍ਰਦਰਸ਼ਨਕਾਰੀਆਂ ‘ਤੇ ਗੋਲੀਬਾਰੀ ਕੀਤੀ। ਉਸ ਸਮੇਂ, ਲੋਕ ਬਹਿਬਲ ਕਲਾਂ, ਕੋਟਕਪੂਰਾ ਤੇ ਹੋਰ ਥਾਵਾਂ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਸਬੰਧਤ ਬੇਅਦਬੀ ਦੀਆਂ ਘਟਨਾਵਾਂ ਦਾ ਵਿਰੋਧ ਕਰ ਰਹੇ ਸਨ। ਪੁਲਿਸ ਗੋਲੀਬਾਰੀ ‘ਚ ਦੋ ਲੋਕਾਂ ਦੀ ਜਾਨ ਚਲੀ ਗਈ, ਜਦੋਂ ਕਿ ਕਈ ਹੋਰ ਜ਼ਖਮੀ ਹੋ ਗਿਆ ਸੀ।

ਸੁਖਬੀਰ ਬਾਦਲ ਕੋਲ ਸੀ ਗ੍ਰਹਿ ਵਿਭਾਗ ਦਾ ਚਾਰਜ
ਘਟਨਾ ਸਮੇਂ, ਸੁਖਬੀਰ ਸਿੰਘ ਬਾਦਲ ਪੰਜਾਬ ਦੇ ਉਪ ਮੁੱਖ ਮੰਤਰੀ ਸਨ ਤੇ ਗ੍ਰਹਿ ਵਿਭਾਗ ਦਾ ਚਾਰਜ ਵੀ ਸੰਭਾਲ ਰਹੇ ਸਨ। ਕਿਉਂਕਿ ਪੁਲਿਸ ਪ੍ਰਸ਼ਾਸਨ ਗ੍ਰਹਿ ਵਿਭਾਗ ਦੇ ਅਧਿਕਾਰ ਖੇਤਰ ‘ਚ ਆਉਂਦਾ ਹੈ, ਇਸ ਲਈ ਵਿਰੋਧੀ ਪਾਰਟੀਆਂ, ਪੀੜਤਾਂ ਦੇ ਪਰਿਵਾਰਾਂ ਤੇ ਵੱਖ-ਵੱਖ ਸੰਗਠਨਾਂ ਨੇ ਗੋਲੀਬਾਰੀ ਦੀ ਘਟਨਾ ਲਈ ਤਤਕਾਲੀ ਸਰਕਾਰ ਤੇ ਇਸ ਦੀ ਲੀਡਰਸ਼ਿਪ ਨੂੰ ਜ਼ਿੰਮੇਵਾਰ ਠਹਿਰਾਇਆ। ਵਿਸ਼ੇਸ਼ ਜਾਂਚ ਟੀਮ (SIT) ਨੇ ਇਸ ਮਾਮਲੇ ਸਬੰਧੀ ਸੁਖਬੀਰ ਬਾਦਲ ਤੋਂ ਕਈ ਵਾਰ ਪੁੱਛਗਿੱਛ ਕੀਤੀ ਹੈ ਤੇ ਜਾਂਚ ਪ੍ਰਕਿਰਿਆ ਅਜੇ ਵੀ ਜਾਰੀ ਹੈ।
ਅਕਾਲੀ ਦਲ ਦਾ ਕਹਿਣਾ- ਰਾਜਨੀਤਿਕ ਬਦਲਾਖੋਰੀ ਦੀ ਕਾਰਵਾਈ
ਸ਼੍ਰੋਮਣੀ ਅਕਾਲੀ ਦਲ ਨੇ ਐਸਆਈਟੀ ਦੀਆਂ ਕਾਰਵਾਈਆਂ ਨੂੰ ਰਾਜਨੀਤਿਕ ਬਦਲਾਖੋਰੀ ਦੀ ਕਾਰਵਾਈ ਦੱਸਿਆ ਹੈ। ਪਾਰਟੀ ਦਾ ਕਹਿਣਾ ਹੈ ਕਿ ਸੁਖਬੀਰ ਬਾਦਲ ਦਾ ਬਹਿਬਲ ਕਲਾਂ ਗੋਲੀਬਾਰੀ ਦੀ ਘਟਨਾ ਨਾਲ ਕੋਈ ਸਬੰਧ ਨਹੀਂ। ਪਾਰਟੀ ਦਾ ਕਹਿਣਾ ਕਿ ਉਹ ਜਾਂਚ ਲਈ ਐਸਆਈਟੀ ਨਾਲ ਪੂਰਾ ਸਹਿਯੋਗ ਕਰਨਗੇ।

By Gurpreet Singh

Leave a Reply

Your email address will not be published. Required fields are marked *