ਗੁਰਪ੍ਰੀਤ ਸਿੰਘ :- ਬਿਹਾਰ ਦੇ ਔਰੰਗਾਬਾਦ ਜ਼ਿਲ੍ਹੇ ਦੇ ਬਰੁਣ ਥਾਣਾ ਖੇਤਰ ਵਿੱਚ ਸ਼ਨੀਵਾਰ ਰਾਤ ਨੂੰ ਰੋਹਤਾਸ ਜ਼ਿਲ੍ਹੇ ਦੇ ਡੀਹਰੀ-ਡਾਲਮੀਆਨਗਰ ਨਗਰ ਪ੍ਰੀਸ਼ਦ ਦੇ ਕਾਰਜਕਾਰੀ ਅਧਿਕਾਰੀ ਵਿਮਲ ਕੁਮਾਰ ਦਾ ਕੁਝ ਹਮਲਾਵਰਾਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ। ਕਤਲ ਦੀ ਇਸ ਵਾਰਦਾਤ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਪੁਲਸ ਸੁਪਰਡੈਂਟ ਉਪੇਂਦਰ ਨਾਥ ਵਰਮਾ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਹੋਇਆ ਕਿਹਾ ਕਿ ਕਾਰਜਕਾਰੀ ਅਧਿਕਾਰੀ ਸ੍ਰੀ ਕੁਮਾਰ ਰਾਤ ਸੋਨ ਨਹਿਰ ਸਰਵਿਸ ਰੋਡ ਰਾਹੀਂ ਡੇਹਰੀ ਤੋਂ ਪਟਨਾ ਜਾ ਰਹੇ ਸਨ।
ਉਨ੍ਹਾਂ ਕਿਹਾ ਕਿ ਇਸ ਦੌਰਾਨ ਹਥਿਆਰਬੰਦ ਅਪਰਾਧੀਆਂ ਨੇ ਧਨੌਤੀ ਪੁਲ ਨੇੜੇ ਉਨ੍ਹਾਂ ਦੀ ਗੱਡੀ ਰੋਕ ਲਈ ਅਤੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਜ਼ਖਮੀ ਹਾਲਾਤ ਵਿਚ ਅਧਿਕਾਰੀ ਨੂੰ ਰੋਹਤਾਸ ਜ਼ਿਲ੍ਹੇ ਦੇ ਜਮੁਹਾਰ ਸਥਿਤ ਨਾਰਾਇਣ ਮੈਡੀਕਲ ਕਾਲਜ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਸ੍ਰੀ ਵਰਮਾ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੂਰੇ ਇਲਾਕੇ ਨੂੰ ਘੇਰ ਲਿਆ ਗਿਆ ਹੈ ਅਤੇ ਦੋਸ਼ੀਆਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲਾਸ਼ ਨੂੰ ਪੋਸਟਮਾਰਟਮ ਲਈ ਸਦਰ ਹਸਪਤਾਲ ਭੇਜਿਆ ਜਾ ਰਿਹਾ ਹੈ। ਪੁਲਸ ਸੁਪਰਡੈਂਟ ਨੇ ਕਿਹਾ ਕਿ ਘਟਨਾ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
