ਹੰਗਾਮੇ ਨਾਲ ਸ਼ੁਰੂ ਹੋਇਆ ਵਿਧਾਨ ਸਭਾ ਸੈਸ਼ਨ ਦਾ ਤੀਜਾ ਦਿਨ, ਕਾਂਗਰਸ ਦੇ ਕੰਮ ਰੋਕੂ ਮਤੇ ਨਾ-ਮਨਜ਼ੂਰ

ਗੁਰਪ੍ਰੀਤ ਸਿੰਘ :- ਅੱਜ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਤੀਜਾ ਦਿਨ ਹੰਗਾਮੇ ਨਾਲ ਸ਼ੁਰੂ ਹੋਇਆ। ਜਿਵੇਂ ਹੀ ਕਾਰਵਾਈ ਸ਼ੁਰੂ ਹੋਈ, ਕਾਂਗਰਸੀ ਵਿਧਾਇਕਾਂ ਨੇ ਵਿਰੋਧ ਕੀਤਾ ਅਤੇ ਨਾਅਰੇਬਾਜ਼ੀ ਕੀਤੀ। ਵਿਰੋਧੀ ਧਿਰ ਦੇ ਵਿਧਾਇਕ, ਹਮੇਸ਼ਾ ਵਾਂਗ, ਆਪਣੇ ਗਲੇ ਵਿੱਚ ਕਾਲੇ ਪਟਕੇ ਪਾ ਕੇ ਸਦਨ ਵਿੱਚ ਪਹੁੰਚੇ ਅਤੇ ਦੋਸ਼ ਲਗਾਇਆ ਕਿ ਉਨ੍ਹਾਂ ਨਾਲ ਧੱਕਾ-ਮੁੱਕੀ ਕੀਤੀ ਗਈ ਹੈ।

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਦੋਸ਼ ਲਗਾਇਆ ਕਿ ਕਾਂਗਰਸੀ ਵਿਧਾਇਕਾਂ ਨੇ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਲੈ ਕੇ ਸਵੇਰੇ 9.30 ਵਜੇ ਵਿਧਾਨ ਸਭਾ ਦੇ ਪ੍ਰਵੇਸ਼ ਦੁਆਰ ‘ਤੇ ਵਿਰੋਧ ਪ੍ਰਦਰਸ਼ਨ ਕਰਨ ਦੀ ਯੋਜਨਾ ਬਣਾਈ ਸੀ। ਇਸ ਮੁੱਦੇ ‘ਤੇ ਚਰਚਾ ਲਈ ਸਪੀਕਰ ਨੂੰ ਦੋ ਕੰਮ ਰੋਕੂ ਮਤੇ ਵੀ ਸੌਂਪੇ ਗਏ। 

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਦਨ ਸਾਰੇ ਵਿਧਾਇਕਾਂ ਦਾ ਸਤਿਕਾਰ ਕਰਦਾ ਹੈ ਅਤੇ ਇਸ ਪੂਰੇ ਮਾਮਲੇ ਦੀ ਜਾਂਚ ਕੀਤੀ ਜਾਵੇਗੀ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਇਹ ਵੀ ਕਿਹਾ ਕਿ ਜੇਕਰ ਕਿਸੇ ਵਿਧਾਇਕ ਦੇ ਮਾਣ-ਸਨਮਾਨ ਨੂੰ ਠੇਸ ਪਹੁੰਚੀ ਹੈ ਤਾਂ ਮਾਮਲੇ ਦੀ ਜਾਂਚ ਕੀਤੀ ਜਾਵੇਗੀ।

ਇਸ ਦੌਰਾਨ ਸਪੀਕਰ ਨੇ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਵਿਧਾਇਕ ਬਿਕਰਮਜੀਤ ਸਿੰਘ ਚੌਧਰੀ ਅਤੇ ਹੋਰ ਕਾਂਗਰਸੀ ਵਿਧਾਇਕਾਂ ਵੱਲੋਂ ਦੋ ‘ਕੰਮ ਰੋਕੂ’ ਮਤੇ ਦਿੱਤੇ ਗਏ ਸਨ, ਜਿਨ੍ਹਾਂ ਨੂੰ ਨਿਯਮਾਂ ਮੁਤਾਬਕ ਰੱਦ ਕਰ ਦਿੱਤਾ ਗਿਆ।

ਵਿਰੋਧੀ ਧਿਰ ਦੇ ਵਿਧਾਇਕਾਂ ਨੇ ਕੰਮ ਰੋਕੋ ਪ੍ਰਸਤਾਵਾਂ ‘ਤੇ ਸਰਕਾਰ ਤੋਂ ਸਟੇਟ ਮੰਗਿਆ ਜਿਸ ‘ਤੇ ਸਪੀਕਰ ਨੇ ਕਿਹਾ ਕਿ ਜੋ ਪ੍ਰਸਤਾਵ ਕਾਂਗਰਸੀ ਵਿਧਾਇਕਾਂ ਵੱਲੋਂ ਦਿੱਤੇ ਗਏ ਹਨ ਉਨ੍ਹਾਂ ਨੂੰ ਸਵੀਕਾਰ ਕੀਤਾ ਜਾਂਦਾ ਹੈ। ਹੁਣ ਵਿਧਾਨ ਸਭਾ ਦਾ ਪ੍ਰਸ਼ਨ ਕਾਲ ਚੱਲ ਰਿਹਾ ਹੈ।

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਨੇ ਕਿਹਾ ਕਿ ਸਰਕਾਰ ਖਾਦਾਂ ਬਾਰੇ ਕਾਰਵਾਈ ਕਰਦੀ ਹੈ। ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਜੇਕਰ ਨਿਰੀਖਣ ਦੌਰਾਨ ਖਾਦ ਨਕਲੀ ਪਾਈ ਜਾਂਦੀ ਹੈ, ਤਾਂ ਪ੍ਰਚੂਨ ਵਿਕਰੇਤਾ ਵਿਰੁੱਧ ਕਾਰਵਾਈ ਨਹੀਂ ਕੀਤੀ ਜਾਂਦੀ। ਉਨ੍ਹਾਂ ਅੱਗੇ ਕਿਹਾ ਕਿ ਛੋਟੇ ਦੁਕਾਨਦਾਰਾਂ ਵਿਰੁੱਧ ਕਾਰਵਾਈ ਕੀਤੀ ਜਾਂਦੀ ਹੈ। ਜੇਕਰ ਕਿਸੇ ਵੱਡੀ ਕੰਪਨੀ ਵਿਰੁੱਧ ਕਾਰਵਾਈ ਕੀਤੀ ਗਈ ਹੈ, ਤਾਂ ਉਸ ਬਾਰੇ ਜਾਣਕਾਰੀ ਵੀ ਦਿੱਤੀ ਜਾਣੀ ਚਾਹੀਦੀ ਹੈ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਦੋ ਵੱਡੀਆਂ ਕੰਪਨੀਆਂ ਦੇ ਲਾਇਸੈਂਸ ਮੁਅੱਤਲ ਕਰ ਦਿੱਤੇ ਗਏ ਹਨ ਅਤੇ ਦੋ ਨੋਟਿਸ ਵੀ ਜਾਰੀ ਕੀਤੇ ਗਏ ਹਨ। ਜਿੱਥੇ ਵੀ ਲਾਪਰਵਾਹੀ ਪਾਈ ਜਾਂਦੀ ਹੈ, ਉੱਥੇ ਕਾਰਵਾਈ ਕੀਤੀ ਜਾਂਦੀ ਹੈ।

ਦੱਸ ਦੇਈਏ ਕਿ ਅੱਜ ਵਿਧਾਨ ਸਭਾ ਵਿੱਚ ਛੇ ਰਿਪੋਰਟਾਂ ਪੇਸ਼ ਕੀਤੀਆਂ ਜਾਣਗੀਆਂ। ਪੰਜਾਬ ਕਾਮਨ ਇਨਫਰਾਸਟ੍ਰਕਚਰ (ਰੈਗੂਲੇਸ਼ਨ ਐਂਡ ਮੇਨਟੇਨੈਂਸ) ਸੋਧ ਬਿੱਲ, 2026 ਵੀ ਸਦਨ ਵਿੱਚ ਪੇਸ਼ ਕੀਤਾ ਜਾਵੇਗਾ। ਵਿਰੋਧੀ ਧਿਰ ਫਾਰਮੇਸੀ ਪੇਪਰ ਲੀਕ, ਮਹਿੰਗਾਈ ਭੱਤਾ (ਡੀਏ) ਅਤੇ ਹੋਰ ਜਨਤਕ ਹਿੱਤ ਮੁੱਦਿਆਂ ‘ਤੇ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਰਹੀ ਹੈ। 10 ਅਗਸਤ ਤੱਕ ਚੱਲਣ ਵਾਲਾ ਇਹ ਮਾਨਸੂਨ ਸੈਸ਼ਨ ਮੌਜੂਦਾ ਸਰਕਾਰ ਦੇ ਕਾਰਜਕਾਲ ਦਾ ਆਖਰੀ ਸੈਸ਼ਨ ਹੈ।

By Gurpreet Singh

Leave a Reply

Your email address will not be published. Required fields are marked *