ਗੁਰਪ੍ਰੀਤ ਸਿੰਘ :- ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 199ਵੇਂ ਦਿਨ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਸੂਬੇ ਭਰ ’ਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਤੇ ਮੈਪ ਕੀਤੇ 731 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ 2026 ਨੂੰ ਡੀਜੀਪੀ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐੱਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ’ਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।
199ਵੇਂ ਦਿਨ ਪੁਲਿਸ ਟੀਮਾਂ ਨੇ 4 ਹਥਿਆਰਾਂ ਸਮੇਤ 429 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 57,767 ਹੋ ਗਈਆਂ। ਇਸ ਤੋਂ ਇਲਾਵਾ 281 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 14 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਤੇ ਗੈਂਗਸਟਰਾਂ ਬਾਰੇ ਗੁਪਤ ਰੂਪ ’ਚ ਜਾਣਕਾਰੀ ਦੇ ਸਕਦੇ ਹਨ ਤੇ ਅਪਰਾਧ ਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।
ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ 524ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 94 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਤੇ ਉਨ੍ਹਾਂ ਦੇ ਕਬਜ਼ੇ ’ਚੋਂ 23.5 ਕਿੱਲੋ ਹੈਰੋਇਨ, 970 ਗ੍ਰਾਮ ਆਈਸੀਈ, 11 ਕਿੱਲੋ ਭੁੱਕੀ, 370 ਨਸ਼ੀਲੀਆਂ ਗੋਲੀਆਂ ਤੇ 8950 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 524 ਦਿਨਾਂ ’ਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 75,496 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 8 ਵਿਅਕਤੀਆਂ ਨੂੰ ਨਸ਼ਾ ਛੁਡਾਊ ਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
