ਝੋਨੇ ਦੀ ਖਰੀਦ ਤੋਂ ਪਹਿਲਾਂ ਪੰਜਾਬ ਨੂੰ ਵੱਡੀ ਰਾਹਤ, 20 ਸਤੰਬਰ ਤੱਕ ਚੁੱਕਿਆ ਜਾਵੇਗਾ 18 ਲੱਖ ਟਨ ਪੁਰਾਣਾ ਅਨਾਜ

ਗੁਰਪ੍ਰੀਤ ਸਿੰਘ :- ਝੋਨੇ ਦੀ ਖਰੀਦ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਪੰਜਾਬ ਸਰਕਾਰ ਨੂੰ ਵੱਡੀ ਰਾਹਤ ਮਿਲੀ ਹੈ। ਕੇਂਦਰ ਸਰਕਾਰ ਨੇ ਪੰਜਾਬ ਦੀਆਂ ਮੰਡੀਆਂ ਅਤੇ ਗੋਦਾਮਾਂ ਵਿੱਚ ਪਏ 18 ਲੱਖ ਮੀਟ੍ਰਿਕ ਟਨ ਪੁਰਾਣੇ ਅਨਾਜ ਨੂੰ 20 ਸਤੰਬਰ ਤੱਕ ਚੁੱਕਣ ’ਤੇ ਸਹਿਮਤੀ ਦਿੱਤੀ ਹੈ। ਇਸ ਨਾਲ ਆਉਣ ਵਾਲੇ ਝੋਨੇ ਦੀ ਖਰੀਦ ਲਈ ਭੰਡਾਰਨ ਦੀ ਥਾਂ ਖਾਲੀ ਹੋਵੇਗੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨਿੱਚਰਵਾਰ ਨੂੰ ਨਵੀਂ ਦਿੱਲੀ ਵਿੱਚ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਪ੍ਰਹਿਲਾਦ ਜੋਸ਼ੀ ਅਤੇ ਕੇਂਦਰੀ ਬਿਜਲੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕਰਕੇ ਪੰਜਾਬ ਨਾਲ ਸਬੰਧਤ ਮੁੱਦੇ ਉਠਾਏ। ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ 2026-27 ਦੇ ਖਰੀਫ਼ ਸੀਜ਼ਨ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ ਅਤੇ ਕਿਸਾਨਾਂ ਨੂੰ ਫ਼ਸਲ ਵੇਚਣ ਵਿੱਚ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।

ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ਦੀਆਂ ਖਰੀਦ ਏਜੰਸੀਆਂ ਹੁਣ ਤੱਕ ਭਾਰਤੀ ਖੁਰਾਕ ਨਿਗਮ (ਐੱਫਸੀਆਈ) ਨੂੰ 86 ਲੱਖ ਮੀਟ੍ਰਿਕ ਟਨ ਚੌਲ ਮੁਹੱਈਆ ਕਰਵਾ ਚੁੱਕੀਆਂ ਹਨ। 18 ਲੱਖ ਟਨ ਪੁਰਾਣਾ ਸਟਾਕ ਚੁੱਕੇ ਜਾਣ ਨਾਲ ਬਕਾਇਆ ਚੌਲ ਨੂੰ ਕੇਂਦਰੀ ਪੂਲ ਵਿੱਚ ਭੇਜਣ ਲਈ ਵੀ ਥਾਂ ਮਿਲੇਗੀ।

180 ਲੱਖ ਟਨ ਝੋਨੇ ਦੀ ਖਰੀਦ ਦਾ ਅਨੁਮਾਨ

ਮਾਨ ਨੇ ਕਿਹਾ ਕਿ ਇਸ ਸਾਲ ਪੰਜਾਬ ਵਿੱਚ ਕਰੀਬ 180 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋਣ ਦਾ ਅਨੁਮਾਨ ਹੈ ਅਤੇ ਸੂਬਾ ਕਰੀਬ 170 ਲੱਖ ਟਨ ਮਿਆਰੀ ਚੌਲ ਕੇਂਦਰ ਨੂੰ ਦੇਣ ਦੀ ਉਮੀਦ ਕਰ ਰਿਹਾ ਹੈ। ਉਨ੍ਹਾਂ ਕੇਂਦਰ ਤੋਂ ਮੰਡੀਆਂ ਅਤੇ ਚੌਲ ਮਿੱਲਾਂ ਵਿੱਚ ਪਏ 27 ਲੱਖ ਮੀਟ੍ਰਿਕ ਟਨ ਕਣਕ ਦੇ ਸਟਾਕ ਨੂੰ ਵੀ ਦੂਜੇ ਸੂਬਿਆਂ ਵਿੱਚ ਤੁਰੰਤ ਭੇਜਣ ਦੀ ਮੰਗ ਕੀਤੀ, ਤਾਂ ਜੋ ਝੋਨੇ ਦੇ ਸੀਜ਼ਨ ਲਈ ਹੋਰ ਭੰਡਾਰਨ ਥਾਂ ਉਪਲਬਧ ਹੋ ਸਕੇ।

By Gurpreet Singh

Leave a Reply

Your email address will not be published. Required fields are marked *