ਕੌਮੀ ਇਨਸਾਫ਼ ਮੋਰਚਾ ਵੱਲੋਂ ਜਗਤਾਰ ਹਵਾਰਾ ਦੀ ਪੈਰੋਲ ਲਈ CM ਮਾਨ ਦੇ ਪੱਤਰ ਦਾ ਸਵਾਗਤ

ਚੰਡੀਗੜ੍ਹ :- ਕੌਮੀ ਇਨਸਾਫ਼ ਮੋਰਚਾ ਦੇ ਕਨਵੀਨਰ ਭਾਈ ਪਾਲ ਸਿੰਘ ਫ਼ਰਾਂਸ ਵੱਲੋਂ ਜਗਤਾਰ ਹਵਾਰਾ ਦੀ ਪੈਰੋਲ ਲਈ ਪੰਜਾਬ ਦੇ CM ਭਗਵੰਤ ਮਾਨ ਦੇ ਪੱਤਰ ਦਾ ਸਵਾਗਤ ਕੀਤਾ ਗਿਆ ਹੈ। ਦੱਸ ਦਈਏ ਕਿ ਕੌਮੀ ਇਨਸਾਫ਼ ਮੋਰਚਾ ਦੇ ਕਨਵੀਨਰ ਭਾਈ ਪਾਲ ਸਿੰਘ ਫ਼ਰਾਂਸ ਬੰਦੀ ਸਿੰਘਾਂ ਦੀ ਰਿਹਾਈ ਲਈ 7 ਜਨਵਰੀ 2023 ਤੋਂ ਚੰਡੀਗੜ੍ਹ ਦੀਆਂ ਬਰੂਹਾਂ ’ਤੇ ਡਟੇ ਹੋਏ ਹਨ।

ਹਾਲਾਂਕਿ, ਭਾਈ ਪਾਲ ਸਿੰਘ ਫ਼ਰਾਂਸ ਨੇ ਸਿਰਫ਼ 10 ਦਿਨਾਂ ਦੀ ਪੈਰੋਲ ਦੀ ਸਿਫ਼ਾਰਸ਼ ’ਤੇ ਨਾਰਾਜ਼ਗੀ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਪੈਰੋਲ ਦੇਣ ਦੀ ਪਹਿਲ ਕੀਤੀ ਹੈ ਤਾਂ ਇਸ ਦੀ ਮਿਆਦ ਵਧਾਈ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਭਾਈ ਜਗਤਾਰ ਸਿੰਘ ਹਵਾਰਾ ਨੂੰ 10 ਦਿਨਾਂ ਦੀ ਬਜਾਏ ਵੱਧ ਸਮੇਂ ਲਈ ਪੈਰੋਲ ਦਿੱਤੀ ਜਾਵੇ, ਤਾਂ ਜੋ ਪਰਿਵਾਰ ਨਾਲ ਮੁਲਾਕਾਤ ਅਤੇ ਹੋਰ ਲੋੜੀਂਦੇ ਕਾਰਜਾਂ ਲਈ ਉਨ੍ਹਾਂ ਨੂੰ ਉਚਿਤ ਸਮਾਂ ਮਿਲ ਸਕੇ।

ਜ਼ਿਕਰਯੋਗ ਹੈ ਕਿ ਬੀਤੇ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਅਪੀਲ ਕੀਤੀ ਕਿ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਤਾ ਨੂੰ ਮਿਲਣ ਲਈ 10 ਦਿਨਾਂ ਦੀ ਪੈਰੋਲ ਦਿੱਤੀ ਜਾਵੇ। ਰਾਜਪਾਲ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਵਡੇਰੀ ਉਮਰ ਹੋਣ ਕਾਰਨ ਜਗਤਾਰ ਸਿੰਘ ਹਵਾਰਾ ਦੀ ਮਾਤਾ ਜੀ ਸਿਹਤ ਸੰਬੰਧੀ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ। ਇਸ ਕਾਰਨ ਉਨ੍ਹਾਂ ਦੀ ਸਿਹਤ ਵਿਗੜ ਰਹੀ ਹੈ, ਜੋ ਕਿ ਹਰ ਕਿਸੇ ਲਈ ਚਿੰਤਾ ਦਾ ਗੰਭੀਰ ਵਿਸ਼ਾ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਗਤਾਰ ਸਿੰਘ ਹਵਾਰਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਵਿੱਚ ਵੀ ਪੈਰੋਲ ‘ਤੇ ਰਿਹਾਈ ਦੇ ਆਦੇਸ਼ ਦੇਣ ਦੀ ਮੰਗ ਕਰਦਿਆਂ ਪਟੀਸ਼ਨ ਸੀ.ਆਰ.ਡਬਲਯੂ.ਪੀ. ਨੰਬਰ-3868/2026 ਦਾਇਰ ਕੀਤੀ ਹੋਈ ਹੈ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਹਾਈ ਕੋਰਟ ਨੇ ਵੀ ਨਿਰਦੇਸ਼ ਦਿੱਤੇ ਹਨ ਕਿ ਉਸ ਦੀ ਪੈਰੋਲ ਦੀ ਅਰਜ਼ੀ ‘ਤੇ ਵਿਚਾਰ ਕੀਤਾ ਜਾਵੇ।” ਇਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਰਾਜਪਾਲ ਨੂੰ ਬੇਨਤੀ ਕੀਤੀ ਕਿ ਹਮਦਰਦੀ ਦੇ ਆਧਾਰ ‘ਤੇ ਜਗਤਾਰ ਸਿੰਘ ਹਵਾਰਾ ਨੂੰ ਜਲਦ ਤੋਂ ਜਲਦ 10 ਦਿਨਾਂ ਦੀ ਪੈਰੋਲ ਦੇਣ ‘ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇ। ਉਨ੍ਹਾਂ ਕਿਹਾ, “ਉਨ੍ਹਾਂ ਦੀ ਮਾਤਾ ਜੀ ਦੀ ਵਿਗੜ ਰਹੀ ਸਿਹਤ ਦੇ ਮੱਦੇਨਜ਼ਰ ਇਹ ਬਹੁਤ ਜ਼ਰੂਰੀ ਹੈ।”

By Gurpreet Singh

Leave a Reply

Your email address will not be published. Required fields are marked *