ਪਟਿਆਲਾ, 23 ਅਗਸਤ (ਗੁਰਪ੍ਰੀਤ ਸਿੰਘ) : ਪਟਿਆਲਾ ਵਿੱਚ ਤੀਜ ਦੇ ਤਿਉਹਾਰ ਦੇ ਮੌਕੇ ਆਯੋਜਿਤ ਰਾਜ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਅਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਦਾ ਪਟਿਆਲਾ ਦਿਹਾਤੀ ਵਿੱਚ ਪਹੁੰਚਣ ‘ਤੇ ਨਿੱਘਾ ਸਵਾਗਤ ਕੀਤਾ। ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਅਤੇ ਇਲਾਕਾ ਨਿਵਾਸੀਆਂ ਨੇ ਸ਼ਿਰਕਤ ਕਰਕੇ ਤੀਆਂ ਦੇ ਮੇਲੇ ਦੀ ਰੌਣਕ ਵਧਾਈ।

ਡਾ. ਗੁਰਪ੍ਰੀਤ ਕੌਰ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਤੀਜ ਦਾ ਤਿਉਹਾਰ ਪੰਜਾਬੀ ਔਰਤਾਂ ਲਈ ਖੁਸ਼ੀ, ਮਿਲਾਪ, ਆਪਸੀ ਭਾਈਚਾਰੇ ਅਤੇ ਪਿਆਰ ਦਾ ਸੰਦੇਸ਼ ਲੈ ਕੇ ਆਉਂਦਾ ਹੈ। ਇਹ ਪੰਜਾਬੀ ਸੱਭਿਆਚਾਰ ਅਤੇ ਪਰੰਪਰਾਗਤ ਵਿਰਾਸਤ ਦਾ ਅਟੁੱਟ ਅੰਗ ਹੈ, ਜੋ ਨਵੀਂ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਪਿੰਡ-ਪਿੰਡ ਅਤੇ ਸ਼ਹਿਰ-ਸ਼ਹਿਰ ਤੀਜ ਦੇ ਮੇਲੇ ਆਯੋਜਿਤ ਕੀਤੇ ਜਾ ਰਹੇ ਹਨ, ਤਾਂ ਜੋ ਪੰਜਾਬੀ ਵਿਰਾਸਤ ਦੀਆਂ ਪਰੰਪਰਾਵਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਦਮ ਚੁੱਕੇ ਹਨ। ਉਨ੍ਹਾਂ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ, ਮਹੱਲਾ ਕਲੀਨਿਕ ਅਤੇ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਨ੍ਹਾਂ ਯੋਜਨਾਵਾਂ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਡਾ. ਮਾਨ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕਰਦਿਆਂ ਕਿਹਾ ਕਿ ਇੰਨੇ ਵੱਡੇ ਇਕੱਠ ਨੂੰ ਸੁਚੱਜੇ ਢੰਗ ਨਾਲ ਸੰਭਾਲਣਾ ਸ਼ਲਾਘਾਯੋਗ ਕਾਰਜ ਹੈ। ਉਨ੍ਹਾਂ ਕਿਹਾ ਕਿ ਸਮਾਗਮ ਵਿੱਚ ਪਹੁੰਚੀਆਂ ਮਾਵਾਂ ਅਤੇ ਧੀਆਂ ਦੀਆਂ ਸਹੂਲਤਾਂ ਅਤੇ ਸੁਰੱਖਿਆ ਦਾ ਵਿਸ਼ੇਸ਼ ਧਿਆਨ ਰੱਖਿਆ ਗਿਆ ਹੈ।
ਇਸ ਮੌਕੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ, “ਇਹੀ ਹੈ ਮਾਨ ਸਰਕਾਰ ਦੇ ਰੰਗਲੇ ਪੰਜਾਬ ਦੀ ਤਸਵੀਰ—ਪੰਜਾਬੀ ਵਿਰਾਸਤ ਦੇ ਰੰਗ, ਧੀਆਂ-ਭੈਣਾਂ ਦਾ ਸਤਿਕਾਰ ਅਤੇ ਲੋਕਾਂ ਦੀ ਖੁਸ਼ੀ।” ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਅਤੇ ਨੌਜਵਾਨ ਪੀੜ੍ਹੀ ਨੂੰ ਆਪਣੀ ਵਿਰਾਸਤ ਨਾਲ ਜੋੜਨ ਲਈ ਮਹੱਤਵਪੂਰਨ ਹਨ।

ਸਮਾਗਮ ਦੌਰਾਨ ਤੀਆਂ ਦੇ ਪਰੰਪਰਾਗਤ ਰੰਗ, ਸੱਭਿਆਚਾਰਕ ਪੇਸ਼ਕਾਰੀਆਂ ਅਤੇ ਔਰਤਾਂ ਦੀ ਵੱਡੀ ਭਾਗੀਦਾਰੀ ਨੇ ਮਾਹੌਲ ਨੂੰ ਖੁਸ਼ਨੁਮਾ ਬਣਾ ਦਿੱਤਾ। ਇਸ ਮੌਕੇ ਔਰਤਾਂ ਨੂੰ ਪੰਜਾਬੀ ਸੱਭਿਆਚਾਰ ਦਾ ਪ੍ਰਤੀਕ ਫੁਲਕਾਰੀਆਂ ਵੀ ਵੰਡੀਆਂ ਗਈਆਂ, ਜਿਸ ਨਾਲ ਔਰਤਾਂ ਵਿੱਚ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲਿਆ।
