ਗੁਰਪ੍ਰੀਤ ਸਿੰਘ :- ਫ਼ਿਰੋਜ਼ਪੁਰ ਵਿੱਚ ਬੀ ਐੱਸ ਐੱਫ਼ (BSF) ਅਤੇ ਪੰਜਾਬ ਪੁਲੀਸ ਨੇ ਸਾਂਝੇ ਤਲਾਸ਼ੀ ਅਭਿਆਨ ਦੌਰਾਨ ਕਾਮਯਾਬੀ ਹਾਸਲ ਕਰਦਿਆਂ ਪਿੰਡ ਕਿਲਚੇ ਤੋਂ 2 ਕਿਲੋ 264 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਦੌਰਾਨ ਇੱਕ ਨਸ਼ਾ ਤਸਕਰ ਸੁਖਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਉਸ ਦਾ ਸਾਥੀ ਰਾਜਵੀਰ ਉਰਫ਼ ਤਾਰੀ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਰਿਹਾ। ਇਸ ਸੰਬੰਧੀ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਬੀ ਐੱਸ ਐੱਫ਼ (BSF) ਦੇ ਅਸਿਸਟੈਂਟ ਕਮਾਂਡੈਂਟ ਰਾਜੇਸ਼ ਕੁਮਾਰ ਦੀ ਅਗਵਾਈ ਵਿੱਚ ਕੀਤੀ ਗਈ ਇਸ ਕਾਰਵਾਈ ਦੌਰਾਨ ਪਿੰਡ ਕਿਲਚੇ ਵਿਖੇ ਸ਼ੱਕੀ ਵਿਅਕਤੀਆਂ ਦੀ ਮੌਜੂਦਗੀ ਦੀ ਸੂਚਨਾ ’ਤੇ ਛਾਪੇਮਾਰੀ ਕੀਤੀ ਗਈ। ਪੁਲੀਸ ਪਾਰਟੀ ਨੇ ਮੌਕੇ ’ਤੇ ਪਹੁੰਚ ਕੇ ਸੁਖਵਿੰਦਰ ਸਿੰਘ ਵਾਸੀ ਪਿੰਡ ਕਿਲਚੇ, ਥਾਣਾ ਸਦਰ ਫਿਰੋਜ਼ਪੁਰ ਨੂੰ ਕਾਬੂ ਕੀਤਾ। ਮੁਲਜ਼ਮ ਸੁਖਵਿੰਦਰ ਸਿੰਘ ਦੀ ਤਲਾਸ਼ੀ ਲੈਣ ’ਤੇ ਉਸ ਕੋਲੋਂ 2 ਕਿਲੋ 264 ਗ੍ਰਾਮ ਹੈਰੋਇਨ ਦੇ ਦੋ ਪੈਕੇਟ ਬਰਾਮਦ ਹੋਏ। ਇਸ ਦੌਰਾਨ ਇੱਕ ਹੋਰ ਮੁਲਜ਼ਮ ਰਾਜਵੀਰ ਉਰਫ਼ ਤਾਰੀ ਵਾਸੀ ਪਿੰਡ ਕਿਲਚੇ, ਜੋ ਘਟਨਾ ਸਮੇਂ ਮੌਕੇ ’ਤੇ ਮੌਜੂਦ ਸੀ, ਪੁਲੀਸ ਨੂੰ ਵੇਖ ਕੇ ਭੱਜਣ ਵਿੱਚ ਕਾਮਯਾਬ ਹੋ ਗਿਆ।
ਉਸ ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ ਅਤੇ ਪੁਲੀਸ ਟੀਮਾਂ ਉਸ ਦੀ ਭਾਲ ਵਿੱਚ ਛਾਪੇਮਾਰੀ ਕਰ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਫਿਰੋਜ਼ਪੁਰ ਦੇ ਮੁਖੀ ਸੁਖਬੀਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਸੁਖਵਿੰਦਰ ਸਿੰਘ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਫ਼ਰਾਰ ਮੁਲਜ਼ਮ ਰਾਜਵੀਰ ਉਰਫ਼ ਤਾਰੀ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਉਸ ਤੋਂ ਵੀ ਪੁੱਛਗਿੱਛ ਕੀਤੀ ਜਾਵੇਗੀ ਕਿ ਇਸ ਵੱਡੀ ਖੇਪ ਦੀ ਸਪਲਾਈ ਕਿੱਥੇ ਕਰਨੀ ਸੀ। ਪੁਲੀਸ ਨੇ ਦੱਸਿਆ ਕਿ ਇਹ ਹੈਰੋਇਨ ਕੌਮਾਂਤਰੀ ਪੱਧਰ ਦੀ ਤਸਕਰੀ ਦਾ ਹਿੱਸਾ ਜਾਪਦੀ ਹੈ ਅਤੇ ਇਸ ਮਾਮਲੇ ਵਿੱਚ ਹੋਰ ਵੀ ਕੁਝ ਲੋਕਾਂ ਦੀ ਸ਼ਮੂਲੀਅਤ ਵੀ ਹੋ ਸਕਦੀ ਹੈ। ਪੁਲੀਸ ਇਸ ਗਿਰੋਹ ਦੇ ਹੋਰ ਮੈਂਬਰਾਂ ਬਾਰੇ ਵੀ ਜਾਣਕਾਰੀ ਇਕੱਠੀ ਕਰ ਰਹੀ ਹੈ। ਮੁਲਜ਼ਮ ਸੁਖਵਿੰਦਰ ਸਿੰਘ ਪਹਿਲਾਂ ਵੀ ਨਸ਼ਾ ਤਸਕਰੀ ਦੇ ਇੱਕ ਮਾਮਲੇ ਵਿੱਚ ਸ਼ਾਮਲ ਰਹਿ ਚੁੱਕਾ ਹੈ ਅਤੇ ਉਸ ਖ਼ਿਲਾਫ਼ ਪਹਿਲਾਂ ਵੀ ਕੇਸ ਦਰਜ ਹਨ।
