ਅੰਮ੍ਰਿਤਸਰ ‘ਚ ਨਸ਼ਿਆਂ ਖ਼ਿਲਾਫ਼ ਪੁਲਿਸ ਦਾ ਵੱਡਾ ਸਰਚ ਆਪ੍ਰੇਸ਼ਨ; 150 ਦੇ ਕਰੀਬ ਪੁਲਿਸ ਮੁਲਾਜ਼ਮਾਂ ਨੇ ਕੀਤੀ ਚੈਕਿੰਗ

ਗੁਰਪ੍ਰੀਤ ਸਿੰਘ :- ਅੰਮ੍ਰਿਤਸਰ ‘ਚ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਖ਼ਿਲਾਫ਼ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਕਮਿਸ਼ਨਰ ਦੇ ਹੁਕਮਾਂ ’ਤੇ ਅੱਜ ਸਵੇਰੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਵੱਡੇ ਪੱਧਰ ’ਤੇ ਕਾਰਡਨ ਐਂਡ ਸਰਚ ਆਪ੍ਰੇਸ਼ਨ ਚਲਾਇਆ ਗਿਆ।

ਤੜਕਸਾਰ ਪੁਲਿਸ ਨੇ ਚਲਾਇਆ ਸਰਚ ਆਪਰੇਸ਼ਨ 

ਪੁਲਿਸ ਵੱਲੋਂ ਵਾਲਮੀਕਿ ਮੁਹੱਲਾ, ਅਨਗੜ੍ਹ ਅਤੇ ਸ਼ੇਖਾਂ ਬਾਜ਼ਾਰ ਸਮੇਤ ਉਨ੍ਹਾਂ ਇਲਾਕਿਆਂ ਨੂੰ ਨਿਸ਼ਾਨਾ ਬਣਾਇਆ ਗਿਆ, ਜਿੱਥੇ ਨਸ਼ਾ ਵੇਚਣ ਅਤੇ ਨਸ਼ਾ ਤਸਕਰੀ ਸਬੰਧੀ ਪੁਲਿਸ ਨੂੰ ਜਾਣਕਾਰੀ ਮਿਲੀ ਸੀ। ਤੜਕਸਾਰ ਹੀ ਪੁਲਿਸ ਨੇ ਪਹਿਲਾਂ ਪੂਰੇ ਇਲਾਕੇ ਦੀ ਘੇਰਾਬੰਦੀ ਕਰਕੇ ਉਸ ਨੂੰ ਸੀਲ ਕੀਤਾ ਅਤੇ ਇਸ ਤੋਂ ਬਾਅਦ ਘਰਾਂ ਅਤੇ ਸ਼ੱਕੀ ਥਾਵਾਂ ’ਤੇ ਸਰਚ ਆਪ੍ਰੇਸ਼ਨ ਚਲਾਇਆ ਗਿਆ।

ਪੁਲਿਸ ਨੇ ਪੂਰੇ ਇਲਾਕੇ ਦੀ ਕੀਤੀ ਚੈਕਿੰਗ 

ਇਸ ਪੂਰੇ ਆਪ੍ਰੇਸ਼ਨ ਦੀ ਅਗਵਾਈ ਡੀਸੀਪੀ ਲਾਅ ਐਂਡ ਆਰਡਰ ਰਵਿੰਦਰਪਾਲ ਸਿੰਘ ਵੱਲੋਂ ਕੀਤੀ ਗਈ। ਉਨ੍ਹਾਂ ਦੇ ਨਾਲ ਏਡੀਸੀਪੀ ਸਿਟੀ-1, ਏਸੀਪੀ ਸੈਂਟਰਲ, ਗੇਟ ਹਕੀਮਾਂ ਅਤੇ ਡੀ-ਡਿਵੀਜ਼ਨ ਦੇ ਐਸਐਚਓ ਸਮੇਤ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਮੌਜੂਦ ਰਹੀ। ਕਰੀਬ 150 ਪੁਲਿਸ ਮੁਲਾਜ਼ਮਾਂ ਨੂੰ ਵੱਖ-ਵੱਖ ਟੀਮਾਂ ਵਿੱਚ ਵੰਡ ਕੇ ਇਲਾਕੇ ਦੀ ਚੈਕਿੰਗ ਕੀਤੀ ਗਈ।

ਕੁਝ  ਵਿਅਕਤੀਆਂ ਨੂੰ ਪੁੱਛਗਿੱਛ ਲਈ ਰਾਊਂਡਅਪ ਕੀਤਾ 

ਸਰਚ ਆਪ੍ਰੇਸ਼ਨ ਦੌਰਾਨ ਪੁਲਿਸ ਵੱਲੋਂ ਕੁਝ ਵਿਅਕਤੀਆਂ ਨੂੰ ਪੁੱਛਗਿੱਛ ਲਈ ਰਾਊਂਡਅਪ ਕੀਤਾ ਗਿਆ ਹੈ। ਡੀਸੀਪੀ ਮੁਤਾਬਕ ਹੁਣ ਤੱਕ ਕਰੀਬ 10 ਤੋਂ 11 ਵਿਅਕਤੀਆਂ ਨੂੰ ਰਾਊਂਡਅਪ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੁਲਿਸ ਨੂੰ ਡਰੱਗ ਅਤੇ ਸ਼ਰਾਬ ਵੀ ਬਰਾਮਦ ਹੋਈ ਹੈ।

ਪੁਲਿਸ ਨੇ ਸ਼ੱਕੀ ਵਾਹਨਾਂ ਨੂੰ ਵੀ ਕਬਜ਼ੇ ਵਿੱਚ ਲਿਆ

ਪੁਲਿਸ ਨੇ ਕੁਝ ਸ਼ੱਕੀ ਵਾਹਨਾਂ ਨੂੰ ਵੀ ਕਬਜ਼ੇ ਵਿੱਚ ਲਿਆ ਹੈ। ਇਨ੍ਹਾਂ ਵਿੱਚ ਕੁਝ ਵਾਹਨਾਂ ਦੇ ਨੰਬਰ ਜਾਂ ਦਸਤਾਵੇਜ਼ ਪੂਰੇ ਨਾ ਹੋਣ ਕਾਰਨ ਉਨ੍ਹਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਰਾਊਂਡਅਪ ਕੀਤੇ ਗਏ ਵਿਅਕਤੀਆਂ ਅਤੇ ਕਬਜ਼ੇ ਵਿੱਚ ਲਏ ਵਾਹਨਾਂ ਦੀ ਪੂਰੀ ਤਰ੍ਹਾਂ ਵੈਰੀਫਿਕੇਸ਼ਨ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਇਲਾਕੇ ਦੇ ਲੋਕਾਂ ਨਾਲ ਵੀ ਗੱਲਬਾਤ ਕੀਤੀ ਗਈ।

ਨਸ਼ਿਆਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਰਹੇਗੀ

ਅਧਿਕਾਰੀਆਂ ਮੁਤਾਬਕ ਕੁਝ ਲੋਕਾਂ ਨੇ ਦੱਸਿਆ ਕਿ ਇਲਾਕੇ ਵਿੱਚ ਨਸ਼ੇ ਦਾ ਕਾਰੋਬਾਰ ਪਹਿਲਾਂ ਦੇ ਮੁਕਾਬਲੇ ਘੱਟ ਹੋਇਆ ਹੈ, ਪਰ ਪੁਲਿਸ ਵੱਲੋਂ ਇਸ ਦੇ ਬਾਵਜੂਦ ਨਸ਼ਿਆਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਰੱਖੀ ਜਾਵੇਗੀ। ਡੀਸੀਪੀ ਲਾਅ ਐਂਡ ਆਰਡਰ ਰਵਿੰਦਰਪਾਲ ਸਿੰਘ ਨੇ ਕਿਹਾ ਕਿ ਸਰਚ ਆਪ੍ਰੇਸ਼ਨ ਤੋਂ ਮਿਲੀ ਬਰਾਮਦਗੀ ਅਤੇ ਰਾਊਂਡਅਪ ਕੀਤੇ ਵਿਅਕਤੀਆਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਵੈਰੀਫਿਕੇਸ਼ਨ ਤੋਂ ਬਾਅਦ ਬਾਅਦ ਵਿੱਚ ਸਾਂਝੀ ਕੀਤੀ ਜਾਵੇਗੀ।

By Gurpreet Singh

Leave a Reply

Your email address will not be published. Required fields are marked *