ਬੇਅਦਬੀ ਤੇ ਗੋਲੀਕਾਂਡ ਮਾਮਲਿਆਂ ’ਤੇ ‘ਆਪ’ ਦਾ ਭਾਜਪਾ-ਅਕਾਲੀ ਗਠਜੋੜ ’ਤੇ ਹਮਲਾ, ਮਨਵਿੰਦਰ ਗਿਆਸਪੁਰਾ ਨੇ ਚੁੱਕੇ ਸਵਾਲ

ਚੰਡੀਗੜ੍ਹ, 11 ਸਤੰਬਰ (ਗੁਰਪ੍ਰੀਤ ਸਿੰਘ) : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਨੂੰ ਕਿਹਾ ਕਿ ਪ੍ਰਸਤਾਵਿਤ ਭਾਜਪਾ-ਅਕਾਲੀ ਗਠਜੋੜ ਪੰਜਾਬ ਦੇ ਹਿੱਤਾਂ ਦੀ ਕੀਮਤ ‘ਤੇ ਸਿਆਸੀ ਬਚਾਅ ਦਾ ਇੱਕ ਸੌਦਾ ਹੈ, ਜਿਸ ਵਿੱਚ ਸੁਖਬੀਰ ਸਿੰਘ ਬਾਦਲ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲਿਆਉਣ ਦੇ ਯਤਨਾਂ ਸਮੇਤ ਭਾਜਪਾ ਦੇ ਸਿਆਸੀ ਏਜੰਡੇ ਦਾ ਸਮਰਥਨ ਕਰਨ ਦੇ ਬਦਲੇ ਬੇਅਦਬੀ ਅਤੇ ਗੋਲੀਕਾਂਡ ਦੇ ਮਾਮਲਿਆਂ ਤੋਂ ਬਚਣ ਲਈ ਭਾਜਪਾ ਦੀ ਸ਼ੈਅ ਮੰਗ ਰਹੇ ਹਨ। ਆਪ ਨੇ ਕਿਹਾ ਕਿ ਇਹ ਸਿਆਸੀ ਸੌਦੇਬਾਜ਼ੀ ਬਹੁਤ ਹੀ ਸ਼ਰਮਨਾਕ ਹੈ, ਕਿਉਂਕਿ 2015 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਚੋਰੀ ਅਤੇ ਵਾਰ-ਵਾਰ ਹੋਈ ਬੇਅਦਬੀ ਤੋਂ ਬਾਅਦ ਕੋਟਕਪੂਰਾ ਅਤੇ ਬਹਿਬਲ ਕਲਾਂ ਵਿਖੇ ਸ਼ਾਂਤਮਈ ਪ੍ਰਦਰਸ਼ਨਕਾਰੀਆਂ ‘ਤੇ ਪੁਲਿਸ ਗੋਲੀਬਾਰੀ ਭਾਜਪਾ-ਅਕਾਲੀ ਸਰਕਾਰ ਦੇ ਸਮੇਂ ਹੀ ਹੋਈ ਸੀ, ਜਦੋਂ ਸੁਖਬੀਰ ਸਿੰਘ ਬਾਦਲ ਗ੍ਰਹਿ ਮੰਤਰੀ ਸਨ।

ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਪ ਪੰਜਾਬ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ, “1 ਜੂਨ 2015 ਨੂੰ ਅਕਾਲੀ-ਭਾਜਪਾ ਸਰਕਾਰ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਰੂਪ ਚੋਰੀ ਹੋਏ ਸਨ, ਪਰ ਸਰਕਾਰ ਨੇ ਇਸ ਘਟਨਾ ਨੂੰ ਗੰਭੀਰਤਾ ਨਾਲ ਨਹੀਂ ਲਿਆ। ਸੁਖਬੀਰ ਸਿੰਘ ਬਾਦਲ, ਜੋ ਉਸ ਸਮੇਂ ਗ੍ਰਹਿ ਮੰਤਰੀ ਸਨ, ਨੇ ਪੁੱਛਗਿੱਛ ਦੌਰਾਨ ਐਸਆਈਟੀ ਨੂੰ ਦੱਸਿਆ ਹੈ ਕਿ ਉਨ੍ਹਾਂ ਨੂੰ ਇਸ ਚੋਰੀ ਬਾਰੇ ਕੋਈ ਜਾਣਕਾਰੀ ਨਹੀਂ ਸੀ। ਹਾਲਾਂਕਿ, ਇੰਟੈਲੀਜੈਂਸ ਵਿੰਗ ਨੇ ਰਿਪੋਰਟ ਭੇਜੀ ਸੀ ਅਤੇ ਸੁਖਬੀਰ ਸਿੰਘ ਬਾਦਲ ਦੇ ਨਿੱਜੀ ਸਕੱਤਰ ਨੇ ਵੀ ਐਸਆਈਟੀ ਨੂੰ ਦੱਸਿਆ ਸੀ ਕਿ ਘਟਨਾ ਬਾਰੇ ਜਾਣਕਾਰੀ ਉਪਲਬਧ ਸੀ। ਗ੍ਰਹਿ ਮੰਤਰੀ ਅਣਜਾਣ ਕਿਵੇਂ ਰਹਿ ਸਕਦੇ ਹਨ ਜਦੋਂ ਉਨ੍ਹਾਂ ਦੇ ਆਪਣੇ ਦਫ਼ਤਰ ਨੂੰ ਜਾਣਕਾਰੀ ਮਿਲ ਚੁੱਕੀ ਸੀ?”

ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਚੋਰੀ ਤੋਂ ਬਾਅਦ ਵੀ, ਸਰਕਾਰ ਉਦੋਂ ਕਾਰਵਾਈ ਕਰਨ ਵਿੱਚ ਨਾਕਾਮ ਰਹੀ ਜਦੋਂ ਸਤੰਬਰ 2015 ਵਿੱਚ ਸਿੱਖਾਂ ਨੂੰ ਆਪਣੇ ਚੋਰੀ ਹੋਏ ਗੁਰੂ ਨੂੰ ਲੱਭਣ ਦੀ ਚੁਣੌਤੀ ਦਿੰਦੇ ਹੋਏ ਪੋਸਟਰ ਲਗਾਏ ਗਏ ਸਨ। ਉਨ੍ਹਾਂ ਕਿਹਾ, “ਸਮੇਂ ਸਿਰ ਕਾਰਵਾਈ ਨਾ ਕਰਨ ਨਾਲ ਅਕਤੂਬਰ ਵਿੱਚ ਹੋਈ ਬੇਅਦਬੀ ਦੇ ਜ਼ਿੰਮੇਵਾਰਾਂ ਦੇ ਹੌਸਲੇ ਬੁਲੰਦ ਹੋਏ, ਜਦੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਗਲੀਆਂ ਵਿੱਚ ਖਿੰਡੇ ਹੋਏ ਮਿਲੇ, ਜਿਸ ਨਾਲ ਦੁਨੀਆ ਭਰ ਦੇ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ।”

ਉਨ੍ਹਾਂ ਕਿਹਾ ਕਿ ਕੋਟਕਪੂਰਾ ਵਿਖੇ ਸੰਗਤ ਸ਼ਾਂਤਮਈ ਢੰਗ ਨਾਲ ਇਕੱਠੀ ਹੋਈ ਸੀ, ਜਿੱਥੇ ਅਰਦਾਸ ਅਤੇ ਕੀਰਤਨ ਹੋ ਰਿਹਾ ਸੀ, ਪਰ ਪ੍ਰਦਰਸ਼ਨਕਾਰੀਆਂ ‘ਤੇ ਪਾਣੀ ਦੀਆਂ ਵਾਛੜਾਂ ਦੀ ਵਰਤੋਂ ਕੀਤੀ ਗਈ। ਮਨਵਿੰਦਰ ਸਿੰਘ ਗਿਆਸਪੁਰਾ ਨੇ ਦੱਸਿਆ ਕਿ ਉਹ ਵੀ ਇਸ ਰੋਸ ਪ੍ਰਦਰਸ਼ਨ ‘ਚ ਮੌਜੂਦ ਸਨ। ਉਨ੍ਹਾਂ ਕਿਹਾ, “ਐਸਆਈਟੀ ਪਹਿਲਾਂ ਹੀ ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਚਾਰਜਸ਼ੀਟ ਪੇਸ਼ ਕਰ ਚੁੱਕੀ ਹੈ, ਜਿਸ ਵਿੱਚ ਸੁਖਬੀਰ ਸਿੰਘ ਬਾਦਲ, ਚਰਨਜੀਤ ਸ਼ਰਮਾ, ਪਰਮਰਾਜ ਸਿੰਘ ਉਮਰਾਨੰਗਲ ਅਤੇ ਸੁਮੇਧ ਸਿੰਘ ਸੈਣੀ ਕਾਰਵਾਈ ਦਾ ਸਾਹਮਣਾ ਕਰ ਰਹੇ ਹਨ ਅਤੇ ਫਿਲਹਾਲ ਜ਼ਮਾਨਤ ‘ਤੇ ਹਨ। ਐਸਆਈਟੀ ਸਾਹਮਣੇ ਮੁੱਖ ਸਵਾਲ ਇਹ ਹੈ ਕਿ ਗੋਲੀ ਚਲਾਉਣ ਦਾ ਹੁਕਮ ਕਿਸ ਨੇ ਦਿੱਤਾ ਅਤੇ ਸ਼ਾਂਤਮਈ ਪ੍ਰਦਰਸ਼ਨਕਾਰੀਆਂ ਨੂੰ ਤਿੱਤਰ-ਬਿੱਤਰ ਕਰਨ ਦੇ ਨਿਰਦੇਸ਼ ਕਿਸ ਨੇ ਦਿੱਤੇ।”

ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ 14 ਅਕਤੂਬਰ ਨੂੰ ਬਹਿਬਲ ਕਲਾਂ ਵਿਖੇ ਵਾਪਰੀਆਂ ਅਗਲੀਆਂ ਘਟਨਾਵਾਂ ਹੋਰ ਵੀ ਦੁਖਦਾਈ ਸਨ, ਕਿਉਂਕਿ ਜਦੋਂ ਸੰਗਤ ਸ਼ਾਂਤਮਈ ਪ੍ਰਦਰਸ਼ਨ ਕਰ ਰਹੀ ਸੀ ਤਾਂ ਪੁਲਿਸ ਗੋਲੀਬਾਰੀ ਵਿੱਚ ਦੋ ਨੌਜਵਾਨਾਂ, ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਦੀ ਮੌਤ ਹੋ ਗਈ ਸੀ। “ਸੁਖਬੀਰ ਸਿੰਘ ਬਾਦਲ ਵਾਰ-ਵਾਰ ਇਹ ਦਾਅਵਾ ਕਰਦੇ ਰਹੇ ਹਨ ਕਿ ਉਹ ਉਸ ਸਮੇਂ ਪੰਜਾਬ ਵਿੱਚ ਨਹੀਂ ਸਨ। ਪਰ ਉਨ੍ਹਾਂ ਦੀ ਜ਼ਮਾਨਤ ਨਾਲ ਸਬੰਧਤ ਅਦਾਲਤੀ ਦਸਤਾਵੇਜ਼ ਦਰਸਾਉਂਦੇ ਹਨ ਕਿ ਸੁਖਬੀਰ ਸਿੰਘ ਬਾਦਲ ਪੰਜਾਬ ਵਿੱਚ ਹੀ ਮੌਜੂਦ ਸਨ ਅਤੇ ਇੱਕ ਪੰਜ ਤਾਰਾ ਹੋਟਲ ਵਿੱਚ ਠਹਿਰੇ ਹੋਏ ਸਨ। ਉੱਥੋਂ ਚਰਨਜੀਤ ਸ਼ਰਮਾ, ਪਰਮਰਾਜ ਸਿੰਘ ਉਮਰਾਨੰਗਲ ਅਤੇ ਸੁਮੇਧ ਸਿੰਘ ਸੈਣੀ ਸਮੇਤ ਉੱਚ ਪੁਲਿਸ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਜਾ ਰਹੇ ਸਨ। ਪੰਜਾਬ ਦੇ ਲੋਕ ਜਾਨਣਾ ਚਾਹੁੰਦੇ ਹਨ ਕਿ ਗੋਲੀ ਚਲਾਉਣ ਦਾ ਹੁਕਮ ਕਿਸ ਨੇ ਦਿੱਤਾ ਅਤੇ ਪ੍ਰਦਰਸ਼ਨਕਾਰੀਆਂ ‘ਤੇ ਲਾਠੀਚਾਰਜ ਕਰਨ ਦੇ ਨਿਰਦੇਸ਼ ਕਿਸ ਨੇ ਦਿੱਤੇ। ਸੁਖਬੀਰ ਸਿੰਘ ਬਾਦਲ ਨੇ ਖੁਦ ਸ੍ਰੀ ਅਕਾਲ ਤਖ਼ਤ ਸਾਹਿਬ ਸਾਹਮਣੇ ਇਨ੍ਹਾਂ ਘਟਨਾਵਾਂ ਵਿੱਚ ਆਪਣੀ ਭੂਮਿਕਾ ਕਬੂਲ ਕੀਤੀ ਸੀ।”

ਗਿਆਨੀ ਰਘਬੀਰ ਸਿੰਘ ਵੱਲੋਂ ਐਸਆਈਟੀ ਨੂੰ ਦਿੱਤੇ ਬਿਆਨ ਦਾ ਹਵਾਲਾ ਦਿੰਦਿਆਂ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਕੀਤੀ ਗਲਤੀ ਕਬੂਲਣ ਦੇ ਤੱਥ ਰਿਕਾਰਡ ਦਾ ਹਿੱਸਾ ਹਨ। “ਜੇਕਰ ਇਹ ਇਕਬਾਲੀਆ ਬਿਆਨ ਅਤੇ ਹੋਰ ਸਬੂਤ ਪਹਿਲਾਂ ਹੀ ਰਿਕਾਰਡ ਦਾ ਹਿੱਸਾ ਹਨ, ਤਾਂ ਉਨ੍ਹਾਂ ਨੂੰ ਅਦਾਲਤ ਅਤੇ ਐਸਆਈਟੀ ਸਾਹਮਣੇ ਪੇਸ਼ ਕਿਉਂ ਨਹੀਂ ਕੀਤਾ ਜਾਣਾ ਚਾਹੀਦਾ? ਜ਼ਿੰਮੇਵਾਰ ਲੋਕਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਕਿਉਂ ਨਹੀਂ ਮਿਲਣੀ ਚਾਹੀਦੀ? ਪੰਜਾਬ ਨੂੰ ਇਹ ਜਾਣਨ ਦਾ ਹੱਕ ਹੈ ਕਿ ਹੁਕਮ ਕਿਸ ਨੇ ਦਿੱਤੇ ਅਤੇ ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਦੀਆਂ ਮੌਤਾਂ ਲਈ ਕੌਣ ਜ਼ਿੰਮੇਵਾਰ ਸੀ,” ਉਨ੍ਹਾਂ ਕਿਹਾ।

ਆਪ ਪੰਜਾਬ ਦੇ ਬੁਲਾਰੇ ਰਣਬੀਰ ਸਿੰਘ ਢੀਂਡਸਾ ਨੇ ਕਿਹਾ ਕਿ ਬੇਅਦਬੀ, ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਮਾਮਲਿਆਂ ਦੇ ਸਬੰਧ ਵਿੱਚ ਸੁਖਬੀਰ ਸਿੰਘ ਬਾਦਲ ਦਾ ਐਸਆਈਟੀ ਸਾਹਮਣੇ ਵਾਰ-ਵਾਰ ਪੇਸ਼ ਨਾ ਹੋਣਾ ਇਹ ਦਰਸਾਉਂਦਾ ਹੈ ਕਿ ਅਕਾਲੀ ਦਲ ਬਾਦਲ ਦੀ ਲੀਡਰਸ਼ਿਪ ਇਨ੍ਹਾਂ ਗੰਭੀਰ ਮੁੱਦਿਆਂ ਪ੍ਰਤੀ ਬਿਲਕੁਲ ਸੰਜੀਦਾ ਨਹੀਂ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ-ਭਾਜਪਾ ਦਾ ਗਠਜੋੜ ਹੁਣ ਨੰਗਾ ਹੋ ਚੁੱਕਾ ਹੈ, ਖਾਸ ਕਰਕੇ ਜਦੋਂ ਸੁਖਬੀਰ ਸਿੰਘ ਬਾਦਲ ਪਹਿਲਾਂ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਆਪਣੀ ਜ਼ਿੰਮੇਵਾਰੀ ਕਬੂਲ ਕਰ ਚੁੱਕੇ ਹਨ। ਰਣਬੀਰ ਸਿੰਘ ਢੀਂਡਸਾ ਨੇ ਕਿਹਾ, “ਮੈਂ ਪੁੱਛਣਾ ਚਾਹੁੰਦਾ ਹਾਂ ਕਿ ਕੀ ਤੁਹਾਡੇ ਲਈ ਦੁਨਿਆਵੀ ਅਦਾਲਤਾਂ ਵਧੇਰੇ ਮਹੱਤਵਪੂਰਨ ਹਨ ਜਾਂ ਸਾਡਾ ਸਰਬਉੱਚ ਸ੍ਰੀ ਅਕਾਲ ਤਖ਼ਤ ਸਾਹਿਬ? ਸਾਡੇ ਗੁਰੂ ਸਾਹਿਬ ਦੁਆਰਾ ਸਥਾਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਦੁਨਿਆਵੀ ਅਦਾਲਤਾਂ ਨਾਲੋਂ ਕਿਤੇ ਵੱਧ ਪਵਿੱਤਰ ਅਤੇ ਸਰਬਉੱਚ ਹੈ, ਅਤੇ ਹਰ ਸਿੱਖ ਅਤੇ ਪੰਜਾਬੀ ਇਸ ਪ੍ਰਤੀ ਅਥਾਹ ਸ਼ਰਧਾ ਅਤੇ ਸਤਿਕਾਰ ਰੱਖਦਾ ਹੈ।”

ਰਣਬੀਰ ਸਿੰਘ ਢੀਂਡਸਾ ਨੇ ਕਿਹਾ ਕਿ ਜਦੋਂ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਤਲਬ ਕੀਤਾ ਗਿਆ ਸੀ, ਤਾਂ ਉਨ੍ਹਾਂ ਨੇ ਬੇਅਦਬੀ ਅਤੇ ਅਰਦਾਸ ਤੇ ਗੁਰਬਾਣੀ ਦਾ ਜਾਪ ਕਰ ਰਹੀ ਸ਼ਾਂਤਮਈ ਸੰਗਤ ‘ਤੇ ਗੋਲੀਬਾਰੀ ਦੀ ਜ਼ਿੰਮੇਵਾਰੀ ਮੰਨੀ ਸੀ, ਅਤੇ ਉਨ੍ਹਾਂ ਦੀ ਪੂਰੀ ਕੈਬਨਿਟ ਨੇ ਸਿੱਖ ਮਰਿਆਦਾ ਅਨੁਸਾਰ ਧਾਰਮਿਕ ਸਜ਼ਾ ਵੀ ਭੁਗਤੀ ਸੀ। ਉਨ੍ਹਾਂ ਪੁੱਛਿਆ“ਜੇਕਰ ਤੁਸੀਂ ਗੁਰੂ ਦੀ ਸਰਬਉੱਚ ਅਦਾਲਤ ਸਾਹਮਣੇ ਆ ਕੇ ਆਪਣੀ ਜ਼ਿੰਮੇਵਾਰੀ ਕਬੂਲ ਕੀਤੀ ਸੀ, ਤਾਂ ਹੁਣ ਤੁਸੀਂ ਐਸਆਈਟੀ ਸਾਹਮਣੇ ਸੱਚ ਬੋਲਣ ਤੋਂ ਕਿਵੇਂ ਇਨਕਾਰ ਕਰ ਸਕਦੇ ਹੋ? ਗੁਰੂ ਪ੍ਰਤੀ ਤੁਹਾਡੀ ਸ਼ਰਧਾ ਅਤੇ ਤੁਹਾਡਾ ਪੰਥਕ ਸਟੈਂਡ ਹੁਣ ਕਿੱਥੇ ਗਿਆ?”।

ਰਣਬੀਰ ਸਿੰਘ ਢੀਂਡਸਾ ਨੇ ਕਿਹਾ ਕਿ ਗ੍ਰਹਿ ਮੰਤਰੀ ਵਜੋਂ ਸੇਵਾ ਨਿਭਾਉਂਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਦਾਅਵਾ ਕੀਤਾ ਸੀ ਕਿ ਗੋਲੀਕਾਂਡ ਵਾਲੇ ਦਿਨ ਉਹ ਵਿਦੇਸ਼ ‘ਚ ਸਨ, ਜਦੋਂ ਕਿ ਫਰੀਦਕੋਟ ਅਦਾਲਤ ਦੇ ਰਿਕਾਰਡ ਅਤੇ ਸੁਖਬੀਰ ਬਾਦਲ ਦੀ ਆਪਣੀ ਰਿੱਟ ਪਟੀਸ਼ਨ ਤੋਂ ਪਤਾ ਲੱਗਦਾ ਹੈ ਕਿ ਉਹ ਪੰਜ ਤਾਰਾ ਹੋਟਲ ‘ਚ ਬੈਠੇ ਸਨ ਅਤੇ ਰਾਤ ਦੇ ਸਮੇਂ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ਵਿੱਚ ਸਨ। ਉਨ੍ਹਾਂ ਸਵਾਲ ਕੀਤਾ “ਜਦੋਂ ਉਹ ਗ੍ਰਹਿ ਮੰਤਰੀ ਹੁੰਦਿਆਂ ਰਾਤ ਭਰ ਗੱਲਬਾਤ ਚੱਲਦੀ ਰਹੀ, ਤਾਂ ਇਸਦੀ ਜ਼ਿੰਮੇਵਾਰੀ ਕੌਣ ਚੁੱਕਦਾ ਹੈ?”

ਉਨ੍ਹਾਂ ਕਿਹਾ ਕਿ ਇਹ ਅਕਾਲੀ ਦਲ ਅਤੇ ਭਾਜਪਾ ਵਿਚਕਾਰ ਗੰਢਤੁੱਪ ਸੀ ਅਤੇ ਇਸ ਨੇ ਉਨ੍ਹਾਂ ਦੀ ਪੰਜਾਬ ਵਿਰੋਧੀ, ਪੰਥ ਵਿਰੋਧੀ ਅਤੇ ਸਿੱਖ ਵਿਰੋਧੀ ਸਿਆਸਤ ਨੂੰ ਬੇਨਕਾਬ ਕਰ ਦਿੱਤਾ ਹੈ।

ਰਣਬੀਰ ਸਿੰਘ ਢੀਂਡਸਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੇ ਐਸਆਈਟੀ ਸਾਹਮਣੇ ਪੇਸ਼ ਨਾ ਹੋਣ ਪਿੱਛੇ ਦਿੱਲੀ ‘ਚ ਭਾਜਪਾ ਲੀਡਰਸ਼ਿਪ ਨਾਲ ਤੈਅ ਹੋ ਰਹੀ ਸਿਆਸੀ ਸਮਝੌਤੇਬਾਜ਼ੀ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਭਰੋਸਾ ਦਿੱਤਾ ਜਾ ਰਿਹਾ ਸੀ ਕਿ ਉਨ੍ਹਾਂ ਨੂੰ ਪੇਸ਼ ਹੋਣ ਦੀ ਲੋੜ ਨਹੀਂ ਹੈ ਅਤੇ ਬੇਅਦਬੀ ਮਾਮਲਿਆਂ ਵਿੱਚ ਸਿਆਸੀ ਸੁਰੱਖਿਆ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਕਿਹਾ “ਇਸ ਬਚਾਅ ਦੇ ਬਦਲੇ, ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕੀਤਾ ਹੈ ਅਤੇ ਕਾਲੇ ਖੇਤੀ ਕਾਨੂੰਨਾਂ ‘ਤੇ ਭਾਜਪਾ ਦਾ ਸਮਰਥਨ ਕਰਨ ਲਈ ਸਹਿਮਤ ਹੋਏ ਹਨ,”।

ਰਣਬੀਰ ਸਿੰਘ ਢੀਂਡਸਾ ਨੇ ਕਿਹਾ ਕਿ 2020 ਵਿੱਚ ਦਿਖਾਵੇ ਲਈ ਤੋੜਿਆ ਗਿਆ ਗਠਜੋੜ ਕਦੇ ਵੀ ਸੱਚਮੁੱਚ ਨਹੀਂ ਟੁੱਟਿਆ ਸੀ। ਉਨ੍ਹਾਂ ਰਾਸ਼ਟਰਪਤੀ ਚੋਣਾਂ ਵਿੱਚ ਭਾਜਪਾ ਉਮੀਦਵਾਰ ਲਈ ਅਕਾਲੀ ਦਲ ਦੇ ਸਮਰਥਨ ਅਤੇ ਸੰਸਦ ਵਿੱਚ ਇੱਕ ਬਿਲ ਲਈ ਉਨ੍ਹਾਂ ਦੇ ਇਕਲੌਤੇ ਐਮਪੀ ਦੀ ਵੋਟ ਵੱਲ ਇਸ਼ਾਰਾ ਕੀਤਾ। ਉਨ੍ਹਾਂ ਕਿਹਾ“ਅੱਜ ਐਮਐਸਪੀ, ਖੇਤੀ ਕਾਨੂੰਨਾਂ ਜਾਂ ਸਿੱਖ ਮੁੱਦਿਆਂ ਬਾਰੇ ਉਨ੍ਹਾਂ ਦੀਆਂ ਸ਼ਰਤਾਂ ਕਿੱਥੇ ਗਈਆਂ? ਅੱਜ ਉਨ੍ਹਾਂ ਲਈ ਇੱਕੋ ਇੱਕ ਮਹੱਤਵਪੂਰਨ ਚੀਜ਼ ਇਹ ਹੈ ਕਿ ਬੇਅਦਬੀ ਮਾਮਲਿਆਂ ਵਿੱਚ ਇਲਜ਼ਾਮਾਂ ਅਤੇ ਸਜ਼ਾਵਾਂ ਤੋਂ ਕਿਵੇਂ ਬਚਿਆ ਜਾਵੇ,”।

ਆਪ ਨੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਦਿੱਤੀਆਂ ਕੁਰਬਾਨੀਆਂ ਨੂੰ ਪੰਜਾਬ ਭੁੱਲ ਨਹੀਂ ਸਕਦਾ ਅਤੇ ਭਾਜਪਾ-ਅਕਾਲੀ ਦੇ ਮੁੜ ਗਠਜੋੜ ਰਾਹੀਂ ਖੇਤੀ ਕਾਨੂੰਨਾਂ ਨੂੰ ਦੁਬਾਰਾ ਲਿਆਉਣ ਦੀ ਕੋਈ ਵੀ ਕੋਸ਼ਿਸ਼ ਇੱਕ ਵਾਰ ਫਿਰ ਪੰਜਾਬ ਦੇ ਹਿੱਤਾਂ ਤੋਂ ਉੱਪਰ ਸਿਆਸੀ ਹਿੱਤਾਂ ਨੂੰ ਰੱਖੇਗੀ।

By Gurpreet Singh

Leave a Reply

Your email address will not be published. Required fields are marked *