ਗੁਰਪ੍ਰੀਤ ਸਿੰਘ :- ਲਾਲਜੀਤ ਸਿੰਘ ਭੁੱਲਰ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਅਤੇ ਉਨ੍ਹਾਂ ਦੇ ਨਿੱਜੀ ਸਹਾਇਕ (PA) ਦੀ ਜ਼ਮਾਨਤ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਦੋਹਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਹੈ।
ਮਾਮਲੇ ਦੀ ਸੁਣਵਾਈ ਦੌਰਾਨ ਸੁਖਦੇਵ ਸਿੰਘ ਭੁੱਲਰ ਵੱਲੋਂ ਪੇਸ਼ ਵਕੀਲ ਨੇ ਉਨ੍ਹਾਂ ਦੀ ਗ੍ਰਿਫ਼ਤਾਰੀ ਅਤੇ ਹਿਰਾਸਤ ਨੂੰ ਲੈ ਕੇ ਅਦਾਲਤ ਸਾਹਮਣੇ ਆਪਣਾ ਪੱਖ ਰੱਖਿਆ। ਬਚਾਅ ਪੱਖ ਨੇ ਦਲੀਲ ਦਿੱਤੀ ਕਿ ਮਾਮਲੇ ਵਿੱਚ ਉਨ੍ਹਾਂ ਦੀ ਭੂਮਿਕਾ ਨੂੰ ਲੈ ਕੇ ਲਗਾਏ ਗਏ ਦੋਸ਼ ਤੱਥਾਂ ਨਾਲ ਮੇਲ ਨਹੀਂ ਖਾਂਦੇ।
ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਮ੍ਰਿਤਕ ਗਗਨਦੀਪ ਰੰਧਾਵਾ ਨੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਸੁਖਦੇਵ ਸਿੰਘ ਭੁੱਲਰ ਦਾ ਨਾਮ ਨਹੀਂ ਲਿਆ ਸੀ। ਬਚਾਅ ਪੱਖ ਮੁਤਾਬਕ ਇਸ ਤੋਂ ਇਹ ਗੱਲ ਸਾਹਮਣੇ ਆਉਂਦੀ ਹੈ ਕਿ ਉਨ੍ਹਾਂ ਦਾ ਮਾਮਲੇ ਨਾਲ ਸਿੱਧਾ ਸਬੰਧ ਨਹੀਂ ਸੀ।
ਜ਼ਮਾਨਤ ਦੀ ਮੰਗ ਕਰਦਿਆਂ ਵਕੀਲ ਨੇ ਸੁਖਦੇਵ ਸਿੰਘ ਭੁੱਲਰ ਦੀ ਉਮਰ ਦਾ ਵੀ ਹਵਾਲਾ ਦਿੱਤਾ। ਅਦਾਲਤ ਅੱਗੇ ਦਲੀਲ ਦਿੱਤੀ ਗਈ ਕਿ ਉਹ ਜਾਂਚ ਵਿੱਚ ਸਹਿਯੋਗ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਹਿਰਾਸਤ ਵਿੱਚ ਰੱਖਣ ਦਾ ਹੁਣ ਕੋਈ ਵਾਜਬ ਆਧਾਰ ਨਹੀਂ ਬਣਦਾ।
ਬਚਾਅ ਪੱਖ ਨੇ ਇਹ ਵੀ ਦਾਅਵਾ ਕੀਤਾ ਕਿ ਸੁਖਦੇਵ ਸਿੰਘ ਭੁੱਲਰ ਨੂੰ ਮਾਮਲੇ ਵਿੱਚ ਗਲਤ ਤਰੀਕੇ ਨਾਲ ਫਸਾਇਆ ਗਿਆ ਹੈ। ਉਨ੍ਹਾਂ ਵੱਲੋਂ ਅਦਾਲਤ ਤੋਂ ਮੰਗ ਕੀਤੀ ਗਈ ਕਿ ਮਾਮਲੇ ਦੇ ਹਾਲਾਤ ਅਤੇ ਉਨ੍ਹਾਂ ਦੀ ਉਮਰ ਨੂੰ ਧਿਆਨ ਵਿੱਚ ਰੱਖਦਿਆਂ ਜ਼ਮਾਨਤ ਦਿੱਤੀ ਜਾਵੇ।
ਇਸੇ ਮਾਮਲੇ ਵਿੱਚ ਮ੍ਰਿਤਕ ਗਗਨਦੀਪ ਰੰਧਾਵਾ ਦੀ ਪਤਨੀ ਵੱਲੋਂ ਜਾਂਚ ਸੀਬੀਆਈ ਨੂੰ ਸੌਂਪਣ ਲਈ ਦਾਇਰ ਕੀਤੀ ਪਟੀਸ਼ਨ ਵੀ ਵਾਪਸ ਲੈ ਲਈ ਗਈ ਹੈ। ਇਸ ਸਬੰਧੀ ਸੁਣਵਾਈ ਦੌਰਾਨ ਅਦਾਲਤ ਨੇ ਪੁਲਿਸ ਵੱਲੋਂ ਜਾਂਚ ਰਿਪੋਰਟ ਪੇਸ਼ ਕੀਤੇ ਜਾਣ ਦਾ ਵੀ ਨੋਟਿਸ ਲਿਆ।
ਅਦਾਲਤ ਨੇ ਕਿਹਾ ਕਿ ਪੁਲਿਸ ਆਪਣੀ ਰਿਪੋਰਟ ਦਾਖ਼ਲ ਕਰ ਚੁੱਕੀ ਹੈ। ਅਜਿਹੇ ਪੜਾਅ ਤੇ ਜਾਂਚ ਨੂੰ ਕਿਸੇ ਹੋਰ ਏਜੰਸੀ ਨੂੰ ਤਬਦੀਲ ਕਰਨਾ ਉਚਿਤ ਨਹੀਂ ਹੋਵੇਗਾ। ਇਸ ਤੋਂ ਬਾਅਦ ਸੀਬੀਆਈ ਜਾਂਚ ਦੀ ਮੰਗ ਵਾਲੀ ਪਟੀਸ਼ਨ ਵਾਪਸ ਲੈ ਲਈ ਗਈ।
