ਬੈਂਕ ਯੂਨੀਅਨਾਂ ਵੱਲੋਂ ਤਿੰਨ ਦਿਨਾਂ ਦੀ ਦੇਸ਼ ਵਿਆਪੀ ਹੜਤਾਲ ਦਾ ਐਲਾਨ

ਰਾਜੀਵ ਸ਼ਰਮਾ :- ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨਜ਼ (UFBU) ਨੇ 28 ਸਤੰਬਰ ਤੋਂ ਤਿੰਨ ਦਿਨਾਂ ਦੀ ਦੇਸ਼ ਵਿਆਪੀ ਬੈਂਕ ਹੜਤਾਲ ਦਾ ਐਲਾਨ ਕੀਤਾ ਹੈ। ਮੰਗਲਵਾਰ ਨੂੰ ਉਪ ਮੁੱਖ ਕਿਰਤ ਕਮਿਸ਼ਨਰ ਦੀ ਅਗਵਾਈ ਹੇਠ ਹੋਈ ਸੁਲਹ ਬੈਠਕ ਬੇਨਤੀਜਾ ਰਹਿਣ ਤੋਂ ਬਾਅਦ ਯੂਨੀਅਨਾਂ ਨੇ ਹੜਤਾਲ ਦਾ ਫੈਸਲਾ ਕੀਤਾ। ਹੜਤਾਲ 28, 29 ਅਤੇ 30 ਸਤੰਬਰ ਨੂੰ ਹੋਵੇਗੀ।

ਇਸ ਤੋਂ ਪਹਿਲਾਂ ਵਿੱਤ ਮੰਤਰਾਲੇ ਵੱਲੋਂ ਬੈਂਕ ਕਰਮਚਾਰੀਆਂ ਨੂੰ ਹੜਤਾਲ ’ਤੇ ਨਾ ਜਾਣ ਦੀ ਅਪੀਲ ਕੀਤੀ ਗਈ ਸੀ। ਹੜਤਾਲ ਦੇ ਐਲਾਨ ਤੋਂ ਬਾਅਦ ਅਗਲੇ ਹਫ਼ਤੇ ਬੈਂਕਿੰਗ ਸੇਵਾਵਾਂ ਲਗਾਤਾਰ ਪੰਜ ਦਿਨ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। 26 ਸਤੰਬਰ ਨੂੰ ਮਹੀਨੇ ਦਾ ਚੌਥਾ ਸ਼ਨੀਵਾਰ ਅਤੇ 27 ਸਤੰਬਰ ਨੂੰ ਐਤਵਾਰ ਹੋਣ ਕਾਰਨ ਬੈਂਕ ਪਹਿਲਾਂ ਹੀ ਬੰਦ ਰਹਿਣਗੇ।

UFBU ਦਾ ਦਾਅਵਾ ਹੈ ਕਿ ਉਹ ਬੈਂਕਿੰਗ ਖੇਤਰ ਦੇ ਕਰੀਬ 90 ਫੀਸਦੀ ਕਰਮਚਾਰੀਆਂ ਦੀ ਨੁਮਾਇੰਦਗੀ ਕਰਦਾ ਹੈ। ਯੂਨੀਅਨਾਂ ਦੀਆਂ ਮੁੱਖ ਮੰਗਾਂ ਵਿੱਚ ਪੰਜ ਦਿਨਾਂ ਦੀ ਬੈਂਕਿੰਗ ਪ੍ਰਣਾਲੀ ਲਾਗੂ ਕਰਨਾ, ਪੈਨਸ਼ਨ ਨੂੰ ਅਪਡੇਟ ਕਰਨਾ ਅਤੇ ਪੈਨਸ਼ਨ ਸਬੰਧੀ ਸੁਧਾਰ ਸ਼ਾਮਲ ਹਨ।

ਇਸ ਤੋਂ ਇਲਾਵਾ ਸਾਰੇ ਪੈਨਸ਼ਨਰਾਂ ਲਈ ਇਕਸਾਰ ਮਹਿੰਗਾਈ ਭੱਤਾ ਫਾਰਮੂਲਾ ਲਾਗੂ ਕਰਨ ਅਤੇ ਰਾਸ਼ਟਰੀ ਪੈਨਸ਼ਨ ਪ੍ਰਣਾਲੀ (NPS) ਤਹਿਤ ਆਉਂਦੇ ਕਰਮਚਾਰੀਆਂ ਨੂੰ ਪੁਰਾਣੀ ਪੈਨਸ਼ਨ ਯੋਜਨਾ (OPS) ਵਿੱਚ ਜਾਣ ਦਾ ਵਿਕਲਪ ਦੇਣ ਦੀ ਮੰਗ ਵੀ ਕੀਤੀ ਜਾ ਰਹੀ ਹੈ।

ਜੇਕਰ ਹੜਤਾਲ ਹੁੰਦੀ ਹੈ ਤਾਂ 26 ਅਤੇ 27 ਸਤੰਬਰ ਦੀ ਹਫ਼ਤਾਵਾਰੀ ਛੁੱਟੀ ਤੋਂ ਬਾਅਦ 28 ਤੋਂ 30 ਸਤੰਬਰ ਤੱਕ ਜਾਣੀ ਕਿ 5 ਦਿਨਾਂ ਲਈ ਬੈਂਕਿੰਗ ਸੇਵਾਵਾਂ ਪ੍ਰਭਾਵਿਤ ਰਹਿ ਸਕਦੀਆਂ ਹਨ।

By Gurpreet Singh

Leave a Reply

Your email address will not be published. Required fields are marked *