ਗੁਰਪ੍ਰੀਤ ਸਿੰਘ :- ਪੰਜਾਬ ਕਾਂਗਰਸ ਅੱਜ ਚੰਡੀਗੜ੍ਹ ਵਿਚ ਸੜਕਾਂ ‘ਤੇ ਉਤਰ ਕੇ ਚੋਣ ਕਮਿਸ਼ਨ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕਰੇਗੀ। ਚੋਣ ਕਮਿਸ਼ਨ ਦਫ਼ਤਰ ਤੱਕ ਮਾਰਚ ਕੀਤਾ ਜਾਵੇਗਾ। ਕਾਂਗਰਸ ਇੰਚਾਰਜ ਸਚਿਨ ਪਾਇਲਟ ਦੀ ਅਗਵਾਈ ਵਿਚ ਪਾਰਟੀ ਆਗੂ ਅਤੇ ਵਰਕਰ ਇਸ ਪ੍ਰਦਰਸ਼ਨ ਵਿਚ ਹਿੱਸਾ ਲੈਣਗੇ। ਇਹ ਮਾਰਚ ਸਵੇਰੇ 11 ਵਜੇ ਸੈਕਟਰ 17 ਸਥਿਤ ਆਰ.ਬੀ.ਆਈ. ਦਫ਼ਤਰ ਤੋਂ ਸ਼ੁਰੂ ਹੋਵੇਗਾ ਅਤੇ ਚੋਣ ਕਮਿਸ਼ਨ ਦਫ਼ਤਰ ਤੱਕ ਜਾਵੇਗਾ।
ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਵੱਡੀ ਗਿਣਤੀ ਵਿਚ ਮਾਰਚ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੇ ਇਹ ਮਾਰਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾਉਣ, ਉਨ੍ਹਾਂ ਵਿਰੁੱਧ ਐਫ.ਆਈ.ਆਰ. ਦਰਜ ਕਰਨ ਅਤੇ ਉਨ੍ਹਾਂ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਲਈ ਆਯੋਜਿਤ ਕੀਤਾ ਹੈ।
ਕਾਂਗਰਸ ਦਾ ਮੰਨਣਾ ਹੈ ਕਿ ਚੋਣ ਪ੍ਰਕਿਰਿਆ ਦੀ ਭਰੋਸੇਯੋਗਤਾ ਅਤੇ ਸੰਸਥਾਗਤ ਨਿਰਪੱਖਤਾ ਨਾਲ ਸਮਝੌਤਾ ਨਹੀਂ ਕੀਤਾ ਜਾ ਸਕਦਾ। ਪਾਰਟੀ ਨੇ ਇਸ ਨੂੰ ਚੋਣ ਪ੍ਰਕਿਰਿਆ ਦੀ ਪਵਿੱਤਰਤਾ ਲਈ ਇਕ ਸਮੂਹਿਕ ਆਵਾਜ਼ ਦੱਸਿਆ ਹੈ।
