ਤਾਜਪੋਸ਼ੀ ਤੋਂ ਪਹਿਲਾਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਅੰਮ੍ਰਿਤ ਵੇਲੇ ਨਤਮਸਤਕ ਹੋਏ ਪਰਗਟ ਸਿੰਘ

ਗੁਰਪ੍ਰੀਤ ਸਿੰਘ :- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਅਤੇ ਵਿਧਾਇਕ ਪਰਗਟ ਸਿੰਘ ਨੇ ਪਾਰਟੀ ਪ੍ਰਧਾਨ ਦਾ ਅਹੁਦਾ ਸੰਭਾਲਣ ਤੋਂ ਠੀਕ ਪਹਿਲਾਂ ਪਤਨੀ ਬਰਿੰਦਰ ਪ੍ਰੀਤ ਕੌਰ ਨਾਲ ਸ੍ਰੀ ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ’ਤੇ ਨਤਮਸਤਕ ਹੋ ਕੇ ਪੰਜਾਬ ਦੀ ਖੁਸ਼ਹਾਲੀ, ਸ਼ਾਂਤੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਗੁਰਦੁਆਰਾ ਸ੍ਰੀ ਆਨੰਦਪੁਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਅੱਗੇ ਪੰਜਾਬ ਦੀ ਤਰੱਕੀ ਤੇ ਸੂਬੇ ਦੇ ਲੋਕਾਂ ਦੀ ਸੁੱਖ-ਸਮ੍ਰਿੱਧੀ ਲਈ ਅਰਦਾਸ ਕੀਤੀ।

ਪਰਗਟ ਸਿੰਘ ਨੇ ਇਸ ਮੌਕੇ ਪੰਜਾਬ ਦੀ ਏਕਤਾ, ਭਾਈਚਾਰੇ ਅਤੇ ਆਪਸੀ ਸਦਭਾਵਨਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਬਣਾਉਣ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸੇਵਾ ਕਰਨਾ ਅਤੇ ਸੂਬੇ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਨੇ ਵਾਹਿਗੁਰੂ ਅੱਗੇ ਪੰਜਾਬ ਦੀ ਸੇਵਾ ਕਰਨ ਅਤੇ ਸਾਰਿਆਂ ਨੂੰ ਨਾਲ ਲੈ ਕੇ ਚੱਲਣ ਦੀ ਤਾਕਤ ਬਖ਼ਸ਼ਣ ਦੀ ਅਰਦਾਸ ਕੀਤੀ।

ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦਾ ਪੰਜਾਬ ਦੀ ਮਿੱਟੀ, ਇੱਥੋਂ ਦੇ ਸ਼ਾਨਦਾਰ ਇਤਿਹਾਸ ਅਤੇ ਭਾਈਚਾਰਕ ਸਾਂਝ ਦੀ ਪਰੰਪਰਾ ਨਾਲ ਡੂੰਘਾ ਰਿਸ਼ਤਾ ਰਿਹਾ ਹੈ। ਕਾਂਗਰਸ ਨੇ ਹਮੇਸ਼ਾ ਪੰਜਾਬ ਦੇ ਹੱਕਾਂ, ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਸਮਾਜ ਦੇ ਹਰ ਵਰਗ ਦੀ ਆਵਾਜ਼ ਬੁਲੰਦ ਕਰਨ ਦਾ ਯਤਨ ਕੀਤਾ ਹੈ। ਪਰਗਟ ਸਿੰਘ ਨੇ ਸੰਕਲਪ ਪ੍ਰਗਟਾਇਆ ਕਿ ਉਹ ਪਾਰਟੀ ਦੇ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਨਾਲ ਲੈ ਕੇ ਪੰਜਾਬ ਦੀ ਬਿਹਤਰੀ, ਲੋਕਤੰਤਰੀ ਕਦਰਾਂ-ਕੀਮਤਾਂ ਦੀ ਰਾਖੀ ਅਤੇ ਸੂਬੇ ਦੇ ਉੱਜਵਲ ਭਵਿੱਖ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰਨਗੇ।

By Gurpreet Singh

Leave a Reply

Your email address will not be published. Required fields are marked *