ਅੰਮ੍ਰਿਤਸਰ – ਬੰਗਲਾ ਸਾਹਿਬ ਮਾਮਲੇ ‘ਚ ਗਿਆਸਪੁਰਾ ਨੇ ਜਥੇਦਾਰ ਨੂੰ ਸੌਂਪਿਆ ਮੰਗ ਪੱਤਰ

ਗੁਰਪ੍ਰੀਤ ਸਿੰਘ :- ਦਿੱਲੀ ਸਥਿਤ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਦਿੱਲੀ ਪੁਲਿਸ ਦੇ ਮੁਲਾਜ਼ਮਾਂ ਵੱਲੋਂ ਬੂਟਾਂ ਸਮੇਤ ਅਤੇ ਨੰਗੇ ਸਿਰ ਦਾਖਲ ਹੋਣ ਦੇ ਮਾਮਲੇ ਨੂੰ ਲੈ ਕੇ ਅੱਜ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਗਿਆਸਪੁਰਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਮੰਗ ਪੱਤਰ ਸੌਂਪਿਆ। ਇਸ ਦੌਰਾਨ ਉਨ੍ਹਾਂ ਨੇ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਨਜਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਬੀਤੇ ਦਿਨੀਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਜੋ ਘਟਨਾ ਵਾਪਰੀ ਹੈ, ਉਸ ਨੇ 1984 ਦੇ ਦੌਰ ਦੀ ਯਾਦ ਤਾਜ਼ਾ ਕਰਵਾ ਦਿੱਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਦਿੱਲੀ ਪੁਲਿਸ ਦੇ ਮੁਲਾਜ਼ਮਾਂ ਦਾ ਬੂਟਾਂ ਸਮੇਤ ਅਤੇ ਨੰਗੇ ਸਿਰ ਗੁਰਦੁਆਰਾ ਸਾਹਿਬ ਅੰਦਰ ਦਾਖਲ ਹੋਣਾ ਗੁਰੂਧਾਮ ਦੀ ਮਰਿਆਦਾ ਦੀ ਉਲੰਘਣਾ ਹੈ।

ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਇਸ ਮਾਮਲੇ ਵਿੱਚ ਆਪਣਾ ਪੱਖ ਸਪੱਸ਼ਟ ਕਰਨ ਲਈ ਸੱਦਿਆ ਜਾਣਾ ਚਾਹੀਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਹ ਸਭ ਕੁਝ ਅਮਿਤ ਸ਼ਾਹ ਦੇ ਇਸ਼ਾਰੇ ’ਤੇ ਹੋਇਆ ਹੈ।

ਗਿਆਸਪੁਰਾ ਨੇ ਇਸ ਮਾਮਲੇ ਵਿੱਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਕਥਿਤ ਮਿਲੀਭੁਗਤ ’ਤੇ ਵੀ ਸਵਾਲ ਚੁੱਕੇ। ਉਨ੍ਹਾਂ ਦਾਅਵਾ ਕੀਤਾ ਕਿ ਬੀਬੀ ਹਰਸਿਮਰਤ ਕੌਰ ਬਾਦਲ ਵੱਲੋਂ ਇਸ ਘਟਨਾ ਸਬੰਧੀ ਸੋਸ਼ਲ ਮੀਡੀਆ ’ਤੇ ਇੱਕ ਟਵੀਟ ਕੀਤਾ ਗਿਆ ਸੀ, ਜਿਸ ਵਿੱਚ ਗੁਰਦੁਆਰਾ ਬੰਗਲਾ ਸਾਹਿਬ ਦੇ ਅੰਦਰ ਪੁਲਿਸ ਦੇ ਦਾਖਲ ਹੋਣ ਦਾ ਜ਼ਿਕਰ ਸੀ। ਉਨ੍ਹਾਂ ਦੋਸ਼ ਲਾਇਆ ਕਿ ਬਾਅਦ ਵਿੱਚ ਅਮਿਤ ਸ਼ਾਹ ਦਾ ਫੋਨ ਆਉਣ ਤੋਂ ਬਾਅਦ ਇਹ ਟਵੀਟ ਹਟਾ ਦਿੱਤਾ ਗਿਆ।

ਉਨ੍ਹਾਂ ਕਿਹਾ ਕਿ ਹੁਣ ਸਾਰੀਆਂ ਨਜ਼ਰਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ’ਤੇ ਹਨ ਕਿ ਉਹ ਇਸ ਮਾਮਲੇ ਵਿੱਚ ਕੀ ਕਾਰਵਾਈ ਕਰਦੇ ਹਨ ਅਤੇ ਭਾਜਪਾ ਦੀ ਭੂਮਿਕਾ ਬਾਰੇ ਕੀ ਫ਼ੈਸਲਾ ਲੈਂਦੇ ਹਨ।

By Gurpreet Singh

Leave a Reply

Your email address will not be published. Required fields are marked *