ਗੁਰਪ੍ਰੀਤ ਸਿੰਘ :- ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਆਉਂਦੇ ਪਿੰਡ ਘਰਿਆਲਾ ਵਿਖੇ ਦੇਰ ਰਾਤ ਪਏ ਭਾਰੀ ਮੀਂਹ ਅਤੇ ਗੜੇਮਾਰੀ ਕਾਰਨ ਕਿਸਾਨਾਂ ਦੀਆਂ ਮੁਸ਼ਕਲਾਂ ਵਧ ਗਈਆਂ। ਜਿੱਥੇ ਖੇਤਾਂ ਵਿੱਚ ਖੜ੍ਹੀ ਫ਼ਸਲ ਨੂੰ ਨੁਕਸਾਨ ਪੁੱਜਣ ਦਾ ਖ਼ਦਸ਼ਾ ਹੈ, ਉੱਥੇ ਹੀ ਪਿੰਡ ਦੀ ਦਾਣਾ ਮੰਡੀ ਵਿੱਚ ਕਿਸਾਨਾਂ ਵੱਲੋਂ ਵਿਕਰੀ ਲਈ ਲਿਆਂਦਾ ਗਿਆ ਝੋਨਾ ਪਾਣੀ ਵਿੱਚ ਭਿੱਜ ਗਿਆ।
ਮੰਡੀ ਵਿੱਚ ਪਾਣੀ ਭਰਨ ਕਾਰਨ ਫ਼ਸਲ ਦੀ ਸਾਂਭ-ਸੰਭਾਲ ਅਤੇ ਖ਼ਰੀਦ ਨੂੰ ਲੈ ਕੇ ਕਿਸਾਨਾਂ ਵਿੱਚ ਚਿੰਤਾ ਪਾਈ ਜਾ ਰਹੀ ਹੈ। ਪੀੜਤ ਕਿਸਾਨਾਂ ਰਾਜਵੰਤ ਸਿੰਘ ਅਤੇ ਸੁਖਪਾਲ ਸਿੰਘ ਨੇ ਦੱਸਿਆ ਕਿ ਉਹ ਆਪਣੀ ਝੋਨੇ ਦੀ ਫ਼ਸਲ ਪਿਛਲੇ ਚਾਰ ਦਿਨਾਂ ਤੋਂ ਮੰਡੀ ਵਿੱਚ ਲੈ ਕੇ ਬੈਠੇ ਹਨ, ਪਰ ਅਜੇ ਤੱਕ ਉਨ੍ਹਾਂ ਦੀ ਫ਼ਸਲ ਦੀ ਖ਼ਰੀਦ ਨਹੀਂ ਹੋਈ। ਉਨ੍ਹਾਂ ਦੱਸਿਆ ਕਿ ਮੰਡੀ ਵਿੱਚ ਮੀਂਹ ਦੇ ਪਾਣੀ ਦੀ ਨਿਕਾਸੀ ਅਤੇ ਫ਼ਸਲ ਨੂੰ ਬਚਾਉਣ ਲਈ ਲੋੜੀਂਦੇ ਪ੍ਰਬੰਧ ਨਾ ਹੋਣ ਕਾਰਨ ਕਿਸਾਨਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਕਿਸਾਨਾਂ ਨੇ ਕਿਹਾ ਕਿ ਕੁਝ ਕਿਸਾਨਾਂ ਨੇ ਆਪਣੇ ਪੱਧਰ ’ਤੇ ਤਰਪਾਲਾਂ ਦਾ ਪ੍ਰਬੰਧ ਕਰਕੇ ਫ਼ਸਲ ਨੂੰ ਮੀਂਹ ਤੋਂ ਬਚਾਉਣ ਦੀ ਕੋਸ਼ਿਸ਼ ਕੀਤੀ, ਪਰ ਜਿਨ੍ਹਾਂ ਕੋਲ ਤਰਪਾਲਾਂ ਨਹੀਂ ਸਨ, ਉਨ੍ਹਾਂ ਦਾ ਝੋਨਾ ਪਾਣੀ ਵਿੱਚ ਭਿੱਜ ਗਿਆ। ਪੀੜਤ ਕਿਸਾਨਾਂ ਨੇ ਦੱਸਿਆ ਕਿ ਮੀਂਹ ਕਾਰਨ ਉਨ੍ਹਾਂ ਦੀ ਭਾਰੀ ਗਿਣਤੀ ਫ਼ਸਲ ਦੇ ਨੁਕਸਾਨ ਦਾ ਖ਼ਦਸ਼ਾ ਹੈ।
ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਫ਼ਸਲ ਤਿਆਰ ਕਰਨ ਲਈ ਭਾਰੀ ਮਿਹਨਤ ਅਤੇ ਖ਼ਰਚਾ ਕਰਦੇ ਹਨ, ਪਰ ਮੰਡੀ ਵਿੱਚ ਸਮੇਂ ਸਿਰ ਖ਼ਰੀਦ ਨਾ ਹੋਣ ਅਤੇ ਮੀਂਹ ਤੋਂ ਬਚਾਅ ਦੇ ਪ੍ਰਬੰਧਾਂ ਦੀ ਘਾਟ ਕਾਰਨ ਉਨ੍ਹਾਂ ਦੀਆਂ ਮੁਸ਼ਕਲਾਂ ਹੋਰ ਵਧ ਜਾਂਦੀਆਂ ਹਨ। ਦੂਜੇ ਪਾਸੇ ਮੰਡੀ ਵਿੱਚ ਕੰਮ ਕਰਦੇ ਮਜ਼ਦੂਰ ਗੁਰਮੀਤ ਸਿੰਘ ਨੇ ਦੱਸਿਆ ਕਿ ਭਾਰੀ ਮੀਂਹ ਤੋਂ ਬਾਅਦ ਮੰਡੀ ਵਿੱਚ ਕਾਫ਼ੀ ਪਾਣੀ ਖੜ੍ਹਾ ਹੋ ਗਿਆ ਹੈ। ਪਾਣੀ ਦੀ ਨਿਕਾਸੀ ਦੇ ਢੁੱਕਵੇਂ ਪ੍ਰਬੰਧ ਨਾ ਹੋਣ ਕਾਰਨ ਮਜ਼ਦੂਰਾਂ ਨੂੰ ਬਾਲਟੀਆਂ ਨਾਲ ਪਾਣੀ ਬਾਹਰ ਕੱਢਣਾ ਪੈ ਰਿਹਾ ਹੈ।
ਉਨ੍ਹਾਂ ਕਿਹਾ ਕਿ ਮੰਡੀ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਵੀ ਅਜਿਹੇ ਹਾਲਾਤ ਵਿੱਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਪੀੜਤ ਕਿਸਾਨਾਂ ਨੇ ਸਬੰਧਤ ਵਿਭਾਗਾਂ ਅਤੇ ਖ਼ਰੀਦ ਏਜੰਸੀਆਂ ਤੋਂ ਮੰਗ ਕੀਤੀ ਕਿ ਮੰਡੀ ਵਿੱਚੋਂ ਝੋਨੇ ਦੀ ਫ਼ਸਲ ਦੀ ਖ਼ਰੀਦ ਅਤੇ ਚੁਕਾਈ ਜਲਦੀ ਕਰਵਾਈ ਜਾਵੇ। ਇਸ ਦੇ ਨਾਲ ਹੀ ਮੰਡੀ ਵਿੱਚ ਪਾਣੀ ਦੀ ਨਿਕਾਸੀ ਅਤੇ ਫ਼ਸਲ ਨੂੰ ਮੀਂਹ ਤੋਂ ਬਚਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣ, ਤਾਂ ਜੋ ਕਿਸਾਨਾਂ ਦੀ ਮਿਹਨਤ ਨਾਲ ਤਿਆਰ ਕੀਤੀ ਫ਼ਸਲ ਨੂੰ ਹੋਰ ਨੁਕਸਾਨ ਤੋਂ ਬਚਾਇਆ ਜਾ ਸਕੇ।
