ਗੁਰਪ੍ਰੀਤ ਸਿੰਘ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਫਰਾਂਸ ਯਾਤਰਾ ਨੂੰ ਮਨਜ਼ੂਰੀ ਮਿਲ ਗਈ ਹੈ। ਇਸ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਦੌਰਾਨ ਕੇਂਦਰ ਸਰਕਾਰ ਨੇ ਆਪਣਾ ਪੱਖ ਰੱਖਿਆ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਦੌਰੇ ਦੀ ਮਨਜ਼ੂਰੀ ਰੱਦ ਕਰਨ ਦੇ ਫ਼ੈਸਲੇ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ।
ਕੇਂਦਰ ਸਰਕਾਰ ਵੱਲੋਂ ਐਡੀਸ਼ਨਲ ਸਾਲਿਸਟਰ ਜਨਰਲ ਸਤਿਆ ਪਾਲ ਜੈਨ ਪੇਸ਼ ਹੋਏ। ਕੇਂਦਰ ਨੇ ਮੁੱਖ ਮੰਤਰੀ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਖ਼ਤਰੇ ਸਬੰਧੀ ਖ਼ੁਫ਼ੀਆ ਜਾਣਕਾਰੀਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਵਿਦੇਸ਼ੀ ਦੌਰੇ ਦੀ ਮਨਜ਼ੂਰੀ ਦੇਣ ਸਮੇਂ ਸੁਰੱਖਿਆ, ਵਿਦੇਸ਼ ਨੀਤੀ ਅਤੇ ਕੂਟਨੀਤਕ ਪ੍ਰੋਟੋਕੋਲ ਵਰਗੇ ਪਹਿਲੂਆਂ ਨੂੰ ਧਿਆਨ ਵਿੱਚ ਰੱਖਣਾ ਪੈਂਦਾ ਹੈ।
ਕੇਂਦਰ ਨੇ ਇਹ ਵੀ ਦਲੀਲ ਦਿੱਤੀ ਕਿ ਵਿਦੇਸ਼ੀ ਸਰਕਾਰ ਵੱਲੋਂ ਰਸਮੀ ਸੱਦਾ ਅਤੇ ਮੇਜ਼ਬਾਨ ਦੇਸ਼ ਨਾਲ ਤਾਲਮੇਲ ਵੀ ਅਹਿਮ ਹਨ। ਸਰਕਾਰ ਮੁਤਾਬਕ, ਵਿਦੇਸ਼ ਨੀਤੀ ਨਾਲ ਜੁੜੇ ਫ਼ੈਸਲਿਆਂ ਵਿੱਚ ਕੁਝ ਸੰਵੇਦਨਸ਼ੀਲ ਪਹਿਲੂ ਹੁੰਦੇ ਹਨ, ਜਿਨ੍ਹਾਂ ਨੂੰ ਜਨਤਕ ਨਹੀਂ ਕੀਤਾ ਜਾ ਸਕਦਾ।
ਦੂਜੇ ਪਾਸੇ, ਪੰਜਾਬ ਸਰਕਾਰ ਦਾ ਕਹਿਣਾ ਸੀ ਕਿ ਦੌਰੇ ਦੀ ਮਨਜ਼ੂਰੀ ਰੱਦ ਕਰਨ ਦੇ ਕਾਰਨ ਨਹੀਂ ਦੱਸੇ ਗਏ। ਸਰਕਾਰ ਮੁਤਾਬਕ, ਮੁੱਖ ਮੰਤਰੀ ਦਾ ਫਰਾਂਸ ਦੌਰਾ ਪੰਜਾਬ ਦੇ ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਉਤਪਾਦਾਂ ਨੂੰ ਵਿਦੇਸ਼ੀ ਬਾਜ਼ਾਰਾਂ ਵਿੱਚ ਉਤਸ਼ਾਹਿਤ ਕਰਨ ਲਈ ਸੀ। ਹਾਈ ਕੋਰਟ ਤੋਂ ਰਾਹਤ ਮਿਲਣ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਫਰਾਂਸ ਦੌਰੇ ਦਾ ਰਾਹ ਸਾਫ਼ ਹੋ ਗਿਆ ਹੈ।
