ਕਪੂਰਥਲਾ ‘ਚ ‘ਆਪ’ ਨੂੰ ਸਿਆਸੀ ਹੁਲਾਰਾ, ਸਾਬਕਾ ਕਾਂਗਰਸੀ ਆਗੂ ਦਵਿੰਦਰਪਾਲ ਸਿੰਘ ਹੰਸ ਪਾਲ ਰੰਗਾ ਪਾਰਟੀ ‘ਚ ਸ਼ਾਮਲ

ਚੰਡੀਗੜ੍ਹ, 17 ਅਕਤੂਬਰ (ਗੁਰਪ੍ਰੀਤ ਸਿੰਘ) : ਆਮ ਆਦਮੀ ਪਾਰਟੀ (ਆਪ) ਨੂੰ ਕਪੂਰਥਲਾ ਵਿੱਚ ਉਸ ਸਮੇਂ ਵੱਡਾ ਸਿਆਸੀ ਹੁਲਾਰਾ ਮਿਲਿਆ ਜਦੋਂ ਨਗਰ ਕੌਂਸਲ ਦੇ ਸਾਬਕਾ ਵਾਈਸ ਪ੍ਰਧਾਨ ਅਤੇ ਸਾਬਕਾ ਕਾਂਗਰਸੀ ਆਗੂ ਦਵਿੰਦਰਪਾਲ ਸਿੰਘ (ਹੰਸ ਪਾਲ) ਰੰਗਾ ‘ਆਪ’ ਵਿੱਚ ਸ਼ਾਮਿਲ ਹੋ ਗਏ। ਇਸ ਤੋਂ ਇਲਾਵਾ ਹਲਕੇ ਦੇ ਵੱਖ-ਵੱਖ ਖੇਤਰਾਂ ਦੀਆਂ ਨਾਮਵਰ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਆਪ ਦਾ ਪੱਲਾ ਫੜਿਆ।ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਸਾਰੇ ਨਵੇਂ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਅਤੇ ਪਾਰਟੀ ਵਿੱਚ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ।

ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਹੰਰ ਆਗੂਆਂ ਵਿੱਚ ਜ਼ਿਲ੍ਹਾ ਯੋਜਨਾ ਬੋਰਡ ਕਪੂਰਥਲਾ ਦੇ ਸਾਬਕਾ ਚੇਅਰਮੈਨ ਅਤੇ ਸੈਂਟਰਲ ਕੋਆਪਰੇਟਿਵ ਬੈਂਕ ਕਪੂਰਥਲਾ ਦੇ ਸਾਬਕਾ ਮੈਨੇਜਿੰਗ ਡਾਇਰੈਕਟਰ ਅਨੂਪ ਕੱਲਣ ਨੇ ਵੀ ਆਪਣੇ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ ਹੋ ਗਏ। ਰੇਲ ਕੋਚ ਫੈਕਟਰੀ (ਆਰਸੀਐਫ) ਕਪੂਰਥਲਾ ਦੇ ਚੈਂਬਰ ਆਫ਼ ਕਾਮਰਸ ਦੇ ਚੇਅਰਮੈਨ ਤਰਲੋਚਨ ਸਿੰਘ, ਜ਼ਿਲ੍ਹਾ ਬਾਰ ਐਸੋਸੀਏਸ਼ਨ ਕਪੂਰਥਲਾ ਦੇ ਸਾਬਕਾ ਪ੍ਰਧਾਨ ਅਤੇ ਅਹਲੂਵਾਲੀਆ ਬਿਰਾਦਰੀ ਕਪੂਰਥਲਾ ਦੇ ਸਾਬਕਾ ਜਨਰਲ ਸਕੱਤਰ ਐਡਵੋਕੇਟ ਸਰਬਜੀਤ ਸਿੰਘ ਵਾਲੀਆ ਅਤੇ ਯੂਥ ਕਾਂਗਰਸ ਕਪੂਰਥਲਾ ਦੇ ਸਾਬਕਾ ਪ੍ਰਧਾਨ ਕਰਨ ਮਹਾਜਨ ਵੀ ਪਾਰਟੀ ਵਿੱਚ ਸ਼ਾਮਿਲ ਹੋਏ।

ਇਸ ਮੌਕੇ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ-ਪੱਖੀ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਹੀ ਲਗਾਤਾਰ ਵੱਡੀ ਗਿਣਤੀ ਵਿੱਚ ਸੂਝਵਾਨ ਆਗੂ ਅਤੇ ਲੋਕ ‘ਆਪ’ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਦੇ ਪਾਰਟੀ ਵਿੱਚ ਆਉਣ ਨਾਲ ਕਪੂਰਥਲਾ ਹਲਕੇ ਅਤੇ ਜ਼ਿਲ੍ਹੇ ਵਿੱਚ ਪਾਰਟੀ ਦਾ ਆਧਾਰ ਹੋਰ ਜ਼ਿਆਦਾ ਮਜ਼ਬੂਤ ਹੋਵੇਗਾ।

ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਨਵੇਂ ਆਗੂਆਂ ਨੇ ਵੀ ਵਿਸ਼ਵਾਸ ਪ੍ਰਗਟਾਇਆ ਕਿ ਉਹ ਪਾਰਟੀ ਵੱਲੋਂ ਸੌਂਪੀ ਗਈ ਹਰ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਆਪ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਭ੍ਰਿਸ਼ਟਾਚਾਰ ਵਿਰੋਧੀ ਸੋਚ ਨੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਹੈ।

By Gurpreet Singh

Leave a Reply

Your email address will not be published. Required fields are marked *