ਜਲੰਧਰ; 27 ਅਕਤੂਬਰ 2026 (ਗੁਰਪ੍ਰੀਤ ਸਿੰਘ) : ਪੰਜਾਬ ਨੇ ਅੱਜ ਪਹਿਲੀ ਵਾਰ ‘ਏਸ਼ੀਅਨ ਹਾਕੀ ਚੈਂਪੀਅਨਸ਼ਿਪ’ ਦੀ ਮੇਜ਼ਬਾਨੀ ਕਰਦਿਆਂ ਆਪਣੀ ਮਹਾਨ ਖੇਡ ਵਿਰਾਸਤ ਵਿੱਚ ਇਕ ਹੋਰ ਇਤਿਹਾਸਕ ਅਧਿਆਇ ਜੋੜ ਦਿੱਤਾ ਹੈ। ਇਸ ਚੈਂਪੀਅਨਸ਼ਿਪ ਦਾ ਉਦਘਾਟਨ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਦੇ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਵਿਖੇ ਕੀਤਾ। ਇਸ ਮੇਜ਼ਬਾਨੀ ਨਾਲ ਪੰਜਾਬ ਦੇ ਹਾਕੀ ਖਿਡਾਰੀਆਂ ਦਾ ਆਪਣੀ ਧਰਤੀ ‘ਤੇ ਖੇਡਣ ਦਾ ਵਰ੍ਹਿਆਂ ਪੁਰਾਣਾ ਸੁਪਨਾ ਸਾਕਾਰ ਹੋ ਗਿਆ ਹੈ। ਛੇ ਦੇਸ਼ਾਂ ਦੀਆਂ ਟੀਮਾਂ ਦਾ ਸਵਾਗਤ ਅਤੇ ਉਨ੍ਹਾਂ ਦੇ ਕਪਤਾਨਾਂ ਨੂੰ ਸਨਮਾਨਿਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿਸ਼ਵ ਹਾਕੀ ਮੰਚ ‘ਤੇ ਆਪਣਾ ਪੁਰਾਣਾ ਰੁਤਬਾ ਮੁੜ ਹਾਸਲ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਟੂਰਨਾਮੈਂਟ ਦੌਰਾਨ ਸਾਰੇ ਲੀਗ ਮੈਚ ਜਲੰਧਰ ਵਿੱਚ ਖੇਡੇ ਜਾਣਗੇ, ਜਦਕਿ ਸੈਮੀਫਾਈਨਲ ਅਤੇ ਫਾਈਨਲ ਮੁਕਾਬਲੇ ਮੋਹਾਲੀ ਵਿੱਚ ਹੋਣਗੇ। ਇਸ ਦੇ ਨਾਲ ਹੀ, ਪੰਜਾਬ ਸਾਲ 2030 ਦੇ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਕਰਨ ਲਈ ਵੀ ਤਿਆਰੀਆਂ ਕਰ ਰਿਹਾ ਹੈ।
ਮੁੱਖ ਮੰਤਰੀ ਨੇ ਬੰਗਲਾਦੇਸ਼, ਚੀਨ, ਜਾਪਾਨ, ਕੋਰੀਆ ਅਤੇ ਮਲੇਸ਼ੀਆ ਤੋਂ ਆਈਆਂ ਟੀਮਾਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਉਨ੍ਹਾਂ ਨੇ ਓਲੰਪੀਅਨਾਂ, ਸਾਬਕਾ ਖਿਡਾਰੀਆਂ, ‘ਹਾਕੀ ਇੰਡੀਆ’ ਅਤੇ ‘ਅੰਤਰਰਾਸ਼ਟਰੀ ਹਾਕੀ ਫੈਡਰੇਸ਼ਨ’ ਦੇ ਨੁਮਾਇੰਦਿਆਂ, ਖੇਡ ਪ੍ਰੇਮੀਆਂ ਅਤੇ ਹੋਰ ਪਤਵੰਤਿਆਂ ਦਾ ਵੀ ਸਵਾਗਤ ਕੀਤਾ।
ਜਲੰਧਰ ਦੇ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਵਿਖੇ ‘ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ ਪੰਜਾਬ/2026’ ਦਾ ਉਦਘਾਟਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਵੱਕਾਰੀ ਟੂਰਨਾਮੈਂਟ ਦੀ ਪਹਿਲੀ ਵਾਰ ਮੇਜ਼ਬਾਨੀ ਕਰਨਾ ਪੰਜਾਬ ਲਈ ਇਤਿਹਾਸਕ ਪਲ ਹੈ ਅਤੇ ਭਾਰਤੀ ਹਾਕੀ ਵਿੱਚ ਪੰਜਾਬ ਦੇ ਬੇਮਿਸਾਲ ਯੋਗਦਾਨ ਪ੍ਰਤੀ ਮਾਣਮੱਤੀ ਪ੍ਰਾਪਤੀ ਹੈ। ਉਨ੍ਹਾਂ ਅੱਗੇ ਕਿਹਾ, “ਪੰਜਾਬ ਸਰਕਾਰ ਵੱਲੋਂ ਪੰਜਾਬ ਦੀਆਂ ਖੇਡਾਂ ਦੀ ਸ਼ਾਨ ਨੂੰ ਮੁੜ ਬਹਾਲ ਕਰਨ ਅਤੇ ਚੈਂਪੀਅਨਾਂ ਦੀ ਨਵੀਂ ਪੀੜ੍ਹੀ ਤਿਆਰ ਕਰਨ ਲਈ ਸੂਬੇ ਦੇ ਖੇਡ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ, ਜ਼ਮੀਨੀ ਪੱਧਰ ‘ਤੇ ਖੇਡਾਂ ਵਿੱਚ ਹਿੱਸਾ ਲੈਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਵਿਸ਼ੇਸ਼ ਸਿਖਲਾਈ ਪ੍ਰਦਾਨ ਕੀਤੀ ਜਾ ਰਹੀ ਹੈ। “

ਮੁੱਖ ਮੰਤਰੀ ਨੇ ਕਿਹਾ, “ਪੰਜਾਬ ਅਤੇ ਹਾਕੀ ਦਾ ਇੱਕ ਅਟੁੱਟ ਰਿਸ਼ਤਾ ਹੈ। ਭਾਰਤੀ ਹਾਕੀ ਵਿੱਚ ਸੂਬੇ ਦਾ ਯੋਗਦਾਨ ਸਿਰਫ਼ ਖੇਡਣ ਤੱਕ ਸੀਮਤ ਨਹੀਂ ਹੈ, ਸਗੋਂ ਇਹ ਇੱਕ ਅਜਿਹੀ ਵਿਰਾਸਤ ਹੈ ਜੋ ਜਜ਼ਬੇ, ਕੁਰਬਾਨੀ, ਅਨੁਸ਼ਾਸਨ ਅਤੇ ਦ੍ਰਿੜ ਖੇਡ ਭਾਵਨਾ ‘ਤੇ ਉਸਾਰੀ ਗਈ ਹੈ।”
ਉਨ੍ਹਾਂ ਕਿਹਾ, “ਪੰਜਾਬੀ ਖਿਡਾਰੀਆਂ ਦੇ ਵੱਡਮੁੱਲੇ ਯੋਗਦਾਨ ਤੋਂ ਬਿਨਾਂ ਭਾਰਤੀ ਹਾਕੀ ਦੇ ਇਤਿਹਾਸ ਦੀ ਕਲਪਨਾ ਕਰਨਾ ਵੀ ਮੁਸ਼ਕਲ ਹੈ। ਪੰਜਾਬ ਨੂੰ ਆਪਣੀ ਉਪਜਾਊ ਧਰਤੀ, ਮਿਹਨਤਕਸ਼ ਕਿਸਾਨਾਂ ਅਤੇ ਦੇਸ਼ ਦੀ ਖੁਰਾਕ ਸੁਰੱਖਿਆ ਵਿੱਚ ਪਾਏ ਯੋਗਦਾਨ ਲਈ ਪੂਰੀ ਦੁਨੀਆ ਵਿੱਚ ਜਾਣਿਆ ਜਾਂਦਾ ਹੈ। ਇਸ ਯੋਗਦਾਨ ਦੇ ਨਾਲ-ਨਾਲ ਪੰਜਾਬ ਦੀ ਧਰਤੀ ਨੇ ਅਜਿਹੇ ਓਲੰਪੀਅਨ, ਵਿਸ਼ਵ ਚੈਂਪੀਅਨ ਅਤੇ ਖੇਡ ਨਾਇਕ ਪੈਦਾ ਕੀਤੇ ਹਨ, ਜਿਨ੍ਹਾਂ ਨੇ ਦੁਨੀਆ ਭਰ ਵਿੱਚ ਤਿਰੰਗੇ ਦਾ ਮਾਣ ਵਧਾਇਆ ਹੈ।”
ਉਨ੍ਹਾਂ ਅੱਗੇ ਕਿਹਾ,“ਹਾਕੀ ਪੰਜਾਬ ਦੇ ਖ਼ੂਨ ਵਿੱਚ ਸਮੋਈ ਹੋਈ ਹੈ ਅਤੇ ਸਾਡੀ ਹਰ ਪੀੜ੍ਹੀ ਦੇ ਖਿਡਾਰੀਆਂ ਨੇ ਇਸ ਵਿਰਾਸਤ ਨੂੰ ਪੂਰੇ ਮਾਣ ਨਾਲ ਅੱਗੇ ਵਧਾਇਆ ਹੈ।”
ਭਾਰਤੀ ਹਾਕੀ ਵਿੱਚ ਪੰਜਾਬ ਦੇ ਸ਼ਾਨਦਾਰ ਯੋਗਦਾਨ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਨੇ 1928 ਦੀਆਂ ਐਮਸਟਰਡਮ ਓਲੰਪਿਕ ਤੋਂ ਲੈ ਕੇ 2024 ਦੀਆਂ ਪੈਰਿਸ ਓਲੰਪਿਕ ਤੱਕ, 77 ਹਾਕੀ ਓਲੰਪੀਅਨ ਦੇਸ਼ ਨੂੰ ਦਿੱਤੇ ਹਨ, ਜਿਨ੍ਹਾਂ ਵਿੱਚੋਂ ਸੂਬੇ ਦੇ 48 ਖਿਡਾਰੀਆਂ ਨੇ ਓਲੰਪਿਕ ਤਗ਼ਮੇ ਜਿੱਤੇ ਹਨ। ਪੰਜਾਬੀ ਖਿਡਾਰੀਆਂ ਨੇ 10 ਮੌਕਿਆਂ ‘ਤੇ ਓਲੰਪਿਕ ਵਿੱਚ ਭਾਰਤੀ ਹਾਕੀ ਟੀਮ ਦੀ ਕਪਤਾਨੀ ਵੀ ਕੀਤੀ ਹੈ, ਜੋ ਖੇਡ ਖੇਤਰ ਵਿੱਚ ਪੰਜਾਬ ਦੀ ਨਿਰੰਤਰ ਅਗਵਾਈ ਨੂੰ ਦਰਸਾਉਂਦੀ ਹੈ।”
ਮਹਾਨ ਹਾਕੀ ਖਿਡਾਰੀਆਂ ਪ੍ਰਤੀ ਸਤਿਕਾਰ ਭੇਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਲਬੀਰ ਸਿੰਘ ਸੀਨੀਅਰ, ਊਧਮ ਸਿੰਘ, ਪ੍ਰਿਥੀਪਾਲ ਸਿੰਘ, ਅਜੀਤ ਪਾਲ ਸਿੰਘ, ਸੁਰਜੀਤ ਸਿੰਘ ਅਤੇ ਪਰਗਟ ਸਿੰਘ ਦੇ ਯੋਗਦਾਨ ਨੂੰ ਯਾਦ ਕੀਤਾ ਅਤੇ ਕਿਹਾ ਕਿ ਉਨ੍ਹਾਂ ਦੀਆਂ ਪ੍ਰਾਪਤੀਆਂ ਨੌਜਵਾਨ ਖਿਡਾਰੀਆਂ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀਆਂ ਰਹਿਣਗੀਆਂ। ਉਨ੍ਹਾਂ ਕਿਹਾ,“1952 ਦੀਆਂ ਹੈਲਸਿੰਕੀ ਓਲੰਪਿਕ ਦੇ ਫਾਈਨਲ ਵਿੱਚ ਬਲਬੀਰ ਸਿੰਘ ਸੀਨੀਅਰ ਵੱਲੋਂ ਪੰਜ ਗੋਲ ਕਰਨ ਦੀ ਸ਼ਾਨਦਾਰ ਪ੍ਰਾਪਤੀ ਭਾਰਤੀ ਹਾਕੀ ਇਤਿਹਾਸ ਦਾ ਲਾਸਾਨੀ ਅਧਿਆਏ ਹੈ। ਊਧਮ ਸਿੰਘ ਦਾ ਚਾਰ ਓਲੰਪਿਕ ਖੇਡਣਾ ਅਤੇ ਤਗ਼ਮੇ ਜਿੱਤਣ ਦਾ ਪ੍ਰਭਾਵਸ਼ਾਲੀ ਰਿਕਾਰਡ ਵੀ ਸਾਡੇ ਲਈ ਪ੍ਰੇਰਨਾਦਾਇਕ ਹੈ।”
ਮੁੱਖ ਮੰਤਰੀ ਨੇ ਕਿਹਾ ਕਿ 2021 ਵਿੱਚ ਟੋਕੀਓ ਓਲੰਪਿਕ ਅਤੇ 2024 ਵਿੱਚ ਪੈਰਿਸ ਓਲੰਪਿਕ ਵਿੱਚ ਪੁਰਸ਼ ਹਾਕੀ ਵਿੱਚ ਭਾਰਤ ਵੱਲੋਂ ਜਿੱਤੇ ਗਏ ਕਾਂਸੀ ਦੇ ਤਗ਼ਮਿਆਂ ਨੇ ਲਗਾਤਾਰ ਓਲੰਪਿਕ ਤਗ਼ਮੇ ਜਿੱਤਣ ਦੀਆਂ ਮੁਹਿੰਮਾਂ ਦੇ 52 ਸਾਲਾਂ ਦੇ ਵਕਫ਼ੇ ਬਾਅਦ ਖੇਡ ਵਿੱਚ ਕੌਮੀ ਮਾਣ ਨੂੰ ਮੁੜ ਸੁਰਜੀਤ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ,“ਦੋਵਾਂ ਟੀਮਾਂ ਵਿੱਚ ਪੰਜਾਬ ਦੀ ਮਜ਼ਬੂਤ ਨੁਮਾਇੰਦਗੀ ਭਾਰਤੀ ਹਾਕੀ ਲਈ ਸੂਬੇ ਦੀ ਨਿਰੰਤਰ ਅਹਿਮੀਅਤ ਦਾ ਪ੍ਰਤੱਖ ਪ੍ਰਮਾਣ ਹੈ। ਹਰਮਨਪ੍ਰੀਤ ਸਿੰਘ ਦੀ ਅਗਵਾਈ ਵਾਲੀ ਮੌਜੂਦਾ ਭਾਰਤੀ ਹਾਕੀ ਟੀਮ ਵਿੱਚ ਪੰਜਾਬ ਦੇ ਅੱਠ ਖਿਡਾਰੀ ਸ਼ਾਮਲ ਹਨ।”
ਉਨ੍ਹਾਂ ਕਪਤਾਨ ਅਜੀਤ ਪਾਲ ਸਿੰਘ ਦੀ ਅਗਵਾਈ ਹੇਠ ਭਾਰਤ ਦੀ 1975 ਦੀ ਸੀਨੀਅਰ ਪੁਰਸ਼ ਹਾਕੀ ਵਿਸ਼ਵ ਕੱਪ ਜਿੱਤ ਅਤੇ 2001 ਵਿੱਚ ਗਗਨ ਅਜੀਤ ਸਿੰਘ ਤੇ 2016 ਵਿੱਚ ਹਰਜੀਤ ਸਿੰਘ ਦੀ ਅਗਵਾਈ ਹੇਠ ਜੂਨੀਅਰ ਪੁਰਸ਼ ਵਿਸ਼ਵ ਕੱਪ ਜਿੱਤਾਂ ਵਿੱਚ ਪੰਜਾਬ ਦੇ ਯੋਗਦਾਨ ਦਾ ਵੀ ਜ਼ਿਕਰ ਕੀਤਾ।
ਭਾਰਤੀ ਹਾਕੀ ਵਿੱਚ ਜਲੰਧਰ ਦੇ ਵਿਸ਼ੇਸ਼ ਯੋਗਦਾਨ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ, “ਜਲੰਧਰ ਅਤੇ ਇਸ ਦੇ ਆਸ-ਪਾਸ ਦੇ ਪਿੰਡਾਂ ਨੇ ਓਲੰਪੀਅਨਾਂ ਅਤੇ ਕੌਮਾਂਤਰੀ ਖਿਡਾਰੀਆਂ ਦੀਆਂ ਕਈ ਪੀੜ੍ਹੀਆਂ ਪੈਦਾ ਕੀਤੀਆਂ ਹਨ। ਸੰਸਾਰਪੁਰ, ਖੁਸਰੋਪੁਰ ਅਤੇ ਮਿੱਠਾਪੁਰ ਵਰਗੇ ਪਿੰਡਾਂ ਨੇ ਖੇਡ ਵਿੱਚ ਆਪਣੇ ਵਿਲੱਖਣ ਯੋਗਦਾਨ ਨਾਲ ਵਿਸ਼ਵ ਪੱਧਰ ‘ਤੇ ਵੱਖਰੀ ਪਛਾਣ ਬਣਾਈ ਹੈ, ਜਿਨ੍ਹਾਂ ਵਿੱਚੋਂ 20 ਤੋਂ ਵੱਧ ਓਲੰਪੀਅਨ ਨਿਕਲੇ ਹਨ। ਇਨ੍ਹਾਂ ਪਿੰਡਾਂ ਵਿੱਚ ਹਾਕੀ ਸਿਰਫ਼ ਇੱਕ ਖੇਡ ਨਹੀਂ ਹੈ; ਇਹ ਇੱਕ ਪੀੜ੍ਹੀ ਤੋਂ ਦੂਜੀ ਪੀੜ੍ਹੀ ਤੱਕ ਚੱਲੀ ਆ ਰਹੀ ਪਰੰਪਰਾ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਪੰਜਾਬ ਲਈ ਭਾਵਨਾਤਮਕ ਤੌਰ ਉਤੇ ਵਿਸ਼ੇਸ਼ ਅਹਿਮੀਅਤ ਰੱਖਦਾ ਹੈ। ਉਨ੍ਹਾਂ ਕਿਹਾ,“ਭਾਰਤ ਦੀ 1975 ਦੀ ਇਤਿਹਾਸਕ ਹਾਕੀ ਵਿਸ਼ਵ ਕੱਪ ਜੇਤੂ ਟੀਮ ਦੇ ਮੈਂਬਰ ਸੁਰਜੀਤ ਸਿੰਘ ਦੇ ਨਾਂ ‘ਤੇ ਬਣਿਆ ਇਹ ਸਟੇਡੀਅਮ ਪੰਜਾਬ ਦੇ ਹਾਕੀ ਜਗਤ ਦੀਆਂ ਕੁਰਬਾਨੀਆਂ, ਪ੍ਰਾਪਤੀਆਂ ਅਤੇ ਆਸਾਂ ਦੀ ਨੁਮਾਇੰਦਗੀ ਕਰਦਾ ਹੈ। ਇਸ ਟੂਰਨਾਮੈਂਟ ਮੌਕੇ ਸਟੇਡੀਅਮ ਵਿੱਚ ਓਲੰਪੀਅਨ ਸੁਰਜੀਤ ਸਿੰਘ ਦਾ ਇੱਕ ਬੁੱਤ ਵੀ ਸਥਾਪਿਤ ਕੀਤਾ ਗਿਆ।”
ਉਨ੍ਹਾਂ ਕਿਹਾ ਕਿ ਸਟੇਡੀਅਮ ਵਿੱਚ ਚੱਲ ਰਹੇ ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ ਸੈਂਟਰ ਅਤੇ ਖੇਲੋ ਇੰਡੀਆ ਸੈਂਟਰ ਭਵਿੱਖ ਦੇ ਹਾਕੀ ਸਿਤਾਰਿਆਂ ਨੂੰ ਹੋਰ ਨਿਖਾਰਣ ਵਿੱਚ ਮਦਦ ਕਰ ਰਹੇ ਹਨ, ਜਿਸ ਵਿੱਚ 102 ਹਾਕੀ ਖਿਡਾਰੀ ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ ਸੈਂਟਰ ਅਤੇ 33 ਹੋਰ ਖਿਡਾਰੀ ਖੇਲੋ ਇੰਡੀਆ ਸੈਂਟਰ ਵਿੱਚ ਸਿਖਲਾਈ ਲੈ ਰਹੇ ਹਨ।
ਚੈਂਪੀਅਨਸ਼ਿਪ ਦੇ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ, “ਜਲੰਧਰ ਦਾ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਲੀਗ ਪੜਾਅ ਦੇ ਸਾਰੇ ਮੈਚਾਂ ਦੀ ਮੇਜ਼ਬਾਨੀ ਕਰੇਗਾ, ਜਦਕਿ ਮੋਹਾਲੀ ਦਾ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਇੰਟਰਨੈਸ਼ਨਲ ਹਾਕੀ ਸਟੇਡੀਅਮ ਸੈਮੀਫਾਈਨਲ ਅਤੇ ਫਾਈਨਲ ਦੀ ਮੇਜ਼ਬਾਨੀ ਕਰੇਗਾ। ਇਸ ਪੱਧਰ ਦੀ ਕੌਮਾਂਤਰੀ ਚੈਂਪੀਅਨਸ਼ਿਪ ਨੂੰ ਪੰਜਾਬ ਵਿੱਚ ਲਿਆਉਣਾ ਬੇਹੱਦ ਮਾਣ ਦੀ ਗੱਲ ਹੈ ਅਤੇ ਇਹ ਸਾਡੇ ਖੇਡ ਢਾਂਚੇ, ਮਹਿਮਾਨ-ਨਿਵਾਜ਼ੀ ਅਤੇ ਸੱਭਿਆਚਾਰਕ ਵਿਰਾਸਤ ਦੀ ਨੁਮਾਇਸ਼ ਦਾ ਸੁਨਹਿਰੀ ਮੌਕਾ ਹੈ।”
ਖੇਡਾਂ ਦੇ ਵਿਕਾਸ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੀ ਸਰਕਾਰ ਦੇ ਕਾਰਜਕਾਲ ਦੌਰਾਨ ਹਾਕੀ ਦੇ ਛੇ ਨਵੇਂ ਐਸਟਰੋ-ਟਰਫ ਮੈਦਾਨ ਸਥਾਪਤ ਕੀਤੇ ਗਏ ਹਨ, ਜਦੋਂ ਕਿ ਦੋ ਹੋਰ ਮੈਦਾਨ ਸਥਾਪਤ ਕੀਤੇ ਜਾ ਰਹੇ ਹਨ। ਪੰਜਾਬ ਨੇ ਹੇਠਲੇ ਪੱਧਰ ‘ਤੇ ਖੇਡਾਂ ਨੂੰ ਮਜ਼ਬੂਤ ਕਰਨ ਲਈ 18 ‘ਸਿਕਸ-ਏ-ਸਾਈਡ’ ਐਸਟਰੋ-ਟਰਫ ਹਾਕੀ ਮੈਦਾਨ ਵੀ ਤਿਆਰ ਕੀਤੇ ਹਨ।”
ਉਨ੍ਹਾਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਪਹਿਲਕਦਮੀ ਹਰ ਉਮਰ ਵਰਗ ਦੇ ਖਿਡਾਰੀਆਂ ਦੀ ਭਾਈਵਾਲੀ ਨੂੰ ਉਤਸ਼ਾਹਿਤ ਕਰਨ ਲਈ ਵੱਡੇ ਮੰਚ ਵਜੋਂ ਉੱਭਰੀ ਹੈ। ਉਨ੍ਹਾਂ ਕਿਹਾ, “ਖੇਡਾਂ ਵਤਨ ਪੰਜਾਬ ਦੀਆਂ ਦੇ ਚੌਥੇ ਸੀਜ਼ਨ ਲਈ ਛੇ ਲੱਖ ਤੋਂ ਵੱਧ ਖਿਡਾਰੀਆਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ। ‘ਮੁੱਖ ਮੰਤਰੀ ਖੇਡ ਮੈਦਾਨ’ ਪਹਿਲਕਦਮੀ ਤਹਿਤ ਸੂਬੇ ਭਰ ਵਿੱਚ 3,000 ਤੋਂ ਵੱਧ ਖੇਡ ਮੈਦਾਨ ਵੀ ਵਿਕਸਤ ਕੀਤੇ ਜਾ ਰਹੇ ਹਨ। ਪੰਜਾਬ ਸਟੇਟ ਇੰਸਟੀਚਿਊਟ ਆਫ਼ ਸਪੋਰਟਸ ਦੇ 14 ਸੈਂਟਰ ਆਫ਼ ਐਕਸੀਲੈਂਸ ਹਨ, ਜਿੱਥੇ 1,870 ਅਥਲੀਟਾਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਜਾ ਰਹੀ ਹੈ।”
ਮੁੱਖ ਮੰਤਰੀ ਨੇ ਕਿਹਾ ਕਿ ਸਾਲ 2023 ਵਿੱਚ ਲਾਗੂ ਕੀਤੀ ਗਈ ਨਵੀਂ ਖੇਡ ਨੀਤੀ ਅਤੇ ਖਾਸ ਤੌਰ ‘ਤੇ ਖੇਡਾਂ ਲਈ 1,744 ਕਰੋੜ ਰੁਪਏ ਦਾ ਰੱਖਿਆ ਗਿਆ ਬਜਟ, ਮਜ਼ਬੂਤ ਖੇਡ ਢਾਂਚਾ ਤਿਆਰ ਕਰਨ ਅਤੇ ਮੁੱਖ ਮੁਕਾਬਲਿਆਂ ਦੀ ਤਿਆਰੀ ਕਰ ਰਹੇ ਖਿਡਾਰੀਆਂ ਦੀ ਮਦਦ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਖੇਡ ਢਾਂਚੇ, ਹੇਠਲੇ ਪੱਧਰ ਦੀ ਸ਼ਮੂਲੀਅਤ ਅਤੇ ਵਿਸ਼ੇਸ਼ ਸਿਖਲਾਈ ਵਿੱਚ ਨਿਵੇਸ਼ ਕਰ ਰਿਹਾ ਹੈ ਤਾਂ ਜੋ ਸਾਡੇ ਨੌਜਵਾਨ ਅਥਲੀਟਾਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਮੱਲਾਂ ਮਾਰਨ ਦੇ ਮੌਕੇ ਮਿਲ ਸਕਣ।”
ਵੱਡੇ ਅੰਤਰਰਾਸ਼ਟਰੀ ਟੂਰਨਾਮੈਂਟਾਂ ਦੀ ਮੇਜ਼ਬਾਨੀ ਕਰਨ ਦੀ ਪੰਜਾਬ ਦੀ ਸਮਰੱਥਾ ‘ਤੇ ਭਰੋਸਾ ਪ੍ਰਗਟਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਕਰਨ ਲਈ ਤਿਆਰ ਹੈ। ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ ਪੰਜਾਬ-2026 ਅੰਤਰਰਾਸ਼ਟਰੀ ਖੇਡ ਸਮਾਗਮਾਂ ਦੀਆਂ ਪੁਖ਼ਤਾ ਤਿਆਰੀਆਂ ਕਰਨ ਦੀ ਸਾਡੀ ਸਮਰੱਥਾ ਨੂੰ ਸਾਬਤ ਕਰਨ ਅਤੇ ਹਾਕੀ ਵਿੱਚ ਪੰਜਾਬ ਦੇ ਇਤਿਹਾਸਕ ਰੁਤਬੇ ਨੂੰ ਬਹਾਲ ਕਰਨ ਦਾ ਮਹੱਤਵਪੂਰਨ ਮੌਕਾ ਹੈ।”

ਉਨ੍ਹਾਂ ਅੱਗੇ ਕਿਹਾ, “ਇਸ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਦੇ ਲਾਭ ਹਾਕੀ ਦੇ ਮੈਦਾਨ ਤੋਂ ਕਿਤੇ ਅੱਗੇ ਤੱਕ ਜਾਣਗੇ। ਇਹ ਖੇਡ ਸੈਰ-ਸਪਾਟੇ, ਮਹਿਮਾਨਨਵਾਜ਼ੀ, ਖੇਡਾਂ ਦੇ ਸਮਾਨ ਦੇ ਉਦਯੋਗ ਅਤੇ ਇਸ ਨਾਲ ਜੁੜੇ ਖੇਤਰਾਂ ਨੂੰ ਹੁਲਾਰਾ ਦੇਵੇਗਾ ਅਤੇ ਇਸ ਦੇ ਨਾਲ ਹੀ ਸਥਾਨਕ ਕਾਰੋਬਾਰ ਅਤੇ ਨੌਜਵਾਨਾਂ ਲਈ ਮੌਕੇ ਪੈਦਾ ਕਰੇਗਾ।”
ਅੰਤਰਰਾਸ਼ਟਰੀ ਖਿਡਾਰੀਆਂ, ਅਧਿਕਾਰੀਆਂ ਅਤੇ ਦਰਸ਼ਕਾਂ ਦਾ ਸਵਾਗਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਆਪਣੀ ਫਰਾਖ਼ਦਿਲੀ ਅਤੇ ਮਹਿਮਾਨਨਵਾਜ਼ੀ ਲਈ ਦੁਨੀਆ ਭਰ ਵਿੱਚ ਜਾਣਿਆ ਜਾਂਦਾ ਹੈ। ਮੈਨੂੰ ਪੂਰਾ ਵਿਸ਼ਵਾਸ ਹੈ ਕਿ ਇੱਥੇ ਆਈਆਂ ਟੀਮਾਂ ਸਾਡੇ ਲੋਕਾਂ, ਪਿੰਡਾਂ, ਸੱਭਿਆਚਾਰ ਅਤੇ ਰਵਾਇਤੀ ਪਕਵਾਨਾਂ ਦੀਆਂ ਮਿੱਠੀਆਂ ਯਾਦਾਂ ਲੈ ਕੇ ਆਪਣੇ ਘਰ ਪਰਤਣਗੀਆਂ।”
ਉਨ੍ਹਾਂ ਕਿਹਾ ਕਿ ਖੇਡਾਂ ਵਿੱਚ ਭੂਗੋਲਿਕ, ਭਾਸ਼ਾਈ ਅਤੇ ਸੱਭਿਆਚਾਰਕ ਸਰਹੱਦਾਂ ਤੋਂ ਪਰ੍ਹੇ ਜਾਣ ਦੀ ਵਿਲੱਖਣ ਸਮਰੱਥਾ ਹੈ। ਉਨ੍ਹਾਂ ਕਿਹਾ, “ਖਿਡਾਰੀ ਆਪੋ-ਆਪਣੇ ਦੇਸ਼ਾਂ ਲਈ ਖੇਡਦੇ ਹਨ, ਖੇਡ ਸਮਾਗਮ ਆਪਸੀ ਸਤਿਕਾਰ, ਅਨੁਸ਼ਾਸਨ ਅਤੇ ਦੋਸਤੀ ਰਾਹੀਂ ਲੋਕਾਂ ਨੂੰ ਇੱਕ ਦੂਜੇ ਦੇ ਨੇੜੇ ਲਿਆਉਂਦੇ ਹਨ। ਮੈਨੂੰ ਉਮੀਦ ਹੈ ਕਿ ਇਹ ਚੈਂਪੀਅਨਸ਼ਿਪ ਭਾਗ ਲੈਣ ਵਾਲੇ ਦੇਸ਼ਾਂ ਵਿਚਕਾਰ ਸਦੀਵੀ ਦੋਸਤੀ ਕਾਇਮ ਕਰੇਗੀ ਅਤੇ ਹਜ਼ਾਰਾਂ ਨੌਜਵਾਨ ਦਰਸ਼ਕਾਂ ਨੂੰ ਹਾਕੀ ਅਤੇ ਹੋਰ ਖੇਡਾਂ ਅਪਨਾਉਣ ਲਈ ਪ੍ਰੇਰਿਤ ਕਰੇਗੀ,”
ਭਾਗ ਲੈਣ ਵਾਲੀਆਂ ਟੀਮਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਚੈਂਪੀਅਨਸ਼ਿਪ ਦੇ ਸਫਲ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਪਰਦੇ ਦੇ ਪਿੱਛੇ ਕੰਮ ਕਰਨ ਵਾਲੇ ਪ੍ਰਬੰਧਕਾਂ, ਅਧਿਕਾਰੀਆਂ, ਵਲੰਟੀਅਰਾਂ, ਸੁਰੱਖਿਆ ਕਰਮਚਾਰੀਆਂ ਅਤੇ ਹਰ ਵਿਅਕਤੀ ਦੇ ਯਤਨਾਂ ਦੀ ਸ਼ਲਾਘਾ ਕੀਤੀ।
ਆਪਣੇ ਸੰਬੋਧਨ ਦੇ ਅੰਤ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਨੂੰ ਆਪਣੀ ਇਤਿਹਾਸਕ ਧਰਤੀ ‘ਤੇ ਹਾਕੀ ਦੀ ਦੁਨੀਆ ਦਾ ਸਵਾਗਤ ਕਰਦੇ ਹੋਏ ਮਾਣ ਮਹਿਸੂਸ ਹੋ ਰਿਹਾ ਹੈ। ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ ਪੰਜਾਬ-2026 ਸਾਡੇ ਸ਼ਾਨਦਾਰ ਹਾਕੀ ਵਿਰਸੇ ਦਾ ਜਸ਼ਨ ਮਨਾਏਗੀ ਅਤੇ ਨਵੀਂ ਪੀੜ੍ਹੀ ਨੂੰ ਇਸ ਦੀ ਵਿਰਾਸਤ ਨੂੰ ਅੱਗੇ ਵਧਾਉਣ ਲਈ ਪ੍ਰੇਰਿਤ ਕਰੇਗੀ। ਹਾਕੀ ਨਾਲ ਪੰਜਾਬ ਦਾ ਰਿਸ਼ਤਾ ਸਿਰਫ਼ ਖੇਡ ਇਤਿਹਾਸ ਦਾ ਇੱਕ ਅਧਿਆਏ ਨਹੀਂ ਹੈ; ਇਹ ਸਾਹਸ, ਵਚਨਬੱਧਤਾ ਅਤੇ ਰਾਸ਼ਟਰੀ ਮਾਣ ਦੀ ਜਿਉਂਦੀ-ਜਾਗਦੀ ਵਿਰਾਸਤ ਹੈ।”
ਇਸ ਤੋਂ ਪਹਿਲਾਂ ਹਾਕੀ ਪੰਜਾਬ ਦੇ ਪ੍ਰਧਾਨ ਨਿਤਿਨ ਕੋਹਲੀ ਅਤੇ ਹਾਕੀ ਇੰਡੀਆ ਦੇ ਜਨਰਲ ਸਕੱਤਰ ਭੋਲਾ ਨਾਥ ਨੇ ਮੁੱਖ ਮੰਤਰੀ ਅਤੇ ਹੋਰ ਸ਼ਖਸੀਅਤਾਂ ਦਾ ਸਵਾਗਤ ਕੀਤਾ।
ਕੈਬਨਿਟ ਮੰਤਰੀ ਮਹਿੰਦਰ ਭਗਤ, ਵਿਧਾਇਕ ਬਲਕਾਰ ਸਿੰਘ ਅਤੇ ਈਸ਼ਾਨ ਚੱਬੇਵਾਲ, ਪ੍ਰਮੁੱਖ ਸਕੱਤਰ (ਖੇਡਾਂ) ਵਰੁਣ ਰੂਜ਼ਮ, ਡਾਇਰੈਕਟਰ (ਖੇਡਾਂ) ਅਭਿਜੀਤ ਕਪਲਿਸ਼, ਮੇਅਰ ਜਲੰਧਰ ਵਿਨੀਤ ਧੀਰ, ਹਾਕੀ ਪੰਜਾਬ ਦੇ ਪ੍ਰਧਾਨ ਨਿਤਿਨ ਕੋਹਲੀ, ਹਾਕੀ ਇੰਡੀਆ ਦੇ ਜਨਰਲ ਸਕੱਤਰ ਭੋਲਾ ਨਾਥ, ਸੈਰ-ਸਪਾਟਾ ਸਲਾਹਕਾਰ ਦੀਪਕ ਬਾਲੀ ਅਤੇ ਹੋਰ ਵੀ ਹਾਜ਼ਰ ਸਨ।
