ਗੁਰਪ੍ਰੀਤ ਸਿੰਘ :- ਵਿਰੋਧੀ ਕਾਰਕੂਨ ਪਰਵਿੰਦਰ ਸਿੰਘ ਝੋਟਾ ਦੀ ਮੌਤ ਦੇ ਲਗਪਗ 23 ਦਿਨਾਂ ਬਾਅਦ ਉਨ੍ਹਾਂ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਪੀਜੀਆਈ ਚੰਡੀਗੜ੍ਹ ਵਿੱਚ ਕਰਵਾਉਣ ‘ਤੇ ਸਹਿਮਤੀ ਬਨਣ ਤੋਂ ਬਾਅਦ ਵੀਰਵਾਰ ਦੇਰ ਰਾਤ ਲਗਪਗ 12 ਵਜੇ ਤੋਂ ਕੁਝ ਸਮਾਂ ਪਹਿਲਾਂ ਮਾਨਸਾ ਦੇ ਸਿਵਲ ਹਸਪਤਾਲ ਤੋਂ ਮ੍ਰਿਤਕ ਦੇਹ ਨੂੰ ਐਂਬੂਲੈਂਸ ਰਾਹੀਂ ਚੰਡੀਗੜ੍ਹ ਰਵਾਨਾ ਕਰ ਦਿੱਤਾ ਗਿਆ।
ਇਸ ਦੌਰਾਨ ਚੰਡੀਗੜ੍ਹ ਪੀਜੀਆਈ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਸਰਕਾਰ ਵੱਲੋਂ ਮੁਆਵਜ਼ਾ ਜਾਂ ਸਰਕਾਰੀ ਨੌਕਰੀ ਲੈਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸਰਕਾਰ ਤੋਂ ਨਾ ਤਾਂ ਕਿਸੇ ਤਰ੍ਹਾਂ ਦਾ ਮੁਆਵਜ਼ਾ ਚਾਹੀਦਾ ਹੈ ਅਤੇ ਨਾ ਹੀ ਪਰਿਵਾਰ ਦੇ ਕਿਸੇ ਮੈਂਬਰ ਲਈ ਨੌਕਰੀ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਸੰਘਰਸ਼ ਨਸ਼ੇ ਦੇ ਖ਼ਿਲਾਫ਼ ਹੈ ਅਤੇ ਉਹ ਇਸ ਨੂੰ ਜਾਰੀ ਰੱਖਣਗੇ।
Advertisement
ਪਰਵਿੰਦਰ ਸਿੰਘ ਝੋਟਾ ਦੇ ਪੋਸਟਮਾਰਟਮ ਲਈ ਮ੍ਰਿਤਕ ਦੇਹ ਪੀਜੀਆਈ ਚੰਡੀਗੜ੍ਹ ਪਹੁੰਚਣ ਤੋਂ ਬਾਅਦ ਉਨ੍ਹਾਂ ਦੇ ਪਿਤਾ ਨੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਨੇ ਮਾਨਸਾ ਦੇ ਐੱਸਐੱਸਪੀ ਦੇ ਤਬਾਦਲੇ ਦੀ ਮੰਗ ਚੁੱਕੀ ਹੈ। ਝੋਟਾ ਦੇ ਪਿਤਾ ਨੇ ਭਾਵੁਕ ਹੁੰਦਿਆਂ ਕਿਹਾ, “ਮੈਂ ਹੁਣ ਤੋਂ ਅੰਨ ਦਾ ਇੱਕ ਦਾਣਾ ਵੀ ਨਹੀਂ ਖਾਵਾਂਗਾ ਅਤੇ ਨਸ਼ੇ ਦੇ ਖ਼ਿਲਾਫ਼ ਆਪਣੀ ਲੜਾਈ ਜਾਰੀ ਰੱਖਾਂਗਾ। ਜੇਕਰ ਇਸ ਲੜਾਈ ਵਿੱਚ ਮੇਰੀ ਜਾਨ ਵੀ ਚਲੀ ਜਾਂਦੀ ਹੈ ਤਾਂ ਮੈਨੂੰ ਇਸ ਦਾ ਕੋਈ ਗਮ ਨਹੀਂ ਹੋਵੇਗਾ।”
ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਕਿਸੇ ਦੇ ਪੈਸੇ ਦੀ ਲੋੜ ਨਹੀਂ ਹੈ। ਸਰਕਾਰ ਵੱਲੋਂ ਜੋ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ, ਉਸ ਦੀ ਵੀ ਉਨ੍ਹਾਂ ਨੂੰ ਲੋੜ ਨਹੀਂ ਹੈ। ਉਨ੍ਹਾਂ ਕਿਹਾ, “ਸਾਡਾ ਪੁੱਤ ਤਾਂ ਦੁਨੀਆ ਤੋਂ ਚਲਾ ਗਿਆ, ਹੁਣ ਅਸੀਂ ਇਸ ਸੁਰੱਖਿਆ ਦਾ ਕੀ ਕਰਾਂਗੇ?”
ਪਰਚਿਆਂ ਨੂੰ ਰੱਦ ਕਰਨ ਦੀ ਮੰਗ ‘ਤੇ ਅਟਕਿਆ ਸੀ ਮਾਮਲਾ
ਦਰਅਸਲ, ਝੋਟਾ ਦੀ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਪੀਜੀਆਈ ਚੰਡੀਗੜ੍ਹ ਭੇਜਣ ਨੂੰ ਲੈ ਕੇ ਪਹਿਲਾਂ ਸਹਿਮਤੀ ਨਹੀਂ ਬਣ ਪਾ ਰਹੀ ਸੀ। ਸਾਰੀਆਂ ਤਿਆਰੀਆਂ ਪੂਰੀਆਂ ਹੋਣ ਦੇ ਬਾਵਜੂਦ ਮਾਨਸਾ ਦੇ ਸਿਵਲ ਹਸਪਤਾਲ ਤੋਂ ਮ੍ਰਿਤਕ ਦੇਹ ਚੰਡੀਗੜ੍ਹ ਨਹੀਂ ਭੇਜੀ ਗਈ ਸੀ। ਐਕਸ਼ਨ ਕਮੇਟੀ ਦੇ ਮੈਂਬਰਾਂ ਦੀ ਮੰਗ ਸੀ ਕਿ ਜਦੋਂ ਤੱਕ ਦਰਜ ਮਾਮਲੇ ਰੱਦ ਨਹੀਂ ਕੀਤੇ ਜਾਂਦੇ, ਉਦੋਂ ਤੱਕ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਚੰਡੀਗੜ੍ਹ ਨਹੀਂ ਲਿਜਾਇਆ ਜਾਵੇਗਾ। ਇਸ ਮੰਗ ਨੂੰ ਲੈ ਕੇ ਧਰਨਾ ਸਥਾਨ ‘ਤੇ ਨਾਅਰੇਬਾਜ਼ੀ ਵੀ ਹੋਈ।
ਬਾਅਦ ਵਿੱਚ ਪਰਿਵਾਰ ਅਤੇ ਐਕਸ਼ਨ ਕਮੇਟੀ ਵਿਚਕਾਰ ਸਹਿਮਤੀ ਬਣਨ ਤੋਂ ਬਾਅਦ ਅਰਦਾਸ ਕੀਤੀ ਗਈ ਅਤੇ ਮ੍ਰਿਤਕ ਦੇਹ ਨੂੰ ਐਂਬੂਲੈਂਸ ਵਿੱਚ ਰੱਖ ਕੇ ਚੰਡੀਗੜ੍ਹ ਰਵਾਨਾ ਕੀਤਾ ਗਿਆ। ਇਸ ਦੌਰਾਨ ਮਾਨਸਾ ਦੇ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਵੀ ਕਿਹਾ ਸੀ ਕਿ ਪਰਿਵਾਰ ਅਤੇ ਐਕਸ਼ਨ ਕਮੇਟੀ ਦੀ ਸਹਿਮਤੀ ਮਿਲਦੇ ਹੀ ਮ੍ਰਿਤਕ ਦੇਹ ਨੂੰ ਭੇਜ ਦਿੱਤਾ ਜਾਵੇਗਾ। ਮ੍ਰਿਤਕ ਦੇਹ ਲੈਣ ਲਈ ਸੀਬੀਆਈ ਦੇ ਵਿਸ਼ੇਸ਼ ਅਧਿਕਾਰੀ ਵੀ ਪਹੁੰਚੇ ਹੋਏ ਸਨ।
ਲੱਖਾ ਸਿਧਾਣਾ ਅਤੇ ਮੋਹਨਜੀਤ ਸਿੰਘ ਸ਼ੇਰੋਂ ਜੇਲ੍ਹ ਤੋਂ ਰਿਹਾਅ
ਇਸ ਪੂਰੇ ਘਟਨਾਕ੍ਰਮ ਦੇ ਵਿਚਕਾਰ ਇੱਕ ਹੋਰ ਅਹਿਮ ਘਟਨਾਕ੍ਰਮ ਵਿੱਚ ਬੀਤੀ ਰਾਤ ਲੱਖਾ ਸਿਧਾਣਾ ਅਤੇ ਮੋਹਨਜੀਤ ਸਿੰਘ ਸ਼ੇਰੋਂ ਨੂੰ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ। ਮਾਨਸਾ ਦੀ ਅਦਾਲਤ ਨੇ ਉਨ੍ਹਾਂ ਦੀ ਰਿਹਾਈ ਦੇ ਵਾਰੰਟ ਜਾਰੀ ਕੀਤੇ ਸਨ। ਲੱਖਾ ਸਿਧਾਣਾ ਅਤੇ ਮੋਹਨਜੀਤ ਸਿੰਘ ਸ਼ੇਰੋਂ ਨਾਭਾ ਜੇਲ੍ਹ ਤੋਂ ਰਿਹਾਅ ਹੋਏ, ਜਦੋਂ ਕਿ ਬਠਿੰਡਾ ਜੇਲ੍ਹ ਤੋਂ ਵੀ ਇਸ ਮਾਮਲੇ ਵਿੱਚ ਬੰਦ ਹੋਰ ਨੌਜਵਾਨਾਂ ਨੂੰ ਰਿਹਾਅ ਕੀਤਾ ਗਿਆ। ਰਿਹਾਈ ਤੋਂ ਬਾਅਦ ਇਹ ਸਾਰੇ ਮਾਨਸਾ ਦੇ ਸਿਵਲ ਹਸਪਤਾਲ ਧਰਨਾ ਸਥਾਨ ਪਹੁੰਚੇ।
ਜ਼ਿਕਰਯੋਗ ਹੈ ਕਿ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਤੋਂ ਹੀ ਉਨ੍ਹਾਂ ਲਈ ਇਨਸਾਫ਼ ਅਤੇ ਨਸ਼ੇ ਦੇ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਸੰਘਰਸ਼ ਚੱਲ ਰਿਹਾ ਹੈ। ਹੁਣ ਸਾਰਿਆਂ ਦੀਆਂ ਨਜ਼ਰਾਂ ਪੀਜੀਆਈ ਵਿੱਚ ਹੋਣ ਵਾਲੇ ਪੋਸਟਮਾਰਟਮ ਅਤੇ ਉਸ ਦੀ ਰਿਪੋਰਟ ‘ਤੇ ਟਿਕੀਆਂ ਹੋਈਆਂ ਹਨ।
ਇੱਥੇ ਦੱਸਣਯੋਗ ਹੈ ਕਿ ਸਰਕਾਰ ਪਰਿਵਾਰ ਨੂੰ 2 ਕਰੋੜ ਰੁਪਏ ਦਾ ਮੁਆਵਜ਼ਾ ਅਤੇ ਝੋਟਾ ਦੀ ਪਤਨੀ ਨੂੰ ਸਰਕਾਰੀ ਨੌਕਰੀ ਦੇਣ ਤੋਂ ਇਲਾਵਾ ਕੁਝ ਹੋਰ ਮੰਗਾਂ ਮੰਨਣ ਲਈ ਸਹਿਮਤ ਹੋ ਗਈ ਹੈ। ਬੁੱਧਵਾਰ ਸ਼ਾਮ ਸੂਬਾ ਸਰਕਾਰ ਦੇ ਵਫ਼ਦ, ਪਰਿਵਾਰ ਅਤੇ ਐਕਸ਼ਨ ਕਮੇਟੀ ਦੇ ਮੈਂਬਰਾਂ ਵਿਚਕਾਰ ਹੋਈ ਮੀਟਿੰਗ ਤੋਂ ਬਾਅਦ ਪੋਸਟਮਾਰਟਮ ਦਾ ਮੁੱਦਾ ਹੱਲ ਹੋ ਗਿਆ ਸੀ
