‘ਆਪ’ ਆਗੂ ਵੱਲੋਂ ਛੋਟੇ ਭਰਾ ਦੀ ਗੋਲੀਆਂ ਮਾਰ ਕੇ ਹੱਤਿਆ

ਗੁਰਪ੍ਰੀਤ ਸਿੰਘ :- ਅੰਮ੍ਰਿਤਸਰ ਦੇ ਅਟਾਰੀ ਹਲਕੇ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿੱਚ ਅੱਜ ਜ਼ਮੀਨੀ ਵਿਵਾਦ ਕਾਰਨ ਵੱਡੇ ਭਰਾ ਨੇ ਆਪਣੇ ਛੋਟੇ ਭਰਾ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਦੀ ਪਛਾਣ ਸਿਮਰਦੀਪ ਸਿੰਘ ਵਜੋਂ ਹੋਈ ਹੈ, ਜਦਕਿ ਇਸ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਬਲਾਕ ਸਮਿਤੀ ਮੈਂਬਰ ਦਾ ਨਾਮ ਸਾਹਮਣੇ ਆਇਆ ਹੈ। ਉਸ ’ਤੇ ਆਪਣੇ ਛੋਟੇ ਭਰਾ ਦਾ ਕਤਲ ਕਰਨ ਦਾ ਦੋਸ਼ ਹੈ ਪਰ ਪੁਲੀਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਮਗਰੋਂ ‘ਆਪ’ ਆਗੂ ਫਰਾਰ ਹੋ ਗਿਆ।

ਜਾਣਕਾਰੀ ਅਨੁਸਾਰ ਦੋਵਾਂ ਭਰਾਵਾਂ ਵਿਚਕਾਰ ਪਰਿਵਾਰਕ ਜ਼ਮੀਨ ਦੀ ਵੰਡ ਨੂੰ ਲੈ ਕੇ ਲੰਮੇ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ। ਅੱਜ ਸਵੇਰੇ ਕਰੀਬ 11.30 ਵਜੇ ਇਸੇ ਮਾਮਲੇ ਨੂੰ ਲੈ ਕੇ ਦੋਵਾਂ ਵਿਚਕਾਰ ਤਕਰਾਰ ਹੋ ਗਈ। ਇਸ ਦੌਰਾਨ ਆਪ ਆਗੂ ਨੇ ਆਪਣੇ ਛੋਟੇ ਭਰਾ ’ਤੇ ਗੋਲੀਆਂ ਚਲਾ ਦਿੱਤੀਆਂ। ਦੋ ਗੋਲੀਆਂ ਵਿੱਚੋਂ ਇਕ ਸਿਮਰਦੀਪ ਦੇ ਸਿਰ ਵਿੱਚ ਅਤੇ ਦੂਜੀ ਛਾਤੀ ਦੇ ਸੱਜੇ ਪਾਸੇ ਲੱਗੀ। ਗੰਭੀਰ ਜ਼ਖ਼ਮੀ ਹੋਣ ਕਾਰਨ ਉਸ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ। ਉਸ ਨੂੰ ਹਸਪਤਾਲ ਲਿਜਾਣ ਦਾ ਮੌਕਾ ਵੀ ਨਹੀਂ ਮਿਲ ਸਕਿਆ।

ਮੁਲਜ਼ਮ ਦੀ ਭਾਲ ਲਈ ਛਾਪੇ

ਘਟਨਾ ਦੀ ਸੂਚਨਾ ਮਿਲਣ ਮਗਰੋਂ ਪੁਲੀਸ ਅਧਿਕਾਰੀ ਮੌਕੇ ’ਤੇ ਪੁੱਜੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲੀਸ ਅਨੁਸਾਰ ਦੋਵਾਂ ਭਰਾਵਾਂ ਵਿਚਕਾਰ ਜ਼ਮੀਨ ਦੀ ਵੰਡ ਨੂੰ ਲੈ ਕੇ ਵਿਵਾਦ ਚਲ ਰਿਹਾ ਸੀ। ਉਨ੍ਹਾਂ ਇਹ ਵੀ ਦੱਸਿਆ ਕਿ ਪਰਿਵਾਰ ਵਿੱਚ ਨਸ਼ੇ ਦੇ ਸੇਵਨ ਅਤੇ ਨਸ਼ਾ ਵੇਚਣ ਨੂੰ ਲੈ ਕੇ ਵੀ ਤਣਾਅ ਹੋਣ ਦੀ ਗੱਲ ਸਾਹਮਣੇ ਆਈ ਹੈ। ਪੁਲੀਸ ਇਨ੍ਹਾਂ ਸਾਰੇ ਪਹਿਲੂਆਂ ਦੀ ਜਾਂਚ ਕਰ ਰਹੀ ਹੈ।

ਘਟਨਾ ਵਾਲੀ ਥਾਂ ’ਤੇ ਫੋਰੈਂਸਿਕ ਟੀਮ ਨੂੰ ਬੁਲਾ ਕੇ ਵਿਗਿਆਨਕ ਸਬੂਤ ਇਕੱਠੇ ਕੀਤੇ ਗਏ ਹਨ। ਪੁਲੀਸ ਵੱਲੋਂ ਪਰਿਵਾਰ ਦੇ ਹੋਰਨਾਂ ਮੈਂਬਰਾਂ ਦੇ ਬਿਆਨ ਵੀ ਦਰਜ ਕੀਤੇ ਜਾ ਰਹੇ ਹਨ। ਮ੍ਰਿਤਕ ਦੀ ਦੇਹ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤੀ ਗਈ ਹੈ। ਡੀਐੱਸਪੀ ਨੇ ਦੱਸਿਆ ਕਿ ਮੁਲਜ਼ਮ ਵਾਰਦਾਤ ਮਗਰੋਂ ਫਰਾਰ ਹੈ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਥਾਵਾਂ ’ਤੇ ਛਾਪੇ ਮਾਰੇ ਜਾ ਰਹੇ ਹਨ। ਜਾਂਚ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

By Gurpreet Singh

Leave a Reply

Your email address will not be published. Required fields are marked *