ਸ਼੍ਰੋਮਣੀ ਅਕਾਲੀ ਦਲ ਨੂੰ ਮਿਲਿਆ ਨਵਾਂ ਚਿਹਰਾ, ਪ੍ਰਤਾਪਦੀਪ ਸਿੰਘ ਨੱਥੋਵਾਲ ਪਾਰਟੀ ‘ਚ ਸ਼ਾਮਲ, ਹਲਕਾ ਇੰਚਾਰਜ ਨਿਯੁਕਤ

ਚੰਡੀਗੜ੍ਹ (ਗੁਰਪ੍ਰੀਤ ਸਿੰਘ) : ਸ਼੍ਰੋਮਣੀ ਅਕਾਲੀ ਦਲ (SAD) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਡਿਪਟੀ ਡਾਇਰੈਕਟਰ ਪ੍ਰਭਦੀਪ ਸਿੰਘ ਨੱਥੋਵਾਲ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ। ਇਸ ਦੇ ਨਾਲ ਹੀ ਉਨ੍ਹਾਂ ਨੂੰ ਇਸ ਹਲਕੇ ਦਾ ਇੰਚਾਰਜ ਵੀ ਨਿਯੁਕਤ ਕੀਤਾ ਗਿਆ।

ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਭਦੀਪ ਸਿੰਘ ਦੇ ਜੱਦੀ ਪਿੰਡ ਨੱਥੋਵਾਲ ਵਿਖੇ ਇੱਕ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਇੱਕ ਉੱਚ-ਸਿੱਖਿਆ ਪ੍ਰਾਪਤ ਅਤੇ ਚੰਗੀ ਸਾਖ ਰੱਖਣ ਵਾਲੇ ਅਧਿਕਾਰੀ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ ਹੈ।

ਉਨ੍ਹਾਂ ਕਿਹਾ ਕਿ ਪ੍ਰਭਦੀਪ ਸਿੰਘ ਨੱਥੋਵਾਲ ਕੋਲ ਹਲਕੇ ਦੇ ਵਿਕਾਸ ਲਈ ਸਪੱਸ਼ਟ ਦ੍ਰਿਸ਼ਟੀਕੋਣ ਹੈ ਅਤੇ ਉਨ੍ਹਾਂ ਨੂੰ ਭਰੋਸਾ ਹੈ ਕਿ ਉਹ ਇਸ ਇਲਾਕੇ ਨੂੰ ਤਰੱਕੀ ਅਤੇ ਖੁਸ਼ਹਾਲੀ ਦੇ ਰਾਹ ‘ਤੇ ਲੈ ਕੇ ਜਾਣਗੇ। ਲੋਕਾਂ ਨੂੰ ਪਾਰਟੀ ਦੇ ਨਵੇਂ ਨੁਮਾਇੰਦੇ ਦਾ ਸਮਰਥਨ ਕਰਨ ਦੀ ਅਪੀਲ ਕਰਦਿਆਂ ਬਾਦਲ ਨੇ ਕਿਹਾ ਕਿ ਪਿਛਲੇ ਦਸ ਸਾਲਾਂ ਦੌਰਾਨ ਇਸ ਹਲਕੇ ਨੂੰ ਕਾਫ਼ੀ ਨੁਕਸਾਨ ਝੱਲਣਾ ਪਿਆ ਹੈ।

ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਇਹ ਵੀ ਐਲਾਨ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਨੱਥੋਵਾਲ ਵਿਖੇ ਇੱਕ ਯਾਦਗਾਰ ਸਥਾਪਿਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ‘ਫੌਜੀਆਂ ਦਾ ਪਿੰਡ’ ਵਜੋਂ ਜਾਣੇ ਜਾਂਦੇ ਨੱਥੋਵਾਲ ਵਿੱਚ ਦੇਸ਼ ਦਾ ਮਾਣ ਵਧਾਉਣ ਵਾਲੇ ਵੱਖ-ਵੱਖ ਬਹਾਦਰੀ ਪੁਰਸਕਾਰ ਜੇਤੂਆਂ ਦੀ ਯਾਦ ਵਿੱਚ ਇਹ ਯਾਦਗਾਰ ਬਣਾਈ ਜਾਵੇਗੀ।

ਬਾਅਦ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਹੁਣ ਆਪਣੀ ਖੇਤਰੀ ਪਾਰਟੀ ਦਾ ਸਮਰਥਨ ਕਰਨ ਦਾ ਮਨ ਬਣਾ ਲਿਆ ਹੈ। ਉਨ੍ਹਾਂ ਕਿਹਾ ਕਿ ਲੋਕ ਦਿੱਲੀ ਦੀਆਂ ਪਾਰਟੀਆਂ ਨੂੰ ਮੌਕਾ ਦੇ ਕੇ ਦੇਖ ਚੁੱਕੇ ਹਨ ਅਤੇ ਉਨ੍ਹਾਂ ਦੇ ਹੱਥੋਂ ਨਿਰਾਸ਼ਾ ਹੀ ਮਿਲੀ ਹੈ। ਹੁਣ ਪੰਜਾਬ ਦੇ ਲੋਕ 2027 ਵਿੱਚ ਸੂਬੇ ਅੰਦਰ ਅਕਾਲੀ ਦਲ ਦੀ ਸਰਕਾਰ ਲਿਆਉਣ ਲਈ ਦ੍ਰਿੜ੍ਹ ਹਨ।

ਇਸ ਮੌਕੇ ਪ੍ਰਭਦੀਪ ਸਿੰਘ ਨੱਥੋਵਾਲ ਨੇ ਕਿਹਾ ਕਿ ਪੰਜਾਬ ਦੀ ਇਕਲੌਤੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੇ ਹਮੇਸ਼ਾ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕੀਤਾ ਹੈ। ਪਿਛਲੀ ਅਕਾਲੀ ਸਰਕਾਰ ਦੌਰਾਨ ਤੇਜ਼ੀ ਨਾਲ ਹੋਇਆ ਵਿਕਾਸ ਅਤੇ ਵਿਸ਼ਵ ਪੱਧਰੀ ਬੁਨਿਆਦੀ ਢਾਂਚੇ ਦੀ ਸਿਰਜਣਾ ਉਨ੍ਹਾਂ ਲਈ ਪ੍ਰੇਰਨਾ ਦਾ ਸਰੋਤ ਰਹੀ ਹੈ। ਇਸੇ ਕਾਰਨ ਉਨ੍ਹਾਂ ਨੇ ਸਰਕਾਰੀ ਸੇਵਾ ਤੋਂ ਅਸਤੀਫ਼ਾ ਦੇ ਕੇ ਜਨਤਕ ਜੀਵਨ ਵਿੱਚ ਆਉਣ ਦਾ ਫੈਸਲਾ ਕੀਤਾ।

ਉਨ੍ਹਾਂ ਕਿਹਾ ਕਿ ਇੱਕ ਦਹਾਕੇ ਦੀ ਗਿਰਾਵਟ ਤੋਂ ਬਾਅਦ ਪੰਜਾਬ ਨੂੰ ਮੁੜ ਵਿਕਾਸ ਦੇ ਰਾਹ ‘ਤੇ ਲਿਆਉਣ ਦੀ ਲੋੜ ਹੈ ਅਤੇ ਇਹ ਕੰਮ ਸਿਰਫ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਰਗਾ ਦੂਰਅੰਦੇਸ਼ੀ ਆਗੂ ਹੀ ਕਰ ਸਕਦਾ ਹੈ।

ਇਸ ਸਮਾਗਮ ਵਿੱਚ ਪਾਰਟੀ ਦੇ ਸੀਨੀਅਰ ਆਗੂ ਸ਼ਰਨਜੀਤ ਸਿੰਘ ਢਿੱਲੋਂ, ਚੰਦ ਸਿੰਘ ਡੱਲਾ, ਐੱਸ.ਆਰ. ਕਲੇਰ, ਭੁਪਿੰਦਰ ਸਿੰਘ ਭਿੰਦਾ, ਗੁਰਚਰਨ ਸਿੰਘ ਗਰੇਵਾਲ, ਹਰਪ੍ਰੀਤ ਸਿੰਘ ਸਿਮਕ, ਕਮਲ ਛਟਲੇ ਅਤੇ ਜਸਕਰਨ ਸਿੰਘ ਦਿਓਲ ਸਮੇਤ ਕਈ ਆਗੂ ਮੌਜੂਦ ਸਨ।

By Gurpreet Singh

Leave a Reply

Your email address will not be published. Required fields are marked *