ਪੰਜਾਬ ’ਚ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ ਤੇ ਮਿਲ ਰਹੀਆਂ ਨੌਕਰੀਆਂ: ਅਮਨ ਅਰੋੜਾ
ਚੰਡੀਗੜ੍ਹ :- ਪੰਜਾਬ ਸਰਕਾਰ ਦੇ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਦਾਅਵਾ ਕੀਤਾ ਹੈ ਕਿ ਸੂਬੇ ਵਿੱਚ ਨੌਜਵਾਨਾਂ ਦੇ ਪਰਵਾਸ ਦਾ ਰੁਝਾਨ ਬਦਲਿਆ ਹੈ। ਉਨ੍ਹਾਂ ਕਿਹਾ ਕਿ 2022 ਤੋਂ ਪਹਿਲਾਂ ਨਿਰਾਸ਼ਾ ਕਾਰਨ ਨੌਜਵਾਨ ਪੰਜਾਬ ਛੱਡ ਰਹੇ ਸਨ, ਜਦਕਿ ਮੌਜੂਦਾ ਸਰਕਾਰ ਨੇ ਬਿਨਾਂ ਸਿਫ਼ਾਰਸ਼ ਅਤੇ ਪੈਸੇ ਦੇ 72 ਹਜ਼ਾਰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਇਸ ਤੋਂ ਇਲਾਵਾ ਨਿੱਜੀ ਖੇਤਰ ਵਿੱਚ ਵੀ ਲਗਭਗ ਸਾਢੇ ਲੱਖ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਗਏ ਹਨ।
ਨਸ਼ਿਆਂ ਦੇ ਮੁੱਦੇ ਤੇ ਅਮਨ ਅਰੋੜਾ ਨੇ ਕਿਹਾ ਕਿ ਇਸ ਸਮੱਸਿਆ ਨੂੰ ਖ਼ਤਮ ਕਰਨ ਲਈ ਸਰਕਾਰ ਅਤੇ ਸਮਾਜ ਦੋਵਾਂ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਪਵੇਗੀ। ਸਰਕਾਰ ਤੇ ਪੁਲਿਸ ਨੂੰ ਨਸ਼ਿਆਂ ਦੀ ਸਪਲਾਈ ਚੇਨ ਤੋੜਨੀ ਹੋਵੇਗੀ, ਜਦਕਿ ਲੋਕਾਂ ਨੂੰ ਨਸ਼ਿਆਂ ਦੀ ਮੰਗ ਖ਼ਤਮ ਕਰਨ ਲਈ ਅੱਗੇ ਆਉਣਾ ਪਵੇਗਾ। ਉਨ੍ਹਾਂ ਕਿਹਾ ਕਿ ਤਿੰਨ ਕਰੋੜ ਪੰਜਾਬੀਆਂ ਦੇ ਸਹਿਯੋਗ ਤੋਂ ਬਿਨਾਂ ਨਸ਼ਿਆਂ ਨੂੰ ਪੂਰੀ ਤਰ੍ਹਾਂ ਖ਼ਤਮ ਕਰਨਾ ਸੰਭਵ ਨਹੀਂ ਹੈ।
ਸੰਗਠਿਤ ਅਪਰਾਧ ਬਾਰੇ ਉਨ੍ਹਾਂ ਕਿਹਾ ਕਿ ਗੋਲਡੀ ਬਰਾੜ ਵਰਗੇ ਅਪਰਾਧੀਆਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਉਣ ਦੀ ਜ਼ਿੰਮੇਵਾਰੀ ਕੇਂਦਰ ਸਰਕਾਰ ਦੀ ਹੈ। ਉਨ੍ਹਾਂ ਲਾਰੈਂਸ ਬਿਸ਼ਨੋਈ ਦਾ ਜ਼ਿਕਰ ਕਰਦਿਆਂ ਸਾਬਰਮਤੀ ਜੇਲ੍ਹ ਵਿੱਚ ਉਸ ਦੀ ਸੁਰੱਖਿਆ ਅਤੇ ਕੇਂਦਰ ਸਰਕਾਰ ਦੇ ਹੁਕਮਾਂ ’ਤੇ ਵੀ ਸਵਾਲ ਚੁੱਕੇ। ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦੀ ਧਰਤੀ ’ਤੇ ਜੇਕਰ ਕਿਸੇ ਅਪਰਾਧੀ ਨੂੰ ਸੁਰੱਖਿਆ ਮਿਲਦੀ ਹੈ ਤਾਂ ਸੂਬਾ ਸਰਕਾਰ ਤੋਂ ਸਵਾਲ ਪੁੱਛਿਆ ਜਾ ਸਕਦਾ ਹੈ। ਉਨ੍ਹਾਂ ਨਸ਼ਿਆਂ ਦੀ ਸਮੱਸਿਆ ਨੂੰ ਕੈਂਸਰ ਵਰਗੀ ਬਿਮਾਰੀ ਦੱਸਦਿਆਂ ਕਿਹਾ ਕਿ ਇਸ ਨੂੰ ਖ਼ਤਮ ਕਰਨ ਲਈ ਸਰਕਾਰ ਵੱਲੋਂ ਕਈ ਕਦਮ ਚੁੱਕੇ ਗਏ ਹਨ।
