ਚੰਡੀਗੜ੍ਹ ਨਗਰ ਨਿਗਮ ਚੋਣਾਂ 23 ਦਸੰਬਰ ਨੂੰ, 26 ਦਸੰਬਰ ਨੂੰ ਹੋਵੇਗੀ ਵੋਟਾਂ ਦੀ ਗਿਣਤੀ

ਚੰਡੀਗੜ੍ਹ (ਨਵਲ ਕਿਸ਼ੋਰ): ਚੰਡੀਗੜ੍ਹ ਨਗਰ ਨਿਗਮ ਦੀਆਂ ਆਮ ਚੋਣਾਂ ਨੂੰ ਲੈ ਕੇ ਸਟੇਟ ਇਲੈਕਸ਼ਨ ਕਮਿਸ਼ਨ ਵੱਲੋਂ ਚੋਣ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਗਿਆ ਹੈ। ਚੰਡੀਗੜ੍ਹ ਵਿੱਚ 23 ਦਸੰਬਰ ਨੂੰ ਵੋਟਾਂ ਪੈਣਗੀਆਂ, ਜਦਕਿ 26 ਦਸੰਬਰ ਨੂੰ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਸਟੇਟ ਇਲੈਕਸ਼ਨ ਕਮਿਸ਼ਨਰ ਵਿਜੇ ਦੇਵ ਨੇ ਸ਼ੁੱਕਰਵਾਰ ਨੂੰ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ।

ਕਮਿਸ਼ਨ ਅਨੁਸਾਰ ਚੋਣ ਪ੍ਰਕਿਰਿਆ 31 ਦਸੰਬਰ ਤੱਕ ਪੂਰੀ ਕਰ ਲਈ ਜਾਵੇਗੀ। ਚੋਣਾਂ ਦੇ ਸ਼ਡਿਊਲ ਦੇ ਐਲਾਨ ਦੇ ਨਾਲ ਹੀ ਚੰਡੀਗੜ੍ਹ ਵਿੱਚ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ।

ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ 26 ਨਵੰਬਰ ਤੋਂ ਸ਼ੁਰੂ ਹੋਵੇਗੀ। ਉਮੀਦਵਾਰ 3 ਦਸੰਬਰ ਤੱਕ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਸਕਣਗੇ। 4 ਦਸੰਬਰ ਨੂੰ ਨਾਮਜ਼ਦਗੀਆਂ ਦੀ ਪੜਤਾਲ ਹੋਵੇਗੀ, ਜਦਕਿ ਉਮੀਦਵਾਰੀ ਵਾਪਸ ਲੈਣ ਦੀ ਆਖਰੀ ਤਰੀਕ 7 ਦਸੰਬਰ ਤੈਅ ਕੀਤੀ ਗਈ ਹੈ।

ਨਗਰ ਨਿਗਮ ਦੇ ਕੁੱਲ 35 ਵਾਰਡਾਂ ਵਿੱਚ ਚੋਣਾਂ ਕਰਵਾਈਆਂ ਜਾਣਗੀਆਂ। ਸ਼ਹਿਰ ਵਿੱਚ ਲਗਭਗ 4,60,209 ਵੋਟਰ ਹਨ, ਜੋ 566 ਪੋਲਿੰਗ ਬੂਥਾਂ ‘ਤੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ।

7 ਵਾਰਡ ਅਨੁਸੂਚਿਤ ਜਾਤੀ ਲਈ ਰਾਖਵੇਂ

ਚੋਣ ਕਮਿਸ਼ਨ ਵੱਲੋਂ ਵਾਰਡਾਂ ਦੀ ਰਾਖਵਾਂਕਰਨ ਪ੍ਰਕਿਰਿਆ ਲਈ ਡਰਾਅ ਆਫ ਲਾਟਸ ਵੀ ਪਹਿਲਾਂ ਹੀ ਕਰਵਾਇਆ ਜਾ ਚੁੱਕਾ ਹੈ। ਇਸ ਤਹਿਤ ਵਾਰਡ ਨੰਬਰ 1, 3, 4, 9, 15, 29 ਅਤੇ 32 ਨੂੰ ਅਨੁਸੂਚਿਤ ਜਾਤੀ (SC) ਦੇ ਉਮੀਦਵਾਰਾਂ ਲਈ ਰਾਖਵਾਂ ਰੱਖਿਆ ਗਿਆ ਹੈ।

ਇਹ ਰਾਖਵਾਂਕਰਨ ਸਾਲ 2011 ਦੀ ਜਨਗਣਨਾ ਦੇ ਅੰਕੜਿਆਂ ਮੁਤਾਬਕ ਸਬੰਧਤ ਵਾਰਡਾਂ ਵਿੱਚ ਅਨੁਸੂਚਿਤ ਜਾਤੀ ਦੀ ਆਬਾਦੀ ਦੇ ਅਨੁਪਾਤ ਨੂੰ ਧਿਆਨ ਵਿੱਚ ਰੱਖ ਕੇ ਕੀਤਾ ਗਿਆ ਹੈ।

ਇਨ੍ਹਾਂ ਸੱਤ ਵਾਰਡਾਂ ਵਿੱਚੋਂ ਤਿੰਨ ਵਾਰਡਾਂ, ਜਿਨ੍ਹਾਂ ਵਿੱਚ ਵਾਰਡ ਨੰਬਰ 3, 29 ਅਤੇ 32 ਸ਼ਾਮਲ ਹਨ, ਨੂੰ ਅਨੁਸੂਚਿਤ ਜਾਤੀ ਦੀਆਂ ਮਹਿਲਾ ਉਮੀਦਵਾਰਾਂ ਲਈ ਰਾਖਵਾਂ ਕੀਤਾ ਗਿਆ ਹੈ।

ਚੋਣਾਂ ਦੀਆਂ ਤਰੀਕਾਂ ਸਾਹਮਣੇ ਆਉਣ ਅਤੇ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਹੁਣ ਸਿਆਸੀ ਪਾਰਟੀਆਂ ਅਤੇ ਸੰਭਾਵੀ ਉਮੀਦਵਾਰਾਂ ਵੱਲੋਂ ਚੋਣ ਤਿਆਰੀਆਂ ਤੇਜ਼ ਕੀਤੇ ਜਾਣ ਦੀ ਸੰਭਾਵਨਾ ਹੈ।

By Rajeev Sharma

Leave a Reply

Your email address will not be published. Required fields are marked *