ਕੱਛ (ਗੁਰਪ੍ਰੀਤ ਸਿੰਘ): ਗੁਜਰਾਤ ਦੇ ਕੱਛ ਜ਼ਿਲ੍ਹੇ ਵਿੱਚ ਇੱਕ ਤੇਜ਼ ਰਫ਼ਤਾਰ ਟਰੱਕ ਦੀ ਕਾਰ ਨਾਲ ਹੋਈ ਭਿਆਨਕ ਟੱਕਰ ਵਿੱਚ ਫੌਜੀ ਜਵਾਨਾਂ ਦੇ ਪਰਿਵਾਰਾਂ ਨਾਲ ਸਬੰਧਤ ਸੱਤ ਜੀਆਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਤਿੰਨ ਬੱਚੇ ਵੀ ਸ਼ਾਮਲ ਹਨ। ਪੁਲਿਸ ਨੇ ਐਤਵਾਰ ਨੂੰ ਇਸ ਹਾਦਸੇ ਦੀ ਜਾਣਕਾਰੀ ਦਿੱਤੀ।
ਇਹ ਹਾਦਸਾ ਸ਼ਨੀਵਾਰ ਰਾਤ ਕਰੀਬ 10 ਵਜੇ ਵਾਪਰਿਆ, ਜਦੋਂ ਪਰਿਵਾਰ ਰਣ ਆਫ ਕੱਛ ਦੀ ਸੈਰ ਕਰਨ ਤੋਂ ਬਾਅਦ ਭੁਜ ਵਾਪਸ ਪਰਤ ਰਹੇ ਸਨ। ਕੱਛ ਪੱਛਮੀ ਪੁਲਿਸ ਕੰਟਰੋਲ ਰੂਮ ਦੇ ਇੱਕ ਅਧਿਕਾਰੀ ਅਨੁਸਾਰ, ਰਾਸ਼ਟਰੀ ਮਾਰਗ ’ਤੇ ਤੇਜ਼ ਰਫ਼ਤਾਰ ਟਰੱਕ ਨੇ ਉਨ੍ਹਾਂ ਦੀ ਕਾਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।
ਟੱਕਰ ਇੰਨੀ ਭਿਆਨਕ ਸੀ ਕਿ ਕਾਰ ਵਿੱਚ ਸਵਾਰ ਸਾਰੇ ਸੱਤ ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਵਿੱਚ ਤਿੰਨ ਮਹੀਨੇ ਦੀ ਬੱਚੀ ਵੀ ਸ਼ਾਮਲ ਸੀ। ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਉਸ ਵਿੱਚ ਫਸੀਆਂ ਲਾਸ਼ਾਂ ਨੂੰ ਬਾਹਰ ਕੱਢਣ ਲਈ ਬਚਾਅ ਟੀਮਾਂ ਨੂੰ ਕਈ ਘੰਟੇ ਲੱਗ ਗਏ।
ਪੁਲਿਸ ਮੁਤਾਬਕ, ਸਾਰੇ ਮ੍ਰਿਤਕ ਉੱਤਰਾਖੰਡ ਦੇ ਗੜ੍ਹਵਾਲ ਇਲਾਕੇ ਦੇ ਰਹਿਣ ਵਾਲੇ ਸਨ ਅਤੇ ਭੁਜ ਵਿੱਚ ਤਾਇਨਾਤ ਫੌਜੀ ਜਵਾਨਾਂ ਦੇ ਪਰਿਵਾਰਕ ਮੈਂਬਰ ਸਨ।
ਮ੍ਰਿਤਕਾਂ ਦੀ ਪਛਾਣ ਸੌਰਭ ਸਿੰਘ ਨੇਗੀ (30), ਉਨ੍ਹਾਂ ਦੀ ਪਤਨੀ ਸਵਿਤਾ (30), ਤਿੰਨ ਮਹੀਨੇ ਦੀ ਧੀ ਸਿਵਿਕਾ, ਰਾਜੇਸ਼ ਸਿੰਘ ਰਾਵਤ (35), ਉਨ੍ਹਾਂ ਦੀ ਸੱਤ ਸਾਲਾ ਧੀ ਰਕਸ਼ਿਤਾ, ਰਿੰਕੀ ਗੋਸਾਈਂ (30) ਅਤੇ ਉਨ੍ਹਾਂ ਦੀ ਚਾਰ ਸਾਲਾ ਧੀ ਵਾਮਿਕਾ ਵਜੋਂ ਹੋਈ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ’ਤੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਜਤਾਈ ਅਤੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। ਪ੍ਰਧਾਨ ਮੰਤਰੀ ਨੇ PMNRF ਵਿੱਚੋਂ ਹਰੇਕ ਮ੍ਰਿਤਕ ਦੇ ਵਾਰਸਾਂ ਨੂੰ 2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ।
