ਗੁਰਪ੍ਰੀਤ ਸਿੰਘ :- ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਅੱਜ ਦੇਸ਼-ਵਿਦੇਸ਼ ਵਿੱਚ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਅੱਜ ਤੜਕੇ ਤੋਂ ਹੀ ਸੰਗਤਾਂ ਗੁਰੂ ਘਰਾਂ ‘ਚ ਨਤਮਸਤਕ ਹੋ ਰਹੀਆਂ ਹਨ ਅਤੇ ਸੰਗਤਾਂ ਵੱਲੋਂ ਗੁਰੂ ਘਰਾਂ ਵਿੱਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਜਾ ਰਹੀ ਹੈ।
ਗੁਰਪੁਰਬ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਗੁਰਦੁਆਰਿਆਂ ਵਿੱਚ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਸੰਗਤਾਂ ਵੱਲੋਂ ਪ੍ਰਭਾਤ ਫੇਰੀਆਂ ਕੱਢੀਆਂ ਗਈਆਂ ਅਤੇ ਕਈ ਥਾਵਾਂ ‘ਤੇ ਨਗਰ ਕੀਰਤਨ ਸਜਾਏ ਗਏ। ਅੱਜ ਗੁਰਪੁਰਬ ਵਾਲੇ ਦਿਨ ਗੁਰਦੁਆਰਾ ਸਾਹਿਬਾਨ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ, ਰਾਗੀ ਸਿੰਘਾਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ ਅਤੇ ਕਥਾ-ਵਿਚਾਰਾਂ ਰਾਹੀਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਸੰਗਤਾਂ ਤੱਕ ਪਹੁੰਚਾਈਆਂ ਜਾਣਗੀਆਂ।
‘ਸਤਿਗੁਰੁ ਨਾਨਕੁ ਪ੍ਰਗਟਿਆ, ਮਿਟੀ ਧੁੰਧੁ ਜਗਿ ਚਾਨਣੁ ਹੋਆ’ — ਭਾਈ ਗੁਰਦਾਸ ਜੀ ਦੀ ਇਹ ਪਾਵਨ ਪੰਕਤੀ ਗੁਰੂ ਸਾਹਿਬ ਦੇ ਆਗਮਨ ਨਾਲ ਮਨੁੱਖਤਾ ਦੇ ਜੀਵਨ ਵਿੱਚ ਆਏ ਅਧਿਆਤਮਿਕ ਚਾਨਣ ਦੀ ਗਵਾਹੀ ਭਰਦੀ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਅਤੇ ਉਪਦੇਸ਼ਾਂ ਰਾਹੀਂ ਸਮੁੱਚੀ ਮਨੁੱਖਤਾ ਨੂੰ ਸੱਚ, ਦਇਆ, ਪਿਆਰ, ਬਰਾਬਰਤਾ ਅਤੇ ਸੇਵਾ ਦਾ ਮਾਰਗ ਦਿਖਾਇਆ। ਉਨ੍ਹਾਂ ਨੇ ਜਾਤ-ਪਾਤ, ਧਾਰਮਿਕ ਵਖਰੇਵਿਆਂ, ਵਹਿਮਾਂ-ਭਰਮਾਂ ਅਤੇ ਸਮਾਜਿਕ ਵਿਤਕਰਿਆਂ ਤੋਂ ਉੱਪਰ ਉੱਠ ਕੇ ਇੱਕ ਅਜਿਹੇ ਸਮਾਜ ਦੀ ਸਿਰਜਣਾ ਦਾ ਸੰਦੇਸ਼ ਦਿੱਤਾ, ਜਿੱਥੇ ਹਰ ਮਨੁੱਖ ਨੂੰ ਬਰਾਬਰ ਦਾ ਸਤਿਕਾਰ ਮਿਲੇ।
ਗੁਰੂ ਸਾਹਿਬ ਦੀਆਂ ਸਿੱਖਿਆਵਾਂ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਅੱਜ ਵੀ ਮਨੁੱਖਤਾ ਲਈ ਪ੍ਰੇਰਨਾ ਦਾ ਸਰੋਤ ਹਨ। ਉਨ੍ਹਾਂ ਦਾ ਸਰਬ-ਸਾਂਝੀਵਾਲਤਾ, ਭਾਈਚਾਰੇ ਅਤੇ ਨਿਸ਼ਕਾਮ ਸੇਵਾ ਦਾ ਸੰਦੇਸ਼ ਸਮੁੱਚੇ ਵਿਸ਼ਵ ਨੂੰ ਸ਼ਾਂਤੀ ਅਤੇ ਸਦਭਾਵਨਾ ਦੇ ਰਾਹ ’ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ। ਇਸ ਪਾਵਨ ਦਿਹਾੜੇ ’ਤੇ ਆਓ, ਅਸੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਅਤੇ ਸਮਾਜ ਵਿੱਚ ਪਿਆਰ, ਸਦਭਾਵਨਾ ਤੇ ਏਕਤਾ ਦਾ ਚਾਨਣ ਫੈਲਾਉਣ ਦਾ ਸੰਕਲਪ ਕਰੀਏ।
ਵਿਸ਼ਵ ਵਾਰਤਾ ਪਰਿਵਾਰ ਵੱਲੋਂ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈਆਂ। ਵਾਹਿਗੁਰੂ ਜੀ ਸਭ ’ਤੇ ਆਪਣੀ ਮਿਹਰ ਬਣਾਈ ਰੱਖਣ।
