ਕਰਤਾਰਪੁਰ ਸਾਹਿਬ (ਗੁਰਪ੍ਰੀਤ ਸਿੰਘ): ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਦੌਰਾਨ ਸਵਿਟਜ਼ਰਲੈਂਡ ਦੇ ਪਹਿਲੇ ਸਿੱਖ ਭਾਈ ਰਣਜੀਤ ਸਿੰਘ ਮਸਤੂਤਾ ਜੀ ਨੂੰ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਨਿਭਾਈਆਂ ਜਾ ਰਹੀਆਂ ਧਾਰਮਿਕ, ਸਮਾਜਿਕ ਅਤੇ ਪੰਥਕ ਸੇਵਾਵਾਂ ਲਈ ‘ਫ਼ਖ਼ਰ-ਏ-ਕੌਮ’ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਸਿੱਖ ਪੰਥ ਪ੍ਰਤੀ ਉਨ੍ਹਾਂ ਦੇ ਸਮਰਪਣ ਅਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨੂੰ ਅੱਗੇ ਵਧਾਉਣ ਵਿੱਚ ਪਾਏ ਯੋਗਦਾਨ ਦੀ ਮਾਨਤਾ ਵਜੋਂ ਦਿੱਤਾ ਗਿਆ।
ਇਹ ਐਵਾਰਡ ਸ. ਰਮੇਸ਼ ਸਿੰਘ ਅਰੋੜਾ ਵੱਲੋਂ ਪ੍ਰਦਾਨ ਕੀਤਾ ਗਿਆ, ਜੋ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਪੰਜਾਬ ਦੇ ਘੱਟ ਗਿਣਤੀ ਮਾਮਲਿਆਂ ਦੇ ਮੰਤਰੀ ਹਨ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਜੀ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।
ਭਾਈ ਰਣਜੀਤ ਸਿੰਘ ਮਸਤੂਤਾ ਜੀ ਨੇ ਕਰਤਾਰਪੁਰ ਸਾਹਿਬ ਦੀ ਪਾਵਨ ਧਰਤੀ ਦੀ ਸੇਵਾ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਇਸ ਦੇ ਨਾਲ ਹੀ ਸਵਿਟਜ਼ਰਲੈਂਡ ਵਿੱਚ ਗੁਰਦੁਆਰਾ ਸਾਹਿਬ ਦੀ ਸਥਾਪਨਾ ਅਤੇ ਉਸਾਰੀ ਲਈ ਉਨ੍ਹਾਂ ਦੇ ਯਤਨਾਂ ਅਤੇ ਯੂਨਾਈਟਿਡ ਕਿੰਗਡਮ ਵਿੱਚ ਨਿਭਾਈਆਂ ਪੰਥਕ ਸੇਵਾਵਾਂ ਨੂੰ ਵੀ ਵਿਸ਼ੇਸ਼ ਤੌਰ ’ਤੇ ਮਾਨਤਾ ਦਿੱਤੀ ਗਈ।
ਵਿਦੇਸ਼ਾਂ ਵਿੱਚ ਸਿੱਖ ਧਰਮ ਦੀਆਂ ਪਰੰਪਰਾਵਾਂ, ਗੁਰਮਤਿ ਵਿਚਾਰਧਾਰਾ ਅਤੇ ਗੁਰਦੁਆਰਾ ਸਾਹਿਬਾਨ ਨਾਲ ਸੰਗਤ ਨੂੰ ਜੋੜਨ ਲਈ ਕੀਤੀਆਂ ਜਾਂਦੀਆਂ ਸੇਵਾਵਾਂ ਸਿੱਖ ਭਾਈਚਾਰੇ ਲਈ ਮਹੱਤਵਪੂਰਨ ਹਨ। ਭਾਈ ਰਣਜੀਤ ਸਿੰਘ ਮਸਤੂਤਾ ਜੀ ਦਾ ਯੋਗਦਾਨ ਵੀ ਇਸ ਦਿਸ਼ਾ ਵਿੱਚ ਕੀਤੇ ਜਾ ਰਹੇ ਯਤਨਾਂ ਦੀ ਇੱਕ ਮਿਸਾਲ ਹੈ।
‘ਫ਼ਖ਼ਰ-ਏ-ਕੌਮ’ ਐਵਾਰਡ ਮਿਲਣ ’ਤੇ ਸਿੱਖ ਸੰਗਤ ਅਤੇ ਵੱਖ-ਵੱਖ ਸੰਸਥਾਵਾਂ ਵੱਲੋਂ ਉਨ੍ਹਾਂ ਨੂੰ ਵਧਾਈ ਦਿੱਤੀ ਜਾ ਰਹੀ ਹੈ। ਇਹ ਸਨਮਾਨ ਉਨ੍ਹਾਂ ਦੀਆਂ ਪੰਥਕ ਸੇਵਾਵਾਂ ਅਤੇ ਗੁਰੂ ਘਰ ਪ੍ਰਤੀ ਸਮਰਪਣ ਲਈ ਇੱਕ ਮਹੱਤਵਪੂਰਨ ਮਾਨਤਾ ਹੈ।
National Times Media ਵੱਲੋਂ ਭਾਈ ਰਣਜੀਤ ਸਿੰਘ ਮਸਤੂਤਾ ਜੀ ਨੂੰ ਇਸ ਮਾਣਮੱਤੇ ਸਨਮਾਨ ਲਈ ਹਾਰਦਿਕ ਵਧਾਈ ਦਿੱਤੀ ।
