ਚੰਡੀਗੜ੍ਹ / ਵਾਰਾਣਸੀ 29 ਨਵੰਬਰ (ਗੁਰਪ੍ਰੀਤ ਸਿੰਘ) : ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਭਗਵੰਤ ਮਾਨ ਸਰਕਾਰ ਦਾ ਇੱਕ ਉੱਚ-ਪੱਧਰੀ ਵਫ਼ਦ, ਜਿਸ ਦੀ ਅਗਵਾਈ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਡਾ. ਰਵਜੋਤ ਸਿੰਘ ਅਤੇ ਹਰਭਜਨ ਸਿੰਘ ਈਟੀਓ ਕਰ ਰਹੇ ਹਨ, ਹੋਰ ਮੰਤਰੀਆਂ, ਸੰਸਦ ਮੈਂਬਰਾਂ ,ਵਿਧਾਇਕਾਂ, ਧਾਰਮਿਕ ਆਗੂਆਂ ਅਤੇ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਸਮੇਤ ਵਾਰਾਣਸੀ ਪਹੁੰਚਿਆ। ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 30 ਨਵੰਬਰ ਨੂੰ ਸੀਰ ਗੋਵਰਧਨਪੁਰ, ਵਾਰਾਣਸੀ ਤੋਂ ਲਗਭਗ 1,232 ਕਿਲੋਮੀਟਰ ਦਾ ਸਫ਼ਰ ਤੈਅ ਕਰਨ ਵਾਲੀ ਹੁਣ ਤੱਕ ਦੀ ਸਭ ਤੋਂ ਲੰਬੀ ਇਤਿਹਾਸਕ ਸ਼ੋਭਾ ਯਾਤਰਾ ਨੂੰ ਰਵਾਨਾ ਕੀਤਾ ਜਾਵੇਗਾ। ਇਹ ਚਾਰ ਰੋਜ਼ਾ ਧਾਰਮਿਕ ਯਾਤਰਾ ਵੱਖ-ਵੱਖ ਸੂਬਿਆਂ ਵਿੱਚੋਂ ਹੁੰਦੀ ਹੋਈ 3 ਦਸੰਬਰ, 2026 ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸੰਪੂਰਨ ਹੋਵੇਗੀ।
ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਿਸ਼ੇਸ਼ ਪਹਿਲਕਦਮੀ ਤਹਿਤ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਪੂਰੇ ਪੰਜਾਬ ਵਿੱਚ ਵੱਡੇ ਪੱਧਰ ‘ਤੇ ਮਨਾਇਆ ਜਾ ਰਿਹਾ ਹੈ। ਸੂਬੇ ਦੀਆਂ ਵੱਖ-ਵੱਖ ਦਿਸ਼ਾਵਾਂ ਤੋਂ ਚਾਰ ਵੱਡੀਆਂ ਸ਼ੋਭਾ ਯਾਤਰਾਵਾਂ ਸ਼ੁਰੂ ਹੋ ਕੇ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸੰਪੂਰਨ ਹੋਣਗੀਆਂ। ਇਨ੍ਹਾਂ ਵਿੱਚੋਂ ਇੱਕ ਸ਼ੋਭਾ ਯਾਤਰਾ ਭਲਕੇ 30 ਨਵੰਬਰ ਨੂੰ ਕਾਸ਼ੀ ਦੀ ਪਵਿੱਤਰ ਧਰਤੀ ਸੀਰ ਗੋਵਰਧਨਪੁਰ, ਵਾਰਾਣਸੀ ਤੋਂ ਸ਼ੁਰੂ ਹੋਵੇਗੀ, ਜਿਸ ਲਈ ਕੈਬਨਿਟ ਮੰਤਰੀ, ਸੰਸਦ ਮੈਂਬਰ, ਪਾਰਟੀ ਆਗੂ ਅਤੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਇਸ ਪਵਿੱਤਰ ਨਗਰੀ ਵਿਖੇ ਪਹੁੰਚੇ ਹਨ।”
ਪੰਜਾਬ ਦੇ ਲੋਕਾਂ ਨੂੰ ਇਨ੍ਹਾਂ ਸ਼ੋਭਾ ਯਾਤਰਾਵਾਂ ਦਾ ਅਨਿੱਖੜਵਾਂ ਅੰਗ ਬਣਨ ਦੀ ਅਪੀਲ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ, “ਮੈਂ ਸਾਰਿਆਂ ਨੂੰ ਬੇਨਤੀ ਕਰਦਾ ਹਾਂ ਕਿ ਉਹ ਪੂਰੇ ਦਿਲੋਂ ਸ਼ਮੂਲੀਅਤ ਕਰਨ ਅਤੇ ਗੁਰੂ ਸਾਹਿਬ ਦਾ ਪ੍ਰਕਾਸ਼ ਪੁਰਬ ਬੇਹੱਦ ਖੁਸ਼ੀ, ਉਤਸ਼ਾਹ ਅਤੇ ਧਾਰਮਿਕ ਸ਼ਰਧਾ ਨਾਲ ਮਨਾਉਣ। ਸੰਤ ਸਮਾਜ ਵੱਲੋਂ ਇਸ ਇਤਿਹਾਸਕ ਉਪਰਾਲੇ ਨੂੰ ਪੂਰਨ ਸਹਿਯੋਗ ਅਤੇ ਅਗਵਾਈ ਦਿੱਤੀ ਜਾ ਰਹੀ ਹੈ, ਜਦਕਿ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਰਧਾ, ਸਤਿਕਾਰ ਅਤੇ ਸਮੂਹਿਕ ਸ਼ਮੂਲੀਅਤ ਨਾਲ ਮਨਾਇਆ ਜਾਵੇ।”
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ, “ਪੂਰੀ ਦੁਨੀਆ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਮਨਾਉਣਾ ਸਮੁੱਚੇ ਭਾਈਚਾਰੇ ਲਈ ਬੇਹੱਦ ਸੁਭਾਗਾ ਪਲ ਹੈ। ਅਸੀਂ ਇਨ੍ਹਾਂ ਯਾਦਗਾਰੀ ਸਮਾਗਮਾਂ ਵਿੱਚ ਹਿੱਸਾ ਲੈਣ ਅਤੇ ਗੁਰੂ ਮਹਾਰਾਜ ਨਾਲ ਸਬੰਧਤ ਪਵਿੱਤਰ ਧਰਤੀ ‘ਤੇ ਨਤਮਸਤਕ ਹੋਣ ਲਈ ਵਾਰਾਣਸੀ ਪਹੁੰਚੇ ਹਾਂ।”
ਧੰਨਵਾਦ ਪ੍ਰਗਟ ਕਰਦਿਆਂ ਡਾ. ਰਵਜੋਤ ਸਿੰਘ ਨੇ ਕਿਹਾ, “ਮੈਂ ਇੰਨੇ ਵੱਡੇ ਪੱਧਰ ‘ਤੇ ਸਮਾਗਮ ਕਰਵਾਉਣ ਦੇ ਉਪਰਾਲਿਆਂ ਲਈ ਸੰਗਤ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕਰਦਾ ਹਾਂ। ਇਸ ਇਤਿਹਾਸਕ ਮੌਕੇ ਨੂੰ ਸਮਰਪਿਤ ਪੂਰੇ ਪੰਜਾਬ ਵਿੱਚ ਵਿਸ਼ੇਸ਼ ਧਾਰਮਿਕ ਯਾਤਰਾਵਾਂ ਵੀ ਕੱਢੀਆਂ ਜਾਣਗੀਆਂ। ਮੈਂ ਸਮੁੱਚੀ ਸੰਗਤ ਨੂੰ ਤਹਿ ਦਿਲੋਂ ਵਧਾਈ ਦਿੰਦਾ ਹਾਂ ਅਤੇ ਸਾਰਿਆਂ ਦੀ ਤੰਦਰੁਸਤੀ, ਖੁਸ਼ਹਾਲੀ ਅਤੇ ਨਿਰੰਤਰ ਤਰੱਕੀ ਲਈ ਅਰਦਾਸ ਕਰਦਾ ਹਾਂ।”
ਸ਼ਰਧਾਲੂਆਂ ਨੂੰ ਅਪੀਲ ਕਰਦਿਆਂ ਡਾ. ਰਵਜੋਤ ਸਿੰਘ ਨੇ ਕਿਹਾ, “ਮੈਂ ਸਾਰਿਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਵਿੱਚ ਪੂਰੇ ਉਤਸ਼ਾਹ ਨਾਲ ਸ਼ਾਮਲ ਹੋਣ ਅਤੇ ਗੁਰੂ ਮਹਾਰਾਜ ਦੀਆਂ ਬਖਸ਼ਿਸ਼ਾਂ ਪ੍ਰਾਪਤ ਕਰਨ। ਗੁਰੂ ਜੀ ਸਾਰਿਆਂ ਨੂੰ ਹਮੇਸ਼ਾ ਚੜ੍ਹਦੀ ਕਲਾ ਵਿੱਚ ਰੱਖਣ ਅਤੇ ਸਾਰਿਆਂ ‘ਤੇ ਆਪਣਾ ਮਿਹਰ ਭਰਿਆ ਹੱਥ ਬਣਾਈ ਰੱਖਣ।”
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਪੂਰੇ ਪੰਜਾਬ ਵਿੱਚ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਣ ਦਾ ਸ਼ਲਾਘਾਯੋਗ ਉਪਰਾਲਾ ਕੀਤਾ ਹੈ। ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਸੰਸਦ ਮੈਂਬਰਾਂ ‘ਤੇ ਆਧਾਰਿਤ ਇੱਕ ਉੱਚ-ਪੱਧਰੀ ਵਫ਼ਦ ਸ੍ਰੀ ਗੋਵਰਧਨਪੁਰ, ਵਾਰਾਣਸੀ ਪਹੁੰਚ ਚੁੱਕਾ ਹੈ, ਜਿੱਥੋਂ ਇਹ ਵਿਸ਼ੇਸ਼ ਧਾਰਮਿਕ ਯਾਤਰਾ ਆਰੰਭ ਹੋਵੇਗੀ।”
ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦਿਆਂ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ, “ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸਾਡੇ ਸਾਰਿਆਂ ਲਈ ਇੱਕ ਇਤਿਹਾਸਕ ਅਤੇ ਅਧਿਆਤਮਿਕ ਤੌਰ ‘ਤੇ ਮਹੱਤਵਪੂਰਨ ਮੌਕਾ ਹੈ। ਮੈਂ ਹਰ ਪੰਜਾਬੀ ਨੂੰ ਅਪੀਲ ਕਰਦਾ ਹਾਂ ਕਿ ਉਹ ਇਨ੍ਹਾਂ ਸਮਾਗਮਾਂ ਵਿੱਚ ਪੂਰੇ ਉਤਸ਼ਾਹ, ਸ਼ਰਧਾ ਅਤੇ ਸਤਿਕਾਰ ਨਾਲ ਸ਼ਾਮਲ ਹੋਣ ਅਤੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰਨ।”
ਉਨ੍ਹਾਂ ਅੱਗੇ ਕਿਹਾ, “ਭਗਵੰਤ ਮਾਨ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਦੀਵੀ ਸਿੱਖਿਆਵਾਂ ਅਤੇ ਸੰਦੇਸ਼ ਦਾ ਪ੍ਰਚਾਰ ਕਰਦਿਆਂ, ਇਸ ਇਤਿਹਾਸਕ ਦਿਹਾੜੇ ਨੂੰ ਸਮੂਹਿਕ ਸ਼ਮੂਲੀਅਤ, ਧਾਰਮਿਕ ਸ਼ਰਧਾ ਅਤੇ ਏਕਤਾ ਦੀ ਭਾਵਨਾ ਨਾਲ ਮਨਾਉਣ ਲਈ ਵਚਨਬੱਧ ਹੈ।”
ਇਤਿਹਾਸਕ 1,232 ਕਿਲੋਮੀਟਰ ਸ਼ੋਭਾ ਯਾਤਰਾ ਕਈ ਸੂਬਿਆਂ ਵਿੱਚੋਂ ਲੰਘੇਗੀ
ਹੁਣ ਤੱਕ ਦੀ ਸਭ ਤੋਂ ਲੰਬੀ ਇਤਿਹਾਸਕ ਸ਼ੋਭਾ ਯਾਤਰਾ ਚਾਰ ਦਿਨਾਂ ਵਿੱਚ ਲਗਭਗ 1,232 ਕਿਲੋਮੀਟਰ ਦਾ ਸਫ਼ਰ ਤੈਅ ਕਰੇਗੀ, ਜੋ ਕਿ ਰੂਟ-1 ਰਾਹੀਂ ਕਈ ਸੂਬਿਆਂ ਅਤੇ ਪ੍ਰਮੁੱਖ ਅਧਿਆਤਮਿਕ ਤੇ ਸ਼ਹਿਰੀ ਕੇਂਦਰਾਂ ਵਿੱਚੋਂ ਲੰਘੇਗੀ। ਇਸ ਯਾਤਰਾ ਦੇ ਕਾਨਪੁਰ, ਗ੍ਰੇਟਰ ਨੋਇਡਾ ਅਤੇ ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਤਿੰਨ ਰਾਤ ਦੇ ਠਹਿਰਾਅ ਨਿਰਧਾਰਤ ਕੀਤੇ ਗਏ ਹਨ।
ਇਤਿਹਾਸਕ ਸ਼ੋਭਾ ਯਾਤਰਾ ਦੇ ਚਾਰ ਪੜਾਅ ਹੇਠ ਲਿਖੇ ਰੂਟਾਂ ਨੂੰ ਕਵਰ ਕਰਨਗੇ:
ਪਹਿਲਾ ਪੜਾਅ: ਸੀਰ ਗੋਵਰਧਨਪੁਰ, ਵਾਰਾਣਸੀ ਤੋਂ ਕਾਨਪੁਰ ਇਹ ਯਾਤਰਾ ਸੀਰ ਗੋਵਰਧਨਪੁਰ, ਵਾਰਾਣਸੀ ਤੋਂ ਆਰੰਭ ਹੋ ਕੇ ਕਾਨਪੁਰ ਵੱਲ ਵਧੇਗੀ ਅਤੇ ਪਹਿਲੇ ਦਿਨ ਲਗਭਗ 350 ਕਿਲੋਮੀਟਰ ਦਾ ਸਫ਼ਰ ਤੈਅ ਕਰੇਗੀ।
ਦੂਜਾ ਪੜਾਅ: ਕਾਨਪੁਰ ਤੋਂ ਗ੍ਰੇਟਰ ਨੋਇਡਾ ਦੂਜਾ ਪੜਾਅ ਕਾਨਪੁਰ ਤੋਂ ਸ਼ੁਰੂ ਹੋ ਕੇ ਆਗਰਾ ਰਸਤੇ ਗ੍ਰੇਟਰ ਨੋਇਡਾ ਪਹੁੰਚੇਗਾ, ਜਿਸ ਦੌਰਾਨ ਲਗਭਗ 500 ਕਿਲੋਮੀਟਰ ਦਾ ਸਫ਼ਰ ਤੈਅ ਕੀਤਾ ਜਾਵੇਗਾ।
ਤੀਜਾ ਪੜਾਅ: ਗ੍ਰੇਟਰ ਨੋਇਡਾ ਤੋਂ ਐਸਏਐਸ ਨਗਰ (ਮੋਹਾਲੀ) ਤੀਜਾ ਪੜਾਅ ਗ੍ਰੇਟਰ ਨੋਇਡਾ ਤੋਂ ਐਸ.ਏ.ਐਸ. ਨਗਰ (ਮੋਹਾਲੀ) ਤੱਕ ਲਗਭਗ 281 ਕਿਲੋਮੀਟਰ ਦਾ ਸਫ਼ਰ ਤੈਅ ਕਰੇਗਾ, ਜੋ ਹਰਿਆਣਾ ਦੇ ਸੋਨੀਪਤ, ਪਾਣੀਪਤ, ਕਰਨਾਲ, ਕੁਰੂਕਸ਼ੇਤਰ ਅਤੇ ਅੰਬਾਲਾ ਵਿੱਚੋਂ ਹੋ ਕੇ ਲੰਘੇਗਾ।
ਚੌਥਾ ਪੜਾਅ: ਐਸ.ਏ.ਐਸ. ਨਗਰ (ਮੋਹਾਲੀ) ਤੋਂ ਸ੍ਰੀ ਖੁਰਾਲਗੜ੍ਹ ਸਾਹਿਬ ਆਖਰੀ ਪੜਾਅ ਖਰੜ, ਰੂਪਨਗਰ (ਰੋਪੜ), ਸ੍ਰੀ ਅਨੰਦਪੁਰ ਸਾਹਿਬ ਅਤੇ ਝੱਜ ਚੌਕ ਤੋਂ ਹੁੰਦਾ ਹੋਇਆ ਲਗਭਗ 101 ਕਿਲੋਮੀਟਰ ਦਾ ਸਫ਼ਰ ਤੈਅ ਕਰਕੇ 3 ਦਸੰਬਰ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਪਹੁੰਚੇਗਾ।
ਯਾਤਰਾ ਦੇ ਸੁਚਾਰੂ ਸੰਚਾਲਨ ਅਤੇ ਸੰਗਤ ਦੇ ਸਵਾਗਤ ਲਈ ਰੂਟ ‘ਤੇ ਪੈਂਦੇ ਜ਼ਿਲ੍ਹਾ ਪ੍ਰਸ਼ਾਸਨਾਂ ਵੱਲੋਂ ਟ੍ਰੈਫਿਕ ਪ੍ਰਬੰਧਨ, ਸਾਫ਼-ਸਫ਼ਾਈ, ਡਾਕਟਰੀ ਸਹਾਇਤਾ ਅਤੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ।
ਪੰਜਾਬ ਸਰਕਾਰ ਅਤੇ ਧਾਰਮਿਕ ਆਗੂਆਂ ਨੇ ਦੇਸ਼ ਭਰ ਦੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਇਤਿਹਾਸਕ ਸ਼ੋਭਾ ਯਾਤਰਾ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋ ਕੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਅਧਿਆਤਮਿਕ ਅਤੇ ਸਮਾਜਿਕ ਵਿਰਾਸਤ ਨੂੰ ਸਮੂਹਿਕ ਸ਼ਰਧਾ ਭੇਟ ਕਰਨ। ਇਸ ਵਿਸ਼ਾਲ ਧਾਰਮਿਕ ਯਾਤਰਾ ਦਾ ਉਦੇਸ਼ ਗੁਰੂ ਜੀ ਮਹਾਰਾਜ ਦੇ ਬਰਾਬਰੀ, ਦਇਆ, ਵਿਸ਼ਵ-ਵਿਆਪੀ ਭਾਈਚਾਰੇ ਅਤੇ ਮਨੁੱਖੀ ਸਵੈ-ਮਾਣ ਦੇ ਸਦੀਵੀ ਸੰਦੇਸ਼ ਨੂੰ ਘਰ-ਘਰ ਪਹੁੰਚਾਉਣਾ ਹੈ।
