ਬਟਾਲਾ/ਸ੍ਰੀ ਹਰਗੋਬਿੰਦਪੁਰ ਸਾਹਿਬ : ਡੇਢ ਮਹੀਨਾ ਪਹਿਲਾਂ ਵਿਆਹੇ ਨੌਜਵਾਨ ਨੂੰ ਬੀਤੀ ਦੇਰ ਰਾਤ ਇਕ ਤੇਜ਼ ਰਫਤਾਰ ਟਿੱਪਰ ਨੇ ਟੱਕਰ ਮਾਰ ਦਿੱਤੀ, ਜਿਸ ਦੀ ਮੌਤ ਹੋ ਗਈ ਹੈ। ਇਸ ਸਬੰਧੀ ਥਾਣਾ ਸ੍ਰੀ ਹਰਗੋਬਿੰਦਪੁਰ ਦੇ ਐੱਸ. ਆਈ. ਰਣਜੀਤ ਸਿੰਘ ਨੇ ਦੱਸਿਆ ਕਿ ਜਸਪਾਲ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਵਰਸਾਲਚੱਕ, ਜੋ ਕਿ ਸ੍ਰੀ ਹਰਗੋਬਿੰਦਪੁਰ ਵਿਖੇ ਹੇਅਰ ਡਰੈੱਸਰ ਦੀ ਦੁਕਾਨ ਚਲਾਉਂਦਾ ਸੀ, ਦਾ ਡੇਢ ਮਹੀਨਾ ਪਹਿਲਾਂ ਹੀ ਵਿਆਹ ਹੋਇਆ ਸੀ ਅਤੇ ਬੀਤੀ ਰਾਤ ਜਦੋਂ ਇਹ ਦੁਕਾਨ ਬੰਦ ਕਰ ਕੇ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਘਰ ਨੂੰ ਜਾ ਰਿਹਾ ਸੀ।
ਇਸ ਦੌਰਾਨ ਲਾਈਟਾਂ ਵਾਲੇ ਚੌਕ ਨੇੜੇ ਗੁਰਦਾਸਪੁਰ ਰੋਡ ’ਤੇ ਇਕ ਤੇਜ਼ ਰਫਤਾਰ ਟਿੱਪਰ ਨੇ ਇਸ ਨੂੰ ਆਪਣੀ ਲਪੇਟ ਵਿਚ ਲੈ ਲਿਆ, ਜਿਸ ਨਾਲ ਇਸ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਟਿੱਪਰ ਚਾਲਕ ਟਿੱਪਰ ਸਮੇਤ ਮੌਕੇ ਤੋਂ ਫਰਾਰ ਹੋ ਗਿਆ। ਉਕਤ ਪੁਲਸ ਅਧਿਕਾਰੀ ਨੇ ਅੱਗੇ ਦੱਸਿਆ ਕਿ ਇਸ ਸਬੰਧੀ ਥਾਣਾ ਸ੍ਰੀ ਹਰਗੋਬਿੰਦਪੁਰ ਵਿਖੇ ਮ੍ਰਿਤਕ ਦੇ ਪਿਤਾ ਅਵਤਾਰ ਸਿੰਘ ਦੇ ਬਿਆਨਾਂ ’ਤੇ ਬਣਦੀਆਂ ਧਾਰਾਵਾਂ ਹੇਠ ਅਣਪਛਾਤੇ ਟਿੱਪਰ ਚਾਲਕ ਵਿਰੁੱਧ ਕਾਰਵਾਈ ਕਰ ਦਿੱਤੀ ਗਈ ਹੈ।
