ਫਰੀਦਕੋਟ : ਜ਼ਿਲ੍ਹਾ ਫਰੀਦਕੋਟ ਦੇ ਪਿੰਡ ਕਿਲ੍ਹਾ ਨੌ ਨਾਲ ਸੰਬੰਧਤ ਇਕ ਨੌਜਵਾਨ ਦੀ ਕੈਨੇਡਾ ਵਿਚ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਹਿਚਾਣ ਰਾਜਵਿੰਦਰ ਸਿੰਘ ਉਰਫ ਰਾਜੂ (ਕਰੀਬ 28 ਸਾਲ) ਵਜੋਂ ਹੋਈ ਹੈ, ਜੋ ਕਰੀਬ ਤਿੰਨ ਸਾਲ ਪਹਿਲਾਂ ਸਪਾਉਸ ਵੀਜ਼ੇ ’ਤੇ ਆਪਣੀ ਪਤਨੀ ਕੋਲ ਕੈਨੇਡਾ ਗਿਆ ਸੀ ਅਤੇ ਉੱਥੇ ਬ੍ਰੈਂਪਟਨ ਸ਼ਹਿਰ ਵਿਚ ਰਹਿ ਕੇ ਕੰਮ ਕਰ ਰਿਹਾ ਸੀ। ਜਾਣਕਾਰੀ ਅਨੁਸਾਰ ਬੀਤੀ ਰਾਤ ਰਾਜਵਿੰਦਰ ਸਿੰਘ ਦੀ ਅਚਾਨਕ ਤਬੀਅਤ ਵਿਗੜ ਗਈ, ਜਿਸ ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮੁੱਢਲੀ ਜਾਣਕਾਰੀ ਮੁਤਾਬਕ ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ।
ਨੌਜਵਾਨ ਦੀ ਅਚਾਨਕ ਮੌਤ ਦੀ ਖ਼ਬਰ ਮਿਲਦੇ ਹੀ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ, ਜਦਕਿ ਪਿੰਡ ਕਿਲ੍ਹਾ ਨੌ ਵਿਚ ਵੀ ਸੋਗ ਦੀ ਲਹਿਰ ਫੈਲ ਗਈ। ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਉਹ ਘਰ ਦੀਆਂ ਆਰਥਿਕ ਕਮਜ਼ੋਰੀਆਂ ਦੂਰ ਕਰਨ ਲਈ ਵਿਦੇਸ਼ ਗਿਆ ਸੀ ਅਤੇ ਉੱਥੇ ਆਪਣੀ ਮਿਹਨਤ ਨਾਲ ਕੰਮ ਵੀ ਚੰਗੀ ਤਰ੍ਹਾਂ ਸੈੱਟ ਕਰ ਲਿਆ ਸੀ। ਪਰਿਵਾਰ ਵੱਲੋਂ ਹੁਣ ਮ੍ਰਿਤਕ ਦੇਹ ਨੂੰ ਪੰਜਾਬ ਲਿਆਉਣ ਲਈ ਸਰਕਾਰੀ ਅਤੇ ਸਮਾਜਿਕ ਸੰਸਥਾਵਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਇਸ ਮੌਕੇ ਇਲਾਕੇ ਦੇ ਲੋਕਾਂ ਅਤੇ ਰਿਸ਼ਤੇਦਾਰਾਂ ਵੱਲੋਂ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।
